ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਲਈ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾ: ਦਸਵੀਂ ਮਾਛੀਵਾੜਾ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਨਗਾੜਿਆਂ ਦੀ ਗੂੰਜ ਨਾਲ ਰਵਾਨਾ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਪੁੱਜੀਆਂ ਹੋਈਆਂ ਸਨ।
ਨਗਰ ਕੀਰਤਨ ਦੀ ਰਵਾਨਗੀ ਮੌਕੇ ਭਾਰੀ ਗਿਣਤੀ ਵਿਚ ਨੌਜੁਆਨ ਵੀ ਪੀਲੀਆਂ ਦਸਤਾਰਾਂ ਸਜਾ ਕੇ ਸ਼ਾਮਲ ਹੋਏ। ਇਨ੍ਹਾਂ ਨੌਜੁਆਨਾਂ ਨੇ ਮੋਟਰਸਾਈਕਲਾਂ ’ਤੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਪਾ: ਦਸਵੀਂ ਮਾਛੀਵਾੜਾ ਵਿਖੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਜੇ ਦੀਵਾਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਨੇ ਸੰਗਤ ਨੂੰ ਨੌਵੇਂ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਸੰਗਤ ਨੂੰ ਸ਼ਤਾਬਦੀ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਵਿਚ ਭਰਵੀਂ ਸ਼ਮੂਲੀਅਤ ਲਈ ਪ੍ਰੇਰਿਆ ਅਤੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਕਿਹਾ।
ਇਸ ਮੌਕੇ ਸ. ਹਰਜਤਿੰਦਰ ਸਿੰਘ ਪਵਾਤ ਨੇ ਸੰਬੋਧਨ ਕਰਦਿਆਂ ਸੰਗਤ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਜੀਤ ਸਿੰਘ ਮੰਗਲੀ, ਬੀਬੀ ਹਰਜਿੰਦਰ ਕੌਰ ਪਵਾਤ ਅਤੇ ਸ. ਮਹਿੰਦਰ ਸਿੰਘ ਹੁਸੈਨਪੁਰ ਨੇ ਸਾਂਝੇ ਤੌਰ ’ਤੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀਆਂ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਨਿਵਾਜਿਆ। ਨਗਰ ਕੀਰਤਨ ਵਿਚ ਜਥੇਦਾਰ ਸੰਤਾ ਸਿੰਘ ਉਮੈਦਪੁਰ, ਜਥੇਦਾਰ ਉਜਾਗਰ ਸਿੰਘ, ਸ. ਜਗਦੀਸ਼ ਸਿੰਘ ਬਰਾੜ, ਸ. ਜਸਬੀਰ ਸਿੰਘ ਢਿੱਲੋਂ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ।
ਇਸੇ ਦੌਰਾਨ ਮਾਛੀਵਾੜਾ ਅਤੇ ਇਸ ਤੋਂ ਅਗਲੇ ਵੱਖ-ਵੱਖ ਪੜਾਵਾਂ ’ਤੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਹੋਇਆ ਅਤੇ ਸੰਗਤ ਵੱਲੋਂ ਲੰਗਰਾਂ ਦੀ ਸੇਵਾ ਵੀ ਕੀਤੀ ਗਈ। ਸਵਾਗਤੀ ਗੇਟ ਅਤੇ ਸੁੰਦਰ ਲੜੀਆਂ ਵੀ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੀਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਇੰਚਾਰਜ ਸ. ਲਖਬੀਰ ਸਿੰਘ ਡੋਗਰ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਦੇ ਮੈਨੇਜਰ ਆਦਿ ਵੀ ਮੌਜੂਦ ਸਨ।
ਮਲਿਕ ਨੇ ਸੰਸਦ ’ਚ ਉਠਾਇਆ ਅਯੁੱਧਿਆ ਤੋਂ ਅੰਮ੍ਰਿਤਸਰ ਤੱਕ ਸਿੱਧੀ ਟਰੇਨ ਚਲਾਉਣ ਦਾ ਮੁੱਦਾ
NEXT STORY