ਸੁਲਤਾਨਪੁਰ ਲੋਧੀ/ਅੰਮ੍ਰਿਤਸਰ (ਦੀਪਕ ਸ਼ਰਮਾ)— ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ 'ਚ ਸੰਗਤਾਂ ਨਤਮਸਕਤ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਇਸੇ ਤਹਿਤ ਅੱਜ ਵੀ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨੇ ਮੱਥਾ ਟੇਕਿਆ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਕੀਤਾ। ਗੁਰਦੁਆਰਾ ਸਾਹਿਬ ਵਿਖੇ ਸਾਰਾ ਦਿਨ ਮੱਥਾ ਟੇਕਣ ਲਈ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਸ਼ਰਧਾ ਦੇ ਰੰਗ 'ਚ ਰੰਗੀ ਜਾ ਚੁੱਕੀ ਹੈ।
![PunjabKesari](https://static.jagbani.com/multimedia/18_29_013314661guru2-ll.jpg)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ 13 ਦਿਨਾਂ ਕੌਮਾਂਤਰੀ ਸਮਾਗਮਾਂ ਦੀ ਰੂਪ-ਰੇਖਾ ਤਹਿਤ ਅੱਜ ਸਵੇਰ ਤੋਂ ਸ਼ਾਮ ਤੱਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਭਾਈ ਮਰਦਾਨਾ ਜੀ ਦੀਵਾਨ ਹਾਲ 'ਚ ਗੁਰਮਤਿ ਸਮਾਗਮ ਚੱਲਦੇ ਰਹੇ। ਸਵੇਰੇ 'ਆਸਾ ਦੀ ਵਾਰ' ਦਾ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਨੇ ਕੀਤਾ। ਉਪਰੰਤ ਗਿਆਨੀ ਬਲਦੇਵ ਸਿੰਘ ਪਾਉਟਾ ਸਾਹਿਬ ਵਾਲਿਆਂ ਨੇ ਗੁਰਸ਼ਬਦ ਵਿਚਾਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਦਿਨ ਦੇ ਦੀਵਾਨ 'ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ ਭਾਈ ਸ਼ੌਕੀਨ ਸਿੰਘ, ਭਾਈ ਜਰਨੈਲ ਸਿੰਘ ਕੋਹਾੜਕਾ, ਭਾਈ ਜਸਪਿੰਦਰ ਸਿੰਘ ਅਤੇ ਭਾਈ ਹਰਪਿੰਦਰ ਸਿੰਘ ਆਦਿ ਨੇ ਕੀਰਤਨ ਕੀਤਾ। ਸ਼ਾਮ ਦੇ ਦੀਵਾਨ 'ਚ ਗਿਆਨੀ ਕਿਸ਼ਨ ਸਿੰਘ ਸੰਤਨ ਕੀ ਕੁਟੀਆ ਵਾਲਿਆਂ ਵੱਲੋਂ ਸੰਗਤਾਂ ਨਾਲ ਗੁਰਸ਼ਬਦ ਵਿਚਾਰਾਂ ਦੀ ਸਾਂਝ ਪਾਈ ਗਈ।
![PunjabKesari](https://static.jagbani.com/multimedia/18_29_014408352guru3-ll.jpg)
ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਲੰਗਰ, ਜੋੜਾ ਘਰ, ਗਠੜੀ ਘਰ ਆਦਿ ਪ੍ਰਬੰਧ ਮੁਕੰਮਲ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪੱਧਰ 'ਤੇ ਲੰਗਰ, ਜੋੜਾ ਘਰ, ਗਠੜੀ ਘਰ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ। ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਭਾਈ ਲੌਂਗੋਵਾਲ ਨੇ ਦੱਸਿਆ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਕੌਮਾਂਤਰੀ ਸਮਾਗਮ 13 ਨਵੰਬਰ ਤੱਕ ਚੱਲਣਗੇ। ਉਨ੍ਹਾਂ ਦੱਸਿਆ ਕਿ 8 ਨਵੰਬਰ ਤੱਕ ਦੇ ਧਾਰਮਿਕ ਸਮਾਗਮ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਹੋਣਗੇ। 9 ਨਵੰਬਰ ਤੋਂ 12 ਨਵੰਬਰ ਤੱਕ ਦੇ ਸਮਾਗਮ ਗੁਰੂ ਨਾਨਕ ਸਟੇਡੀਅਮ, ਨੇੜੇ ਗੁਰਦਾਰਾ ਸ੍ਰੀ ਬੇਰ ਸਾਹਿਬ ਵਿਖੇ ਹੋਣਗੇ। ਉਨ੍ਹਾਂ ਦੱਸਿਆ ਕਿ 13 ਨਵੰਬਰ ਨੂੰ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ 13 ਦਿਨਾਂ ਤੱਕ ਸੁਲਤਾਨਪੁਰ ਲੋਧੀ ਦੀ ਪਾਵਨ ਇਤਿਹਾਸਕ ਧਰਤੀ 'ਤੇ ਚੱਲਣ ਵਾਲੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ 'ਚ ਸੰਗਤਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ, ਜਿਨ੍ਹਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਵੱਲੋਂ ਵਿਆਪਕ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ।
![PunjabKesari](https://static.jagbani.com/multimedia/18_11_226078732kk-ll.jpg)
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਆਸ-ਪਾਸ 5 ਕਿਲੋਮੀਟਰ ਦੇ ਘੇਰੇ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਤਾਂ-ਮਹਾਂਪੁਰਖਾਂ ਅਤੇ ਕਾਰ-ਸੇਵਾ ਵਾਲੀਆਂ ਸੰਪਰਦਾਵਾਂ ਦੇ ਸਹਿਯੋਗ ਨਾਲ 65 ਦੇ ਲਗਭਗ ਲੰਗਰ ਲਗਾਏ ਗਏ ਹਨ। ਇਸ ਤੋਂ ਇਲਾਵਾ 16 ਜੋੜੇ ਘਰ ਅਤੇ ਗਠੜੀ ਘਰ ਬਣਾਏ ਗਏ ਹਨ। ਸੁਲਤਾਨਪੁਰ ਲੋਧੀ ਨੂੰ ਆਉਦੇ ਵੱਖ-ਵੱਖ ਮਾਰਗਾਂ 'ਤੇ ਸੰਗਤਾਂ ਵੱਲੋਂ ਲਗਾਏ ਲੰਗਰਾਂ ਦੀ ਗਿਣਤੀ ਇਸ ਤੋਂ ਵੱਖਰੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਸ. ਸਵਰਨ ਸਿੰਘ ਕੁਲਾਰ, ਧਰਮ ਪ੍ਰਚਾਰ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ ਅਤੇ ਨਿੱਜੀ ਸਹਾਇਕ ਦਰਸ਼ਨ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।
![PunjabKesari](https://static.jagbani.com/multimedia/18_11_229359928kkkk-ll.jpg)
ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੁਲਤਾਨਪੁਰ ਲੋਧੀ ਵਿਖੇ 15 ਹਜ਼ਾਰ ਸਹਿਜ ਪਾਠਾਂ ਦੇ ਪਾਏ ਭੋਗ (ਤਸਵੀਰਾਂ)
NEXT STORY