ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਅੱਜ ਪੰਜਾਬ ਮੋਰਚੇ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਜਥੇਬੰਦੀਆਂ, ਵੱਖ-ਵੱਖ ਟੈਕਸੀ ਯੂਨੀਅਨ, ਕੀਰਤੀ ਕਿਸਾਨ ਮੋਰਚਾ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਦੇ ਨਾਲ ਸ੍ਰੀ ਕੀਰਤਪੁਰ ਸਾਹਿਬ-ਮਨਾਲੀ ਕੌਮੀ ਮਾਰਗ ਪਿੰਡ ਗੜਾ ਮੋੜਾ ਵਿਖੇ ਹਿਮਾਚਲ ਪ੍ਰਦੇਸ਼ ਵੱਲੋਂ ਐਂਟਰੀ ਟੈਕਸ 'ਚ ਕੀਤੇ ਵਾਧੇ ਦੇ ਵਿਰੋਧ ਵਿੱਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਅਤੇ ਪੰਜ ਘੰਟੇ ਤੱਕ ਜਾਮ ਲਗਾਇਆ। ਇਸ ਤੋਂ ਇਲਾਵਾ ਪਿੰਡ ਦੇਹਣੀ ਤੋਂ ਪਿੰਡ ਬਘੇਰੀ ਨਾਲਾਗੜ੍ਹ ਨੂੰ ਜਾਣ ਵਾਲੇ ਮਾਰਗ ਉੱਪਰ ਵੀ ਨਾਲਾਗੜ ਯੂਨੀਅਨ ਹਿਮਾਚਲ ਪ੍ਰਦੇਸ਼ ਵੱਲੋਂ ਪੰਜਾਬ ਦੇ ਵੱਖ ਵੱਖ ਪਿੰਡਾਂ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੇ ਸਹਿਯੋਗ ਦੇ ਨਾਲ ਬਘੇਰੀ ਐਂਟਰੀ ਟੈਕਸ ਨਾਕੇ 'ਤੇ 10 ਘੰਟੇ ਤੱਕ ਜਾਮ ਲਗਾਇਆ ਗਿਆ ਇਸ ਮੌਕੇ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਰਹੀ। ਇਸ ਮੌਕੇ ਪੰਜਾਬ ਮੋਰਚੇ ਦੇ ਕਨਵੀਨਰ ਗੌਰਵ ਰਾਣਾ ਨੇ ਦੱਸਿਆ ਕਿ ਅੱਜ ਹਿਮਾਚਲ ਪ੍ਰਦੇਸ਼ ਵਲੋਂ ਐਂਟਰੀ ਟੈਕਸ ਵਿੱਚ ਕੀਤੇ ਵਾਧੇ ਦੇ ਵਿਰੋਧ ਵਿੱਚ ਪੰਜਾਬ ਦੇ ਵੱਖ ਵੱਖ 33 ਐਂਟਰੀ ਟੈਕਸ ਨਾਕਿਆਂ ਉੱਪਰ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਦੇ ਨਾਲ ਰੋਸ ਧਰਨੇ ਦਿੱਤੇ ਗਏ।
ਇਹ ਵੀ ਪੜ੍ਹੋ: ਪੰਜਾਬ 'ਚ 3, 4 ਨੂੰ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ Alert,ਪੜ੍ਹੋ 5 ਦਿਨਾਂ ਦੀ ਮੌਸਮ ਦੀ ਅਪਡੇਟ
ਉਨ੍ਹਾਂ ਕਿਹਾ ਕਿ ਅੱਜ ਸ੍ਰੀ ਕੀਰਤਪੁਰ ਸਾਹਿਬ ਮਨਾਲੀ ਕੌਮੀ ਮਾਰਗ ਉੱਪਰ ਲਗਾਏ ਗਏ ਰੋਸ ਧਰਨੇ ਦੌਰਾਨ ਹਿਮਾਚਲ ਪ੍ਰਦੇਸ਼ ਸਵਾਰਘਾਟ ਦੇ ਐੱਸ. ਡੀ. ਐੱਮ ਅਤੇ ਡੀ. ਐੱਸ. ਪੀ. ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ। ਉਨ੍ਹਾਂ ਵੱਲੋਂ ਸਾਨੂੰ ਭਰੋਸਾ ਦਿੱਤਾ ਗਿਆ ਹੈ ਕਿ 10 ਦਿਨਾਂ ਦੇ ਵਿਚ ਉਹ ਹਿਮਾਚਲ ਪ੍ਰਦੇਸ਼ ਦੇ ਟਰਾਂਸਪੋਰਟ ਮੰਤਰੀ ਨਾਲ ਗੱਲ ਕਰਕੇ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਪੰਜਾਬ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਵੱਲੋਂ ਐਂਟਰੀ ਟੈਕਸ ਵਿੱਚ ਜੋ ਵਾਧਾ ਕੀਤਾ ਗਿਆ ਸੀ, ਉਸ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਵਾਪਸ ਲੈ ਲਿਆ ਗਿਆ ਹੈ ਅਤੇ ਹੁਣ ਪੁਰਾਣੇ ਰੇਟਾਂ 'ਤੇ ਐਂਟਰੀ ਟੈਕਸ ਲੱਗੇਗਾ। ਉਹਨਾਂ ਕਿਹਾ ਕਿ ਅੱਜ ਸਾਡੇ ਵੱਲੋਂ ਹਿਮਾਚਲ ਪ੍ਰਦੇਸ਼ ਪ੍ਰਸ਼ਾਸਨ ਨਾਲ ਗੱਲ ਕਰਕੇ ਪਿੰਡ ਗੜਾਮੋੜਾ ਐਂਟਰੀ ਟੈਕਸ ਪਿੰਡ ਬਘੇਰੀ ਐਂਟਰੀ ਟੈਕਸ ਸਮੇਤ ਵੱਖ-ਵੱਖ ਥਾਵਾਂ 'ਤੇ ਲੱਗੇ ਐਂਟਰੀ ਟੈਕਸ ਨਾਕਿਆਂ ਉੱਪਰੋਂ ਸਾਰੇ ਵਾਹਨਾਂ ਨੂੰ ਮੁਫ਼ਤ ਲੰਘਾਇਆ ਗਿਆ ਹੈ। ਕਿਸੇ ਵੀ ਵਾਹਨ ਦੀ ਪਰਚੀ ਕੱਟਣ ਨਹੀਂ ਦਿੱਤੀ ਗਈ, ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਰਾਤ 12 ਵਜੇ ਤੱਕ ਲਾਗੂ ਰਹੇਗਾ।

ਉਨ੍ਹਾਂ ਕਿਹਾ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਐਂਟਰੀ ਟੈਕਸ 'ਚ ਪੰਜਾਬ ਦੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਛੋਟ ਨਹੀਂ ਦਿੱਤੀ ਅਤੇ ਲਿਆ ਵਾਧਾ ਵਾਪਸ ਨਹੀਂ ਲਿਆ ਤਾਂ ਉਹ ਅਗਲਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਦੇ ਰੋਸ ਧਰਨੇ ਅਤੇ ਜਾਮ ਕਾਰਨ ਆਮ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ, ਪਰ ਇਸ ਨਾਲ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਅਤੇ ਹੋਰ ਲੋਕਾਂ ਨੂੰ ਇਹ ਪਤਾ ਲੱਗ ਗਿਆ ਹੈ ਕਿ ਇਹ ਰੋਸ ਧਰਨਾ ਐਂਟਰੀ ਟੈਕਸ ਦੇ ਵਿਰੋਧ ਵਿੱਚ ਕੀਤਾ ਗਿਆ ਹੈ ਜੋਕਿ ਧੱਕੇਸ਼ਾਹੀ ਹੈ, ਇਕ ਜਜੀਆ ਟੈਕਸ ਹੈ, ਜਿਸ ਨੂੰ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਪੰਜਾਬ ਵਿੱਚੋਂ ਹੋਈ ਨਿਕਲਿਆ ਹੋਇਆ ਸੂਬਾ ਹੈ, ਹਿਮਾਚਲ ਪ੍ਰਦੇਸ਼ ਪਹਿਲਾਂ ਪੰਜਾਬ ਦਾ ਹੀ ਇਕ ਹਿੱਸਾ ਹੁੰਦਾ ਸੀ।

ਇਹ ਵੀ ਪੜ੍ਹੋ: ਜਲੰਧਰ ਦੀ ਧੀ ਨੇ ਨੈਸ਼ਨਲ ਮੈਚ 'ਚ ਜਿੱਤਿਆ ਗੋਲਡ ਮੈਡਲ, ਪੰਜਾਬ ਦਾ ਨਾਂ ਕੀਤਾ ਰੌਸ਼ਨ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਉੱਪਰ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਐਂਟਰੀ ਟੈਕਸ ਨਹੀਂ ਲਗਾਉਣਾ ਚਾਹੀਦਾ ਹੈ। ਹਿਮਾਚਲ ਦੀ ਗੰਦਗੀ ਮੱਲ ਮੂਤਰ ਦਰਿਆਵਾਂ ਰਾਹੀਂ ਖੱਡਾ ਰਾਹੀਂ ਪੰਜਾਬ ਨੂੰ ਆ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੀਆਂ ਫੈਕਟਰੀਆਂ ਦਾ ਪ੍ਰਦੂਸ਼ਣ ਵੀ ਪੰਜਾਬ ਦੇ ਲੋਕ ਝੱਲ ਰਹੇ ਹਨ। ਹਿਮਾਚਲ ਪ੍ਰਦੇਸ਼ ਵਿੱਚ ਲੱਗੀਆਂ ਕਈ ਫੈਕਟਰੀਆਂ ਦੇ ਕੈਮੀਕਲ ਯੁਕਤ ਪਾਣੀ ਨੇ ਪੰਜਾਬ ਦੇ ਪਾਣੀ ਨੂੰ ਗੰਦਾ ਕਰਕੇ ਰੱਖ ਦਿੱਤਾ ਹੈ ਜੋਕਿ ਪੀਣ ਯੋਗ ਨਹੀਂ ਰਿਹਾ ਹੈ। ਇਸ ਲਈ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਉੱਪਰ ਕੋਈ ਵੀ ਐਂਟਰੀ ਟੈਕਸ ਨਾ ਲਗਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਰੋਸ ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੂਰੇ ਜ਼ੋਰ ਸ਼ੋਰ ਨਾਲ ਸਾਥ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਜੀਜੇ ਨੇ ਟਰਾਲੀ 'ਚ ਸੌਂ ਰਹੇ ਸਾਲੇ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ
NEXT STORY