ਅੰਮ੍ਰਿਤਸਰ : ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਪੱਤਰ ਭੇਜ ਕੇ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਕਥਿਤ ਵੀਡੀਓ ਬਾਰੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ। ਇਸ ਸਪੱਸ਼ਟੀਕਰਨ ਵਿਚ ਉਨ੍ਹਾਂ ਆਖਿਆ ਕਿ ਉਹ ਕਦੇ ਵੀ ਗੁਰੂ ਸਾਹਿਬ ਜਾਂ ਉਨ੍ਹਾਂ ਦੀ ਤਸਵੀਰ ਦਾ ਨਿਰਾਦਰ ਕਰਨ ਬਾਰੇ ਸੋਚ ਵੀ ਨਹੀਂ ਸਕਦੇ ਹਨ। ਇਸ ਵੀਡੀਓ ਵਿਚ ਭੋਰਾ ਵੀ ਸੱਚਾਈ ਨਹੀਂ ਹੈ। ਮਿਲੀ ਜਾਣਕਾਰੀ ਮੁਤਾਬਕ ਕੈਬਨਿਟ ਮੰਤਰੀ ਨੇ ਬੀਤੇ ਦਿਨੀਂ ਸਪੱਸ਼ਟੀਕਰਨ ਸਬੰਧੀ ਇਕ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਿਆ, ਜਿਸ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਉਂਦੇ ਦਿਨਾਂ ਵਿਚ ਵਿਚਾਰਿਆ ਜਾ ਸਕਦਾ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਕਈ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਿਕਾਇਤ ਦੇ ਕੇ ਕੈਬਨਿਟ ਮੰਤਰੀ ਖ਼ਿਲਾਫ਼ ਕਾਰਵਾਈ ਮੰਗੀ ਸੀ।
![PunjabKesari](https://static.jagbani.com/multimedia/11_37_164220227harpreet singh -ll.jpg)
ਅਖਬਾਰਾਂ 'ਚ ਛਪੀ ਜਾਣਕਾਰੀ ਮੁਤਾਬਕ ਭਾਵੇਂ ਇਸ ਪੱਤਰ ਦੇ ਪ੍ਰਾਪਤ ਹੋਣ ਜਾਂ ਭੇਜਣ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਉੱਚ ਪੱਧਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਦੋਂ ਇਹ ਵਿਵਾਦਤ ਵੀਡੀਓ ਵਾਇਰਲ ਹੋਈ ਸੀ ਅਤੇ ਇਸ ਸਬੰਧੀ ਸ਼ਿਕਾਇਤਾਂ ਪੁੱਜੀਆਂ ਸਨ ਤਾਂ ਉਸ ਵੇਲੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੇ ਕੈਬਨਿਟ ਮੰਤਰੀ ਨੂੰ ਇਨ੍ਹਾਂ ਦੋਸ਼ਾਂ ਸਬੰਧੀ ਆਪਣੀ ਸਥਿਤੀ ਸਪੱਸ਼ਟ ਕਰਨ ਲਈ ਆਖਿਆ ਸੀ, ਜਿਸ ਦੇ ਜਵਾਬ ਵਿਚ ਹੁਣ ਇਹ ਪੱਤਰ ਭੇਜਿਆ ਗਿਆ ਹੈ।
![PunjabKesari](https://static.jagbani.com/multimedia/11_38_239050631randhawa -ll.jpg)
ਇਸ ਪੱਤਰ ਵਿਚ ਰੰਧਾਵਾ ਨੇ ਆਖਿਆ ਕਿ ਉਹ ਅੰਮ੍ਰਿਤਧਾਰੀ ਸਿੱਖ ਹਨ ਅਤੇ ਗੁਰੂ ਘਰ ਦੇ ਪ੍ਰੀਤਵਾਨ ਤੇ ਗੁਰੂ ਗ੍ਰੰਥ ਸਾਹਿਬ ਵਿਚ ਆਸਥਾ ਰੱਖਣ ਵਾਲੇ ਸਿੱਖ ਹਨ। ਉਹ ਕਦੇ ਵੀ ਗੁਰੂ ਸਾਹਿਬ ਜਾਂ ਉਨ੍ਹਾਂ ਦੀ ਤਸਵੀਰ ਦਾ ਨਿਰਾਦਰ ਕਰਨ ਬਾਰੇ ਸੋਚ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਵਾਇਰਲ ਹੋਈ ਇਸ ਵੀਡੀਓ ਵਿਚ ਰੱਤੀ ਭਰ ਵੀ ਸੱਚਾਈ ਨਹੀਂ ਹੈ। ਇਹ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਵੱਲੋਂ ਜਾਅਲਸਾਜ਼ੀ ਨਾਲ ਤਿਆਰ ਕਰਵਾਈ ਗਈ ਹੈ। ਉਨ੍ਹਾਂ ਨੇ ਜਥੇਦਾਰ ਨੂੰ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ ਹੈ ਤਾਂ ਜੋ ਮਾਮਲੇ ਦੀ ਤਹਿ ਤੱਕ ਪੁੱਜਿਆ ਜਾ ਸਕੇ। ਉਨ੍ਹਾਂ ਉਮੀਦ ਪ੍ਰਗਟਾਈ ਹੈ ਕਿ ਕੁਝ ਦਿਨਾਂ ਵਿਚ ਹੀ ਸੱਚਾਈ ਸਾਹਮਣੇ ਆ ਜਾਵੇਗੀ।
ਪੁਰਾਣੀ ਰੰਜਿਸ਼ ਸਵਾ ਮਹੀਨੇ ਦੇ ਬੱਚੇ 'ਤੇ ਪਈ ਭਾਰੀ, ਹਮਲੇ ਦੌਰਾਨ ਹੋਈ ਮੌਤ
NEXT STORY