ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ, ਪਵਨ ਤਨੇਜਾ, ਖੁਰਾਣਾ, ਸੁਖਪਾਲ, ਲਖਵੀਰ) - 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੀਆਂ ਰੌਣਕਾਂ ਸ਼ੁਰੂ ਹੋ ਗਈਆਂ ਹਨ। ਪਹਿਲੀ ਮਾਘ ਦੇ ਪਹਿਲੇ ਪਹਿਰ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ। ਇਸ ਮੌਕੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ 'ਚ ਆਈਆਂ ਹੋਈਆਂ ਸੰਗਤਾਂ ਨੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ।

ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਸੰਗਤਾਂ ਨੇ 40 ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ। ਇਸ ਵਿਸ਼ੇਸ਼ ਮੌਕੇ 'ਤੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਮੈਨੇਜਰ ਨੇ ਆਈਆਂ ਹੋਈਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ।

ਇਸੇ ਦੌਰਾਨ ਸ਼ਰਧਾਲੂਆਂ ਨੇ ਗੁਰਦੁਆਰਾ ਸ਼ਹੀਦਗੰਜ ਸਾਹਿਬ, ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਰਕਾਬਸਰ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ, ਗੁਰਦੁਆਰਾ ਦਾਤਨਸਰ ਸਾਹਿਬ, ਗੁਰਦੁਆਰਾ ਸ੍ਰੀ ਤਰਨਤਾਰਨ ਸਾਹਿਬ ਆਦਿ ਗੁਰਦੁਆਰਿਆਂ ਵਿਖੇ ਵੀ ਸ਼ਰਧਾ ਅਤੇ ਭਾਵਨਾ ਨਾਲ ਮੱਥਾ ਟੇਕਿਆ।

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਲੋਂ ਜਿੱਥੇ ਆਏ ਹੋਏ ਸ਼ਰਧਾਲੂਆਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ, ਉਥੇ ਹੀ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਸਿੱਖ ਇਤਿਹਾਸ ਨੂੰ ਦਰਸਾਉਂਦੀ ਇਕ ਪ੍ਰਦਰਸ਼ਨੀ ਵੀ ਲਗਾਈ ਗਈ ਸੀ, ਜਿਸ ਨੂੰ ਸੰਗਤਾਂ ਬੜੇ ਉਤਸ਼ਾਹ ਨਾਲ ਦੇਖ ਰਹੀਆਂ ਸਨ।

ਦੱਸ ਦੇਈਏ ਕਿ ਸਿੱਖ ਇਤਿਹਾਸ 'ਚ ਮਾਘੀ ਮੇਲੇ ਦਾ ਬੜਾ ਹੀ ਮਹੱਤਵਪੂਰਨ ਅਤੇ ਵਿਸ਼ੇਸ਼ ਸਥਾਨ ਹੈ। ਇਸ ਦਿਨ ਸਿੱਖਾਂ ਦੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੇਦਾਵਾ ਲਿਖ ਕੇ ਦੇ ਆਉਣ ਵਾਲੇ 40 ਸਿੱਖਾਂ ਦਾ ਬੇਦਾਵਾ ਪਾੜ ਕੇ ਨਾ ਸਿਰਫ ਉਨ੍ਹਾਂ ਨੂੰ ਆਤਮ ਗਿਲਾਨੀ ਤੋਂ ਮੁਕਤੀ ਦਿੱਤੀ ਸਗੋਂ ਉਨ੍ਹਾਂ ਨੂੰ 40 ਮੁਕਤਿਆਂ ਦਾ ਨਾਂ ਦੇ ਕੇ ਅਮਰ ਕਰ ਦਿੱਤਾ।

ਮਾਘੀ ਮੇਲੇ ਦੇ ਸੁਰੱਖਿਆ ਦੇ ਮੱਦੇਨਜ਼ਰ ਜ਼ਿਲਾ ਪੁਲਸ ਪ੍ਰਸ਼ਾਸਨ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਸਾਰੇ ਗੇਟ 'ਤੇ ਸੀ. ਸੀ. ਟੀ. ਕੈਮਰੇ ਲਗਾ ਕੇ ਤਿੱਖੀ ਨਜ਼ਰ ਰੱਖੀ ਗਈ।

ਹਰਸਿਮਰਤ ਕੌਰ ਬਾਦਲ ਖਿਲਾਫ ਚੋਣ ਲੜਨਗੇ ਸੁਖਪਾਲ ਖਹਿਰਾ (ਵੀਡੀਓ)
NEXT STORY