ਅੰਮ੍ਰਿਤਸਰ (ਸੁਮਿਤ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੌਅ ਸਜਾਏ ਗਏ। ਜਲੌਅ ਨੂੰ ਦੇਖਣ ਦੇ ਲਈ ਵੱਡੀ ਗਿਣਤੀ ’ਚ ਸ਼ਰਧਾਲੂ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ ਹੋਏ ਸਨ। ਇਸ ਮੌਕੇ ਪਹੁੰਚੀਆਂ ਸੰਗਤਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕੀਤੇ ਅਤੇ ਫਿਰ ਗੁਰੂ ਮਹਾਰਾਜ ਦੇ ਚਰਨਾਂ ’ਚ ਹਾਜ਼ਰੀ ਲਗਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਹਰਿਮੰਦਰ ਸਾਹਿਬ ਅੰਦਰ ਸਜਾਏ ਗਏ ਜਲੌਅ ਵਿਚ ਹੀਰੇ-ਮੋਤੀ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ ਆਦਿ ਸੀ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਦੁਆਰਾ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜਾਨਾ ਸ਼ਾਮਲ ਹੈ।

ਇਸ ਦੇ ਨਾਲ ਹੀ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 399ਵੇਂ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮਗਰੋਂ ਸੱਚਖੰਡ ਸ੍ਰੀ ਹਰਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਦੱਸਣਯੋਗ ਹੈ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸਮਾਗਮ ਬਿਲਕੁਲ ਸਾਦਾ ਢੰਗ ਨਾਲ ਸਜਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਸਮਾਗਮ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੁਨੇਹਾ ਦਿੱਤਾ। ਮਨੁੱਖਤਾ ਦੇ ਸੰਕਟ ’ਚੋਂ ਗੁਰੂ ਸਾਹਿਬ ਦੀ ਕਿਰਪਾ ਨਾਲ ਜਲਦ ਨਿਕਲਣ ਦੀ ਆਸ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਸੀਂ ਖੁਸ਼ਕਿਸਮਤ ਹਾਂ ਕਿ ਗੁਰੂ ਸਾਹਿਬ ਦੀ ਚੌਥੀ ਪ੍ਰਕਾਸ਼ ਸ਼ਤਾਬਦੀ ਸਾਡੇ ਸਮਿਆਂ ਅੰਦਰ ਆ ਰਹੀ ਹੈ। ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਅੱਜ ਵਿਸ਼ਾਲ ਪੱਧਰ ’ਤੇ ਆਰੰਭ ਕੀਤੇ ਜਾਣੇ ਸਨ ਪਰ ਮੌਜੂਦਾ ਹਾਲਾਤ ਕਾਰਣ ਕੇਵਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੀ ਇਨ੍ਹਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਹੀ ਹਾਲਾਤ ਆਮ ਵਾਂਗ ਹੋਣਗੇ ਤਾਂ ਸ਼੍ਰੋਮਣੀ ਕਮੇਟੀ ਦੇਸ਼ ਦੁਨੀਆਂ ਅੰਦਰ ਸਜਾਏ ਜਾਣ ਵਾਲੇ ਸਮਾਗਮਾਂ ਦੀ ਵਿਉਂਤਬੰਦੀ ਕਰੇਗੀ। ਉਨ੍ਹਾਂ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸਿੱਖ ਪੰਥ ਵਲੋਂ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ ਅਤੇ ਹਰ ਜਥੇਬੰਦੀ ਦੇ ਸਹਿਯੋਗ ਨਾਲ ਸਮਾਗਮ ਕੀਤੇ ਜਾਣਗੇ।

ਕਰਫਿਊ ਕਾਰਨ ਮਜ਼ਦੂਰਾਂ ਦਾ ਪਿਆ 'ਅਕਾਲ', ਪੰਜਾਬੀਆਂ ਨੂੰ ਖੁਦ ਚੁੱਕਣੇ ਪੈਣਗੇ ਖੇਤੀ ਹਥਿਆਰ
NEXT STORY