ਪਟਿਆਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ 15 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਮਗਰੋਂ ਹੁਣ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਫੈਸਲੇ ਨੂੰ ਮੰਦਭਾਗਾ ਦੱਸਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਨੂੰ 15 ਤਰੀਕ ਨੂੰ ਪੇਸ਼ ਹੋਣ ਲਈ ਦਿੱਤੇ ਗਏ ਹੁਕਮਾਂ ਬਾਰੇ ਗੱਲ ਕਰਦਿਆਂ ਡਾ. ਬਲਬੀਰ ਸਿੰਘ ਨੇ ਇਸ ਨੂੰ ਬੇਹੱਦ ਸੰਵੇਦਨਸ਼ੀਲ ਮਾਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮਾਨਯੋਗ ਮੁੱਖ ਮੰਤਰੀ ਹਨ ਅਤੇ ਦੂਜੇ ਪਾਸੇ ਅਕਾਲ ਤਖ਼ਤ ਸਾਹਿਬ ਵਰਗੀ ਮਹਾਨ ਸੰਸਥਾ ਹੈ। ਉਨ੍ਹਾਂ ਇਸ ਦੌਰਾਨ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜੋ ਵੀ ਹੁਕਮ ਹੋਇਆ ਹੈ, ਮੁੱਖ ਮੰਤਰੀ ਸਾਹਿਬ ਉਸ ਦਾ ਜਵਾਬ ਦੇਣਗੇ। ਹਾਲਾਂਕਿ, ਅਕਾਲ ਤਖ਼ਤ ਸਾਹਿਬ ਵੱਲੋਂ ਲਏ ਗਏ ਇਸ ਫੈਸਲੇ ਨੂੰ ਮੰਦਭਾਗਾ ਦੱਸਦਿਆਂ ਉਨ੍ਹਾਂ ਕਿਹਾ ਕਿ ਸ਼ਾਇਦ ਅਜਿਹਾ ਫੈਸਲਾ ਨਹੀਂ ਲਿਆ ਜਾਣਾ ਚਾਹੀਦਾ ਸੀ।
ਸ੍ਰੀ ਅਕਾਲ ਤਖ਼ਤ ਵੱਲੋਂ ਜਾਰੀ ਹੋਏ ਹੁਕਮ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਇਹ ਕਾਰਵਾਈ ਗੁਰੂ ਘਰ ਦੀ ਗੋਲਕ ਨਾਲ ਸਬੰਧਤ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਕੀਤੀ ਗਈ ਹੈ। ਜਥੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਗੁਰੂ ਦੀ ਗੋਲਕ ਬਾਰੇ ਵਾਰ-ਵਾਰ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਕਾਰਣ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਜਿਸ ਦੇ ਚੱਲਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਮੁੱਖ ਮੰਤਰੀ ਨੂੰ ਤਲਬ ਕੀਤਾ ਗਿਆ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰ ਮੱਥੇ : CM ਮਾਨ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਤਲਬ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ। ਦਾਸ ਮੁੱਖ ਮੰਤਰੀ ਵਜੋਂ ਨਹੀਂ ਨਿਮਾਣੇ ਸਿੱਖ ਵਜੋਂ ਨੰਗੇ ਪੈਰ ਚੱਲ ਕੇ ਹਾਜ਼ਰ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਦਾਸ 15 ਜਨਵਰੀ ਨੂੰ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਜੋ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਸਾਹਿਬ ਵਿਖੇ ਕਾਨਫਰੰਸ 'ਚ ਹਿੱਸਾ ਲੈਣ ਆ ਰਹੇ ਹਨ, ਉਸ ਦਿਨ ਲਈ ਮੁਆਫ਼ੀ ਵੀ ਮੰਗਦਾ ਹੈ ਕਿਉਂਕਿ ਮੇਰੇ ਲਈ ਲਈ ਸਭ ਤੋਂ ਉੱਤਮ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਉਸ ਪਾਵਨ ਤਖ਼ਤ ਸਾਹਿਬ ਤੋਂ ਆਇਆ ਹੁਕਮ ਸਿਰ ਮੱਥੇ ਹੈ, ਸੀ ਅਤੇ ਹਮੇਸ਼ਾਂ ਰਹੇਗਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਵੱਖ-ਵੱਖ ਮਾਮਲਿਆਂ ਵਿਚ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤਾ ਜਾ ਚੁੱਕਾ ਹੈ। ਜਥੇਦਾਰ ਮੁਤਾਬਕ ਧਾਰਮਿਕ ਮਸਲਿਆਂ ‘ਤੇ ਗੈਰ-ਜ਼ਿੰਮੇਵਾਰ ਬਿਆਨ ਬਰਦਾਸ਼ਤ ਨਹੀਂ ਕੀਤੇ ਜਾ ਸਕਦੇ। ਇਥੇ ਇਹ ਵੀ ਯਾਦ ਰਹੇ ਕਿ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ‘ਤੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਜ਼ਰ ਬਣੀ ਹੋਈ ਹੈ। ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਘਰ ਨਾਲ ਜੁੜੇ ਮਾਮਲਿਆਂ ਵਿਚ ਪੂਰੀ ਗੰਭੀਰਤਾ ਅਤੇ ਮਰਿਆਦਾ ਦੀ ਪਾਲਣਾ ਹੋਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Accident: ਤੇਜ਼ ਰਫ਼ਤਾਰ ਸੀਮਿੰਟ ਦੇ ਟਰੱਕ ਨੇ ਦਾਦੀ ਅਤੇ ਪੋਤੀ ਨੂੰ ਮਾਰੀ ਟੱਕਰ, ਦੋਵਾਂ ਦੀ ਗਈ ਜਾਨ
NEXT STORY