ਅੰਮ੍ਰਿਤਸਰ (ਸੰਧੂ) : ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐੱਸ. ਪੀ. ਸਿੰਘ ਓਬਰਾਏ ਦੇ ਵੱਡੇ ਯਤਨਾਂ ਸਦਕਾ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਧਾਰੀਵਾਲ ਬੇਟ ਨਾਲ ਸਬੰਧਤ 45 ਸਾਲਾ ਸੁਖਵਿੰਦਰ ਸਿੰਘ ਪੁੱਤਰ ਨਾਜਰ ਸਿੰਘ ਦਾ ਮ੍ਰਿਤਕ ਸਰੀਰ ਅੱਜ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪੁੱਜਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਕਾਫ਼ੀ ਸਾਲ ਪਹਿਲਾਂ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਨੂੰ ਸੁਧਾਰਨ ਦੀ ਕੋਸ਼ਿਸ਼ 'ਚ ਦੁਬਈ ਮਿਹਨਤ ਮਜ਼ਦੂਰੀ ਕਰਨ ਗਿਆ ਸੀ ਕਿ ਅਚਾਨਕ ਬੀਤੀ 21-22 ਸਤੰਬਰ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ ਸੀ।
ਉਨ੍ਹਾਂ ਦੱਸਿਆ ਕਿ ਜਦ ਪਰਿਵਾਰ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦਿਆਂ ਆਪਣੀ ਦੁਬਈ ਵਿਚਲੀ ਟੀਮ ਤੋਂ ਸਾਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਸੁਖਵਿੰਦਰ ਦਾ ਮ੍ਰਿਤਕ ਸਰੀਰ ਲਿਆ ਕੇ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸੰਧੂ ਅਤੇ ਵਿੱਤ ਸਕੱਤਰ ਨਵਜੀਤ ਸਿੰਘ ਘਈ ਦੀ ਮੌਜੂਦਗੀ 'ਚ ਹਵਾਈ ਅੱਡੇ ਤੇ ਪਰਿਵਾਰ ਨੂੰ ਸੌਂਪ ਦਿੱਤਾ ਹੈ।
ਡਾ. ਓਬਰਾਏ ਨੇ ਦੱਸਿਆ ਕਿ ਉਹ ਹੁਣ ਤੱਕ 211 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਆਪਣੇ ਸੰਕਲਪ ਤੇ ਪਹਿਰਾ ਦਿੰਦਿਆਂ ਹਰ ਧਰਮ, ਨਸਲ ਤੇ ਜਾਤ ਤੋਂ ਇਲਾਵਾ ਹਰ ਖੇਤਰ ਨਾਲ ਸਬੰਧਤ ਲੋੜਵੰਦ ਤੇ ਦੁਖੀ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ। ਡਾ. ਓਬਰਾਏ ਅਨੁਸਾਰ ਕੁਝ ਦਿਨ ਪਹਿਲਾਂ ਹੀ ਟਰੱਸਟ ਵੱਲੋਂ ਰਾਜਸਥਾਨ ਦੇ ਜੈਪੁਰ ਨਾਲ ਸਬੰਧਤ ਇੱਕ ਨੌਜਵਾਨ ਦਾ ਮ੍ਰਿਤਕ ਸਰੀਰ ਦੁਬਈ ਤੋਂ ਵਾਪਸ ਲਿਆਂਦਾ ਗਿਆ ਸੀ। ਇਕ ਸਵਾਲ ਦਾ ਜਵਾਬ ਦਿੰਦਿਆਂ ਡਾ.ਓਬਰਾਏ ਨੇ ਦੱਸਿਆ ਕਿ ਖਾੜੀ ਦੇਸ਼ਾਂ ਅੰਦਰ ਪਰਵਾਸੀ ਕਾਮਿਆਂ ਦੀਆਂ ਮੌਤਾਂ ਦੀ ਗਿਣਤੀ 'ਚ ਹੋ ਰਹੇ ਵਾਧੇ ਦਾ ਮੁੱਖ ਵੱਡਾ ਕਾਰਨ ਕੋਰੋਨਾ ਮਹਾਮਾਰੀ ਦੇ ਕਾਰਨ ਕੰਮ ਬੰਦ ਹੋਣਾ ਜਾਂ ਘੱਟਣਾ ਹੈ,ਜਿਸ ਕਾਰਨ ਪ੍ਰੇਸ਼ਾਨੀ ਦੇ ਚੱਲਦਿਆਂ ਬਹੁਤ ਸਾਰੇ ਨੌਜਵਾਨ ਜਾਂ ਤਾਂ ਆਤਮ ਹੱਤਿਆ ਕਰ ਰਹੇ ਹਨ ਜਾਂ ਛੋਟੀ ਉਮਰ 'ਚ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਰਹੀ ਹੈ।
ਇਸ ਦੌਰਾਨ ਮ੍ਰਿਤਕ ਦੇਹ ਲੈਣ ਪਹੁੰਚੇ ਸੁਖਵਿੰਦਰ ਸਿੰਘ ਦੇ ਕਰੀਬੀ ਰਿਸ਼ਤੇਦਾਰ ਸਰਵਣ ਸਿੰਘ, ਮਲਕੀਤ ਸਿੰਘ,ਰੁਪਿੰਦਰ ਸਿੰਘ, ਕਸ਼ਮੀਰ ਸਿੰਘ,ਰਜਿੰਦਰਜੀਤ ਸਿੰਘ ਆਦਿ ਨੇ ਸੁਖਵਿੰਦਰ ਸਿੰਘ ਦੀ ਮ੍ਤਿਕ ਦੇਹ ਲੈ ਕੇ ਆਉਣ ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਸੁਖਵਿੰਦਰ ਦਾ ਮ੍ਰਿਤਕ ਸਰੀਰ ਵਾਪਸ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਦੇ ਉਸਦੇ ਮ੍ਰਿਤਕ ਸਰੀਰ ਨੂੰ ਆਪਣੀ ਮਿੱਟੀ ਨਸੀਬ ਹੋ ਸਕੀ ਹੈ।
550ਵੇਂ ਪ੍ਰਕਾਸ਼ ਪੁਰਬ ਦੇ ਸਮਾਪਤੀ ਸਮਾਗਮਾਂ ਸਬੰਧੀ ਰੰੰਧਾਵਾ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ
NEXT STORY