ਅੰਮ੍ਰਿਤਸਰ(ਦੀਪਕ/ ਬਿਊਰੋ)— ਸਿੱਖ ਧਰਮ ਦੇ ਚੌਥੇ ਗੁਰੂ ਅਤੇ ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਸ਼ਨੀਵਾਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ । ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਨੀਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਸਾਹਿਬ ਵਿਖੇ ਸੰਗਤਾਂ ਵੱਲੋਂ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਆਕਰਸ਼ਣ ਦਾ ਕੇਂਦਰ ਰਹੀ। ਇਸ ਤੋਂ ਇਲਾਵਾ ਪਹਿਲੀ ਵਾਰ ਐੱਲ. ਈ. ਡੀ. ਤਕਨੀਕ ਨਾਲ ਕੀਤੀ ਗਈ ਦੀਪਮਾਲਾ ਦਾ ਨਜ਼ਾਰਾ ਵੀ ਵੱਖਰੀ ਸੁੰਦਰਤਾ ਪੇਸ਼ ਕਰ ਰਿਹਾ ਸੀ ।
ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਅਤੇ ਸੇਵਾ ਕਰਨ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਿੱਖੀ ਦਾ ਫਲਸਫਾ ਹੀ ਸਰਬ ਸਾਂਝੀਵਾਲਤਾ ਦਾ ਪ੍ਰਤੀਕ ਹੈ, ਇਸ ਵਿਚ ਸੇਵਾ, ਸਿਮਰਨ, ਪਰਉਪਕਾਰ ਵਰਗੀਆਂ ਉੱਤਮ ਕਦਰਾਂ-ਕੀਮਤਾਂ ਭਰੀਆਂ ਪਈਆਂ ਹਨ। ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਅਤੇ ਇਤਿਹਾਸਕ ਦਿਹਾੜੇ ਸਾਨੂੰ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੋੜਨ ਦਾ ਸਬੱਬ ਬਣਦੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ, ਮਨਜੀਤ ਸਿੰਘ, ਹਰਭਜਨ ਸਿੰਘ ਮਨਾਵਾਂ, ਸੁਖਦੇਵ ਸਿੰਘ ਭੂਰਾਕੋਹਨਾ, ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਲੱਖਣ ਸਿੰਘ ਮੈਨੇਜਰ, ਸ. ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ ਆਦਿ ਮੌਜੂਦ ਸਨ ।
ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਨੇ ਕੀਤੇ ਵਿਸ਼ਾਲ ਪ੍ਰਬੰਧ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਕੀਤੇ ਪ੍ਰਬੰਧਾਂ ਅਤੇ ਤਿਆਰੀਆਂ ਦੀ ਗੱਲ ਕਰੀਏ ਤਾਂ ਸਥਾਨਕ ਸੰਗਤਾਂ ਦੀ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਸਥਾਵਾਂ, ਸਭਾ ਸੁਸਾਇਟੀਆਂ, ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਦੇ ਘਰਾਂ, ਦੁਕਾਨਦਾਰਾਂ, ਹੋਟਲਾਂ ਅਤੇ ਰੇਹੜੀਆਂ-ਫੜ੍ਹੀਆਂ ਵਾਲਿਆਂ ਤੱਕ ਨੂੰ ਸੱਦਾ ਪੱਤਰਾਂ ਨਾਲ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ । ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰੇਰਨਾ ਸਦਕਾ ਪ੍ਰਕਾਸ਼ ਪੁਰਬ ਸਮੇਂ 40 ਕੁਇੰਟਲ ਲੱਡੂਆਂ ਦੀ ਸੇਵਾ ਬਾਬਾ ਲਾਭ ਸਿੰਘ ਕਿਲ੍ਹਾ ਆਨੰਦਗੜ੍ਹ ਸਾਹਿਬ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ, 30 ਕੁਇੰਟਲ ਲੱਡੂ ਕਾਰ-ਸੇਵਾ ਹੰਸਾਲੀ ਵਾਲਿਆਂ ਵੱਲੋਂ ਡਾ. ਧਰਮਜੀਤ ਸਿੰਘ ਅਤੇ 10 ਕੁਇੰਟਲ ਲੱਡੂਆਂ ਦੀ ਸੇਵਾ ਸੇਵਕ ਜਥਾ ਕੜਾਹ ਪ੍ਰਸ਼ਾਦ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵੱਲੋਂ ਕੀਤੀ ਗਈ। ਇਹ ਸਾਰੇ ਵਿਆਪਕ ਪ੍ਰਬੰਧਾਂ ਨੂੰ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਮਨਾਵਾਂ ਅਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਕਾਰਜਸ਼ੀਲ ਰਹੇ ।
ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ-ਖਿਲਾਫੀ ਕੀਤੀ: ਬਹਿਰੂ
NEXT STORY