ਜਲੰਧਰ (ਬਿਊਰੋ) : ਪੰਜਾਬ ਸਰਕਾਰ ਵਲੋਂ ਸੂਬੇ ’ਚ ਪਹਿਲੀ ਵਾਰ ਮਰੀਜ਼ਾਂ ਦੀ ਸਹੂਲਤ ਅਤੇ ਸਹੀ ਜਾਣਕਾਰੀ ਦੇਣ ਅਤੇ ਉਨ੍ਹਾਂ ਦੀ ਲੋੜ ਅਨੁਸਾਰ ਡਾਕਟਰ ਕੋਲ ਲੈ ਕੇ ਜਾਣ ਲਈ ਸਾਰੇ ਸਰਕਾਰੀ ਹਸਪਤਾਲਾਂ ’ਚ ਮਰੀਜ਼ ਸਹੂਲਤ ਸੈਂਟਰ ਖੋਲ੍ਹੇ ਜਾ ਰਹੇ ਹਨ। ਸ਼ਹੀਦ ਬਾਬੂ ਲਾਭ ਸਿੰਘ ਸਿਵਲ ਹਸਪਤਾਲ ਵਿਖੇ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਉਪਰੰਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜਿਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਅਸ਼ੋਕ ਮਿੱਤਲ ਅਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਵੀ ਮੌਜੂਦ ਸਨ, ਨੇ ਕਿਹਾ ਕਿ ਇਹ ਸੈਂਟਰ ਮਰੀਜ਼ਾਂ ਦੀ ਸਹੂਲਤ ਲਈ ਸਾਰੇ ਸਰਕਾਰੀ ਹਸਪਤਾਲਾਂ ਦੇ ਗੇਟਾਂ ’ਤੇ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਂਟਰਾਂ ’ਚ ਬੈਠਣ ਲਈ ਉਚਿੱਤ ਪ੍ਰਬੰਧ ਤੋਂ ਇਲਾਵਾ ਤਾਇਨਾਤ ਅਮਲੇ ਵਲੋਂ ਮਰੀਜ਼ਾਂ ਦੀ ਲੋੜ ਅਨੁਸਾਰ ਡਾਕਟਰਾਂ ਸਬੰਧੀ ਸਾਰੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਮਲੇ ਵਲੋਂ ਖ਼ਾਸ ਕਰਕੇ ਬੀਮਾਰ ਅਤੇ ਬਜ਼ੁਰਗ ਮਰੀਜ਼ਾਂ ਨੂੰ ਖ਼ੁਦ ਡਾਕਟਰ ਦੇ ਕਮਰਿਆਂ ਤੱਕ ਲੈ ਕੇ ਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਰਕਾਰੀ ਹਸਪਤਾਲਾਂ ’ਚ ਆ ਕੇ ਇਲਾਜ ਦੀ ਸਹੂਲਤ ਪ੍ਰਾਪਤ ਕਰਨ ’ਚ ਕਿਸੇ ਕਿਸਮ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀ ਸੰਤੁਸ਼ਟੀ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ 98 ਫ਼ੀਸਦੀ ਮਰੀਜ਼ ਆਮ ਆਦਮੀ ਕਲੀਨਿਕਾਂ ਵਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੋਂ ਸੰਤੁਸ਼ਟ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਪਿੰਡਾਂ ਨੂੰ ਲੈ ਕੇ ਅਹਿਮ ਫ਼ੈਸਲਾ, ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ
ਨਸ਼ਿਆਂ ਤੋਂ ਪੀੜ੍ਹਤ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੇ ਲਏ ਗਏ ਅਹਿਮ ਫੈਸਲੇ ਸਬੰਧੀ ਸਿਹਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣ ਲਈ ਹੁਨਰ ਵਿਕਾਸ ਕੋਰਸਾਂ ’ਚ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਨਰ ਵਿਕਾਸ ਕੋਰਸ ਉਨ੍ਹਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣਗੇ, ਇਸ ਤਰ੍ਹਾਂ ਉਹ ਨਸ਼ਿਆਂ ਦੀ ਦਲਦਲ ’ਚ ਦੁਬਾਰਾ ਨਹੀਂ ਪੈ ਸਕਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਤੇ ਨਿਰਭਰ ਲੋਕਾਂ ਨੂੰ ਹੁਨਰ ਵਿਕਾਸ ਕੋਰਸ ਸਫ਼ਲਤਾ ਪੂਰਵਕ ਮੁਕੰਮਲ ਕਰਨ ਉਪਰੰਤ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਹ ਹੋਰਨਾਂ ਦੀ ਤਰ੍ਹਾਂ ਸਨਮਾਨ ਪੂਰਵਕ ਜੀਵਨ ਨਿਰਬਾਹ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਦੀ ਨੁਹਾਰ ਬਦਲਣ ਲਈ ਸਿਹਤਮੰਦ ਮਿਸ਼ਨ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਫੰਡ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਾ, ਸਬ ਡਵੀਜ਼ਨਲ ਅਤੇ ਕਮਿਊਨਟੀ ਸਿਹਤ ਕੇਂਦਰਾਂ ’ਚ ਅਲਟਰਾ ਸਾਊਂਡ, ਐਕਸਰੇਅ ਮਸ਼ੀਨਾਂ ਅਤੇ ਦਵਾਈਆਂ ਦੀ ਉਪਲਬੱਧਤਾ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਆਮ ਆਦਮੀ ਪਾਰਟੀ ਆਗੂ ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ.ਅਮਿਤ ਮਹਾਜਨ ਅਤੇ ਹੋਰ ਮੌਜੂਦ ਸਨ।
ਇਹ ਵੀ ਪੜ੍ਹੋ : ਕੈਨੇਡਾ ’ਚ ਆਮ ਚੋਣਾਂ ਤੋਂ ਪਹਿਲਾਂ ਟਰੂਡੋ ਸਰਕਾਰ ਲਈ ਖ਼ਤਰੇ ਦੀ ਘੰਟੀ, 82 ਫੀਸਦੀ ਲੋਕ ਬੋਲੇ-ਦੇਸ਼ ’ਚ ਆਰਥਿਕ ਮੰਦੀ!
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਾਂਗਰਸ ਦੇ ਕਾਟੋ-ਕਲੇਸ਼ ਦਰਮਿਆਨ ਰਾਜਾ ਵੜਿੰਗ ਤੇ ਦੇਵੇਂਦਰ ਯਾਦਵ ਨੇ ਆਖ ਦਿੱਤੀਆਂ ਇਹ ਗੱਲਾਂ
NEXT STORY