ਤਪਾ ਮੰਡੀ(ਸ਼ਾਮ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਜਪਾ ਮੰਡਲ ਤਪਾ ਦੇ ਪ੍ਰਧਾਨ ਰਾਕੇਸ਼ ਗੋਇਲ ਦੇ ਨਿਵਾਸ ਸਥਾਨ 'ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ, ਜੋ ਪਟਿਆਲਾ ਜੇਲ 'ਚ ਫਾਂਸੀ ਦੀ ਸਜ਼ਾ ਕੱਟ ਰਹੇ ਹਨ, ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰਵਾਉਣ ਲਈ ਦੇਸ਼ ਦੇ ਰਾਸ਼ਟਰਪਤੀ ਨੂੰ 2012 'ਚ ਅਪੀਲ ਕੀਤੀ ਗਈ ਸੀ, ਜੋ ਅਮਲੀ ਰੂਪ 'ਚ ਬਦਲਣ ਲਈ ਉਨ੍ਹਾਂ ਗ੍ਰਹਿ ਵਿਭਾਗ ਨੂੰ ਭੇਜ ਦਿੱਤੀ ਸੀ ਪਰ 6 ਸਾਲ ਲੰਘਣ ਦੇ ਬਾਵਜੂਦ ਕੋਈ ਸੁਣਵਾਈ ਨਹੀਂ ਸੀ ਹੋਈ। ਇਸ ਸਬੰਧ 'ਚ ਉਹ ਕੁਝ ਦਿਨ ਪਹਿਲਾਂ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸੂਬੇ ਦੇ ਅਕਾਲੀ ਸੰਸਦ ਮੈਂਬਰਾਂ ਨੂੰ ਨਾਲ ਲੈ ਕੇ ਮਿਲੇ ਸਨ ਅਤੇ 2012 ਦੀ ਅਪੀਲ 'ਤੇ ਅਮਲ ਕਰਨ ਲਈ ਕਿਹਾ ਸੀ। ਗ੍ਰਹਿ ਮੰਤਰੀ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਭਾਈ ਰਾਜੋਆਣਾ ਦੀ ਭੁੱਖ ਹੜਤਾਲ ਖਤਮ ਕਰਵਾਉਣ ਲਈ ਕਿਹਾ। ਉਨ੍ਹਾਂ ਜੇਲ 'ਚ ਮਿਲ ਕੇ ਭਾਈ ਰਾਜੋਆਣਾ ਨੂੰ ਵਿਸ਼ਵਾਸ ਦੇ ਕੇ ਭੁੱਖ ਹੜਤਾਲ ਖਤਮ ਕਰਵਾ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਨੂੰ ਕੋਈ ਆਰਥਿਕ ਮਦਦ ਦੇਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਬਰਗਾੜੀ ਕਾਂਡ ਸਬੰਧੀ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਇਹ ਸਪੱਸ਼ਟ ਕਿਹਾ ਕਿ ਬਰਗਾੜੀ ਕਾਂਡ ਦੀ ਜਾਂਚ ਕਰ ਰਹੇ ਕਮਿਸ਼ਨ ਨਾਲ ਉਹ ਸਹਿਮਤ ਨਹੀਂ ਹਨ। ਭਾਈ ਗੋਬਿੰਦ ਸਿੰਘ ਲੌਂਗੋਵਾਲ ਇਥੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਨ ਲਈ ਪੁੱਜੇ ਸਨ। ਇਸ ਮੌਕੇ ਹਲਕਾ ਇੰਚਾਰਜ ਸਤਨਾਮ ਸਿੰਘ ਰਾਹੀ, ਸ਼ਾਮ ਲਾਲ ਗੌੜ, ਭਾਜਪਾ ਆਗੂ ਧੀਰਜ ਕੁਮਾਰ ਦੱਦਾਹੂਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਹੋਰ ਵੀ ਵਰਕਰ ਹਾਜ਼ਰ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਸੀਨੀਅਰ ਅਕਾਲੀ ਨੇਤਾ ਨਰਿੰਦਰ ਸਿੰਘ ਠੇਕੇਦਾਰ ਦੇ ਨਿਵਾਸ ਸਥਾਨ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਈ ਰਾਜੋਆਣਾ ਦੇ ਮਾਮਲੇ 'ਚ ਜੇਕਰ ਗ੍ਰਹਿ ਵਿਭਾਗ ਨੇ ਕੋਈ ਫੈਸਲਾ ਨਾ ਕੀਤਾ ਤਾਂ ਸਾਡਾ ਵਫਦ ਫਿਰ ਗ੍ਰਹਿ ਮੰਤਰੀ ਨੂੰ ਮਿਲੇਗਾ। ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੋ ਸਿੱਖ ਲੰਬੇ ਸਮੇਂ ਤੋਂ ਜੇਲਾਂ ਵਿਚ ਹਨ, ਉਨ੍ਹਾਂ ਦੀ ਰਿਹਾਈ ਲਈ ਵੀ ਪ੍ਰਧਾਨ ਮੰਤਰੀ ਨੂੰ ਮਿਲਿਆ ਜਾ ਚੁੱਕਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ 'ਇਕ ਪਿੰਡ ਇਕ ਗੁਰਦੁਆਰਾ' ਦੀ ਮੁਹਿੰਮ ਨੂੰ ਕਾਫੀ ਸਮਰਥਨ ਮਿਲਿਆ ਹੈ। ਲੋਕਾਂ ਵਲੋਂ ਆਪਣੀ ਜਾਤ, ਬਰਾਦਰੀ ਦੇ ਨਾਂ ਨਾਲ ਗੁਰਦੁਆਰਾ ਸਾਹਿਬ ਬਣਾਏ ਜਾ ਰਹੇ ਸਨ। ਹੁਣ ਲੋਕਾਂ ਨੇ ਇਸ ਗੱਲ ਨੂੰ ਸਮਝਣਾ ਸ਼ੁਰੂ ਕਰ ਦਿੱਤਾ ਹੈ ਅਤੇ ਲੋਕ ਮੁਹਿੰਮ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਅਹਿਮ ਭੂਮਿਕਾ ਨਿਭਾਅ ਰਹੀ ਹੈ। ਇਸ ਮੌਕੇ ਠੇਕੇਦਾਰ ਨਰਿੰਦਰ ਸਿੰਘ ਨੇ ਭਾਈ ਲੌਂਗੋਵਾਲ ਦਾ ਸਨਮਾਨ ਵੀ ਕੀਤਾ।
ਸੜਕ ਵਿਚਕਾਰ ਨਵਜੰਮੀ ਬੱਚੀ ਨੂੰ ਲੈ ਕੇ 5 ਘੰਟਿਆਂ ਤੱਕ ਤੜਫਦੀ ਰਹੀ ਬੇਵੱਸ ਮਾਂ
NEXT STORY