ਲੁਧਿਆਣਾ(ਪਾਲੀ)-ਲੋਕ ਇਨਸਾਫ ਪਾਰਟੀ ਦੇ ਪ੍ਰਮੁੱਖ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਕਾਂਗਰਸ ਦੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਵਲੋਂ ਦਿੱਤੇ ਗਏ ਅਸਤੀਫੇ ਦਾ ਸਵਾਗਤ ਕਰਦਿਆਂ ਕਿਹਾ ਕਿ ਦੇਰ ਨਾਲ ਹੀ ਸਹੀ, ਰਾਣਾ ਤੋਂ ਅਸਤੀਫਾ ਲੈਣ ਦੇ ਨਾਲ ਸੂਬੇ ਦੇ ਲੋਕਾਂ ਨੂੰ ਇਹ ਪਤਾ ਲੱਗ ਗਿਆ ਹੈ ਕਿ ਕਾਂਗਰਸ ਸਰਕਾਰ ਭ੍ਰਿਸ਼ਟਾਚਾਰਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਰਾਣਾ ਦੇ ਅਸਤੀਫੇ ਦੇ ਨਾਲ-ਨਾਲ ਰੇਤ ਮਾਫੀਆ ਦੀ ਪੂਰੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਬੈਂਸ ਭਰਾ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਤੋਂ ਬਾਅਦ ਅੱਜ ਆਪਣੇ ਦਫਤਰ ਵਿਖੇ ਪ੍ਰਤੀਕਿਰਿਆ ਜ਼ਾਹਰ ਕਰ ਰਹੇ ਸਨ। ਬੈਂਸ ਭਰਾਵਾਂ ਨੇ ਕਿਹਾ ਕਿ ਇਹ ਤਾਂ ਅਜੇ ਇਕ ਮਾਮਲੇ 'ਚ ਰਾਣਾ ਨੇ ਅਸਤੀਫਾ ਦਿੱਤਾ ਹੈ, ਜਦਕਿ ਕਈ ਹੋਰ ਅਜਿਹੇ ਮਾਮਲੇ ਵੀ ਆਉਣ ਵਾਲੇ ਸਮੇਂ 'ਚ ਉਜਾਗਰ ਹੋਣਗੇ, ਜਿਸ 'ਚ ਰਾਣਾ ਸਮੇਤ ਕਾਂਗਰਸ ਦੇ ਹੋਰ ਮੰਤਰੀ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੋਰ-ਚੋਰ ਮਸੇਰੇ ਭਾਈ ਹੁੰਦੇ ਹਨ, ਉਸੇ ਤਰ੍ਹਾਂ ਕਾਂਗਰਸ ਦੇ ਨਾਲ-ਨਾਲ ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ਵੀ ਬਿਕਰਮਜੀਤ ਸਿੰਘ ਮਜੀਠੀਆ ਸਮੇਤ ਹੋਰਨਾਂ ਮੰਤਰੀਆਂ ਦੇ ਨਾਲ-ਨਾਲ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕੀਤੇ ਕਾਰਜਾਂ ਦੀ ਵੀ ਜਾਂਚ ਕੀਤੀ ਜਾਵੇ ਤਾਂ ਅਜਿਹੇ ਕਈ ਮਾਮਲੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਇਹ ਤਾਂ ਭ੍ਰਿਸ਼ਟਾਚਾਰ ਖਿਲਾਫ ਲੜੀ ਜਾਣ ਵਾਲੀ ਲੜਾਈ ਦੀ ਸ਼ੁਰੂਆਤ ਹੈ ਅਤੇ ਜਿਸ ਤਰ੍ਹਾਂ ਕਾਂਗਰਸੀ ਮੰਤਰੀਆਂ ਨੇ ਬਾਹਰਲੇ ਦੇਸ਼ਾਂ 'ਚ ਜਾ ਕੇ ਆਪਣੀ ਪ੍ਰਾਪਰਟੀ ਬਣਾਈ ਹੈ ਅਤੇ ਬੇਹਿਸਾਬ ਪੈਸਾ ਇਕੱਠਾ ਕੀਤਾ ਹੈ ਇਹ ਇਕ ਜਾਂਚ ਦਾ ਵਿਸ਼ਾ ਹੈ ਅਤੇ ਆਉਣ ਵਾਲੇ ਸਮੇਂ 'ਚ ਜੇਕਰ ਇਸ ਮਾਮਲੇ ਦੀ ਪੂਰੀ ਜਾਂਚ ਨਹੀਂ ਕਰਵਾਈ ਜਾਂਦੀ ਤਾਂ ਉਹ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਜਾਣਗੇ ਤੇ ਸਾਰੇ ਮਾਮਲਿਆਂ ਦੀ ਪੂਰੀ ਜਾਂਚ ਕਰਨਗੇ।
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
NEXT STORY