ਅੰਮ੍ਰਿਤਸਰ (ਦੀਪਕ ਸ਼ਰਮਾ) : ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 14 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੌਰਾਨ ਸਕੂਲਾਂ/ਕਾਲਜਾਂ ਦੇ ਵਿਦਿਆਰਥੀ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਹ ਨਗਰ ਕੀਰਤਨ ਇਸ ਵਾਰ ਵੀ ਪੁਰਾਣੇ ਸ਼ਹਿਰ ਦੀ ਚਾਰ-ਦੀਵਾਰੀ 'ਤੇ ਸਜਾਇਆ ਜਾਵੇਗਾ। ਇਸ 8 ਕਿਲੋਮੀਟਰ ਦੇ ਸਾਰੇ ਰਸਤੇ 'ਤੇ ਸੰਗਤ ਦੇ ਨਾਲ-ਨਾਲ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਬੱਚਿਆਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ ਸਕੂਲੀ ਬੈਂਡ ਵੀ ਆਕਰਸ਼ਣ ਦਾ ਕੇਂਦਰ ਬਣਨਗੇ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਸਬੰਧ 'ਚ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਇਕੱਤਰਤਾ ਕੀਤੀ ਗਈ, ਜਿਸ 'ਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਭਗਵੰਤ ਸਿੰਘ ਸਿਆਲਕਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ ਸਮੇਤ ਹੋਰ ਅਧਿਕਾਰੀ ਅਤੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਮੁਖੀ ਸ਼ਾਮਲ ਹੋਏ।
ਇਕੱਤਰਤਾ ਮਗਰੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ 'ਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਤਰਨ ਤਾਰਨ ਜ਼ਿਲਿਆਂ 'ਚੋਂ 27 ਵਿਦਿਅਕ ਅਦਾਰਿਆਂ ਦੇ ਘੱਟੋ-ਘੱਟ 100-100 ਵਿਦਿਆਰਥੀ ਅਤੇ 10-10 ਅਧਿਆਪਕ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਗੁਰਪੁਰਬ ਅਤੇ ਹੋਰ ਇਤਿਹਾਸਕ ਦਿਹਾੜੇ ਨੌਜਵਾਨਾਂ ਅਤੇ ਬੱਚਿਆਂ ਨੂੰ ਵਿਰਸੇ ਪ੍ਰਤੀ ਜਾਗਰੂਕ ਕਰਨ ਲਈ ਅਹਿਮ ਮੌਕੇ ਹੁੰਦੇ ਹਨ। ਇਸ ਅਧੀਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਕੂਲੀ ਬੱਚਿਆਂ ਨੂੰ ਗੁਰੂ ਸਾਹਿਬ ਦੇ ਜੀਵਨ ਫ਼ਲਸਫ਼ੇ ਨਾਲ ਜੋੜਨ ਲਈ ਵੀ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਗੁਰਪੁਰਬ ਨੂੰ ਸਮਰਪਿਤ ਹੁੰਦਿਆਂ ਵਿਦਿਆਰਥੀਆਂ ਨੂੰ ਗੁਰਬਾਣੀ, ਇਤਿਹਾਸ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਸਮਾਜਿਕ ਕੁਰੀਤੀਆਂ ਵਿਰੁੱਧ ਵੀ ਸੁਚੇਤ ਕਰਨ ਲਈ ਅਧਿਆਪਕ ਫਰਜ਼ ਨਿਭਾਉਣਗੇ।
ਭੋਲਾ ਸ਼ੂਟਰ ਗੈਂਗ ਦੇ ਗੁਰਲਾਲ ਨੂੰ ਮਾਰਨ ਚੱਲੇ 3 ਬਦਮਾਸ਼ ਹਥਿਆਰਾਂ ਸਣੇ ਕਾਬੂ
NEXT STORY