ਅੰਮ੍ਰਿਤਸਰ (ਬਿਊਰੋ) : ਸ਼ਿਵ ਸੈਨਾ ਦੇ ਵਰਕਰ ਰਮੀਸ਼ ਕੁਮਾਰ ਖਿਲਾਫ਼ ਸੋਸ਼ਲ ਮੀਡੀਆ 'ਤੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਤਸਵੀਰਾਂ ਨਾਲ ਛੇੜਖਾਨੀ ਕਰਦਿਆਂ ਭੱਦੀ ਸ਼ਬਦਾਵਲੀ ਵਰਤਣ 'ਤੇ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜੱਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈਸ ਬਿਆਨ 'ਚ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਰਥਿਕ ਅਸਮਾਨਤਾ, ਲੁੱਟ-ਖਸੁੱਟ, ਖੋਹਾ-ਖਿੰਝੀ ਨੂੰ ਦੇਖਦਿਆਂ ਨਾਮ ਜੱਪੋ, ਕਿਰਤ ਕਰੋ ਅਤੇ ਵੰਡ ਛਕੋ ਦੇ ਬੁਨਿਆਦੀ ਸਿਧਾਂਤਾਂ ਦਾ ਪ੍ਰਚਾਰ ਕੀਤਾ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੇ ਵਰਕਰ ਵੱਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ।
ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਦੇ ਵਰਕਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਜਾਣਕਾਰੀ ਦੀ ਅਣਹੋਂਦ ਕਰਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਜਥੇਬੰਦੀ ਹੈ ਅਤੇ ਸਿੱਖ ਗੁਰੂ ਸਾਹਿਬਾਨ ਬਾਰੇ ਭੱਦੀ ਸ਼ਬਦਾਵਲੀ ਜਾਂ ਗੁਰੂ ਸਾਹਿਬ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਨ ਦੀ ਕਿਸੇ ਨੂੰ ਵੀ ਹਰਗਿਜ ਇਜਾਜਤ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਿੱਖ ਹਰੇਕ ਧਰਮ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਜੇਕਰ ਕੋਈ ਗਲਤ ਹਰਕਤ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਜ਼ਰੂਰੀ ਹੈ।
ਪੰਜਾਬ ਨੂੰ ਮਿਲੀ ਇਕ ਹੋਰ ਸਿਆਸੀ ਪਾਰਟੀ!
NEXT STORY