ਅੰਮ੍ਰਿਤਸਰ : ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰ ਦਿੱਤਾ ਗਿਆ ਹੈ। ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਹੈ। ਜਦਕਿ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਐਮਰਜੈਂਸੀ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਹੈ।
ਇਹ ਵੀ ਪੜ੍ਹੋ : ਗਿਆਨੀ ਰਘਬੀਰ ਸਿੰਘ ਨੂੰ ਥਾਪਿਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਵਾਂ ਜਥੇਦਾਰ
ਮੀਟਿੰਗ ਵਿਚ ਲਏ ਗਏ ਵੱਡੇ ਫ਼ੈਸਲੇ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸ. ਜੀ. ਪੀ. ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਛੱਡੀਆਂ ਹਨ। ਬੈਠਕ ਤੋਂ ਪਹਿਲਾਂ ਬਕਾਇਦਾ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ਨਾਲ ਫੋਨ ’ਤੇ ਗੱਲਬਾਤ ਕੀਤੀ ਸੀ। ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਪ੍ਰਧਾਨ ਸਨ ਅਤੇ ਉਹ ਪਿਛਲੇ ਪੰਜ ਸਾਲਾਂ ਤੋਂ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਅ ਰਹੇ ਸਨ। ਪਿਛਲੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਪੱਕੇ ਤੌਰ ’ਤੇ ਨਿਯੁਕਤ ਕੀਤੇ ਜਾਣ। ਇਸ ਦਰਮਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਸਵੈ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸੇਵਾਵਾਂ ਛੱਡ ਕੇ ਸਿਰਫ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਾ ਚਾਹੁੰਦੇ ਹਨ। ਇਸ ਲਈ ਉਨ੍ਹਾਂ ਦੀ ਸ਼ਲਾਘਾ ਵੀ ਕਰਨੀ ਬਣਦੀ ਹੈ। ਧਾਮੀ ਨੇ ਆਖਿਆ ਕਿ ਇਹ ਕੋਈ ਅਹੁਦਾ ਨਹੀਂ ਹੈ ਸਗੋਂ ਸਮੁੱਚੀ ਸਿੱਖ ਕੌਮ ਦੀ ਅਗਵਾਈ ਹੈ।
ਇਹ ਵੀ ਪੜ੍ਹੋ : 8.49 ਕਰੋੜ ਦੀ ਲੁੱਟ ਦੇ ਪੈਸੇ ਨਾਲ ਬਣਾਈਆਂ ਰੀਲਾਂ, ਮਾਸਟਰ ਮਾਈਂਡ ਕੁੜੀ ਦੀਆਂ ਤਸਵੀਰਾਂ ਹੋਈਆਂ ਵਾਇਰਲ
ਜਥੇਦਾਰ ਰਘਬੀਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ
ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਗਿਆਨੀ ਹਰਪ੍ਰੀਤ ਸਿੰਘ ਆਪਣੀਆਂ ਸੇਵਾਵਾਂ ਜਥੇਦਾਰ ਦੇ ਤੌਰ ’ਤੇ ਸ੍ਰੀ ਦਮਦਮਾ ਸਾਹਿਬ ਵਿਖੇ ਜਾਰੀ ਰੱਖਣਗੇ ਜਦਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਗਿਆਨੀ ਰਘਬੀਰ ਸਿੰਘ ਨਿਭਾਉਣਗੇ, ਜੋ ਕਿ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਨ। ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਦੇ ਤੌਰ ’ਤੇ ਵਾਧੂ ਸੇਵਾਵਾਂ ਨਿਭਾਉਣਗੇ। ਇਸ ਤੋਂ ਇਲਾਵਾ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੋ ਕਿ ਸੱਚਖੰਡ ਦੇ ਹੈੱਡ ਗ੍ਰੰਥੀ ਸਿੰਘ ਵੀ ਹਨ, ਉਹ ਨਿਭਾਉਣਗੇ ਅਤੇ ਉਨ੍ਹਾਂ ਨੂੰ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਸਾਲ ਪਹਿਲਾਂ ਹੋਈ ਕੁੜਮਾਈ ਤੋਂ ਮੰਗੇਤਰ ਨੇ ਪੈਰ ਖਿੱਚੇ ਪਛਾਂਹ, ਕੁੜੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ
NEXT STORY