ਮੋਗਾ (ਕਸ਼ਿਸ਼): ਮੋਗਾ ਸ਼ਹਿਰ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਬੇਖੌਫ਼ ਲੁਟੇਰੇ ਹੁਣ ਘਰਾਂ ਦੇ ਬਾਹਰ ਬੈਠੀਆਂ ਬਜ਼ੁਰਗ ਮਹਿਲਾਵਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਉਣ ਤੋਂ ਗੁਰੇਜ਼ ਨਹੀਂ ਕਰ ਰਹੇ। ਤਾਜ਼ਾ ਮਾਮਲਾ ਮੋਗਾ ਦੇ ਗੁਰੂ ਅਰਜਨ ਦੇਵ ਨਗਰ ਤੋਂ ਸਾਹਮਣੇ ਆਇਆ ਹੈ, ਜਿੱਥੇ ਘਰ ਦੇ ਬਾਹਰ ਬੈਠੀ 82 ਸਾਲਾ ਬਜ਼ੁਰਗ ਮਹਿਲਾ ਦੇ ਕੰਨਾਂ ਵਿਚੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਵਾਲੀਆਂ ਝਪਟ ਕੇ ਫਰਾਰ ਹੋ ਗਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਤੇਜ਼ ਰਫ਼ਤਾਰ ਨਾਲ ਫਰਾਰ ਹੋ ਗਏ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ।
ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਹੈ। ਸੀ.ਸੀ.ਟੀ.ਵੀ. ਕੈਮਰਿਆਂ ਦੀ ਮੌਜੂਦਗੀ ਦੇ ਬਾਵਜੂਦ ਲੁਟੇਰਿਆਂ ਵੱਲੋਂ ਬੇਖੌਫ਼ ਹੋ ਕੇ ਵਾਰਦਾਤ ਨੂੰ ਅੰਜਾਮ ਦੇਣਾ ਸ਼ਹਿਰ ਦੀ ਸੁਰੱਖਿਆ ਵਿਵਸਥਾ 'ਤੇ ਵੀ ਸਵਾਲ ਖੜ੍ਹੇ ਕਰਦਾ ਹੈ। ਹਾਲਾਂਕਿ, ਪੁਲਸ ਨੇ ਮਾਮਲੇ ਵਿਚ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਕ ਮੁਲਜ਼ਮ ਗ੍ਰਿਫ਼ਤਾਰ, ਝਪਟੀ ਹੋਈ ਵਾਲੀ ਬਰਾਮਦ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 4 ਨਵੰਬਰ ਨੂੰ ਗੁਰੂ ਅਰਜਨ ਦੇਵ ਨਗਰ ਵਿਚ 82 ਸਾਲਾ ਹਰਜੀਤ ਕੌਰ ਆਪਣੇ ਘਰ ਦੇ ਬਾਹਰ ਬੈਠੀ ਹੋਈ ਸੀ। ਇਸ ਦੌਰਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਦੋ ਅਣਪਛਾਤੇ ਨੌਜਵਾਨ ਉੱਥੇ ਪਹੁੰਚੇ ਅਤੇ ਬਜ਼ੁਰਗ ਮਹਿਲਾ ਦੇ ਕੰਨਾਂ ਵਿੱਚੋਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ।
ਡੀਐੱਸਪੀ ਨੇ ਦੱਸਿਆ ਕਿ ਪੁਲਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿੱਚ ਪਰਮਿੰਦਰ ਸਿੰਘ ਨਾਮਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਬਜ਼ੁਰਗ ਮਹਿਲਾ ਤੋਂ ਝਪਟੀ ਗਈ ਇਕ ਵਾਲੀ ਵੀ ਬਰਾਮਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਵਾਰਦਾਤ ਵਿਚ ਸ਼ਾਮਲ ਦੂਜੇ ਮੁਲਜ਼ਮ ਦੀ ਪਛਾਣ ਇੰਦਰਜੀਤ ਸਿੰਘ ਵਜੋਂ ਹੋਈ ਹੈ, ਜਿਸ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਅਦਾਲਤ ਵਿਚ ਪੇਸ਼ ਕਰਕੇ ਲਿਆ ਜਾਵੇਗਾ ਪੁਲਸ ਰਿਮਾਂਡ
ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਉਸ ਕੋਲੋਂ ਵਾਰਦਾਤ ਸਬੰਧੀ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਕਿ ਮੁਲਜ਼ਮਾਂ ਵੱਲੋਂ ਇਸ ਤੋਂ ਪਹਿਲਾਂ ਕਿਸੇ ਹੋਰ ਵਾਰਦਾਤ ਨੂੰ ਵੀ ਅੰਜਾਮ ਦਿੱਤਾ ਗਿਆ ਹੈ ਜਾਂ ਨਹੀਂ।
ਉੱਧਰ, ਇਸ ਵਾਰਦਾਤ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਵਿਚ ਮਹਿਲਾਵਾਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਇਲਾਕਾ ਨਿਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪੁਲਸ ਗਸ਼ਤ ਵਧਾਈ ਜਾਵੇ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਪਰਵਿੰਦਰ ਸਿੰਘ ਝੋਟਾ ਦੇ ਸਸਕਾਰ ਬਾਰੇ ਵੱਡੀ ਖ਼ਬਰ, ਇਸ ਜਗ੍ਹਾ ਕੀਤਾ ਜਾਵੇਗਾ ਸਸਕਾਰ, ਤਿਆਰੀਆਂ ਸ਼ੁਰੂ
NEXT STORY