ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ/ਸ਼ਮਸ਼ੇਰ ਸਿੰਘ ਡੂਮੇਵਾਲ) : ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਅੱਜ ਸਵੇਰੇ ਤੜਕੇ 4 ਵਜੇ ਦੇ ਕਰੀਬ ਖਾਲਸੇ ਦੀ ਜਨਮ ਭੂਮੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਅਤੇ ਅਮਰਜੀਤ ਸਿੰਘ, ਮੈਨੇਜਰ ਜਸਬੀਰ ਸਿੰਘ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਇਕੱਤਰ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰ ਕੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਵਾਲੀ ਅਤੇ ਪਵਿੱਤਰ ਸ਼ਸਤਰਾਂ ਵਾਲੀਆਂ ਗੱਡੀਆਂ ਨੂੰ ਪ੍ਰਬੰਧਕਾਂ ਵੱਲੋਂ ਤਖਤ ਸਾਹਿਬ ਦੇ ਦੀਵਾਨ ਹਾਲ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ ਖੜ੍ਹਾਇਆ ਗਿਆ। ਤਕਰੀਬਨ ਚਾਰ ਘੰਟਿਆਂ ਦੇ ਵਿਸ਼ਰਾਮ ਤੋਂ ਬਾਅਦ ਨਗਰ ਕੀਰਤਨ ਦੀ ਅਗਲੇ ਪੜਾਅ ਲਈ ਤਿਆਰੀ ਆਰੰਭ ਦਿੱਤੀ ਗਈ।
ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ 'ਚ ਸੁਸ਼ੋਭਿਤ ਕੀਤਾ ਅਤੇ ਅਰਦਾਸ ਉਪਰੰਤ ਇਹ ਵਿਸ਼ਾਲ ਨਗਰ ਕੀਰਤਨ ਵਰ੍ਹਦੇ ਮੀਂਹ 'ਚ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਸਕੂਲਾਂ ਦੇ ਵੱਡੀ ਗਿਣਤੀ ਬੱਚਿਆਂ ਅਤੇ ਇਲਾਕੇ ਦੀਆਂ ਹਜ਼ਾਰਾਂ ਦੀ ਗਿਣਤੀ ਸੰਗਤਾਂ ਵੱਲੋਂ ਪੈ ਰਹੀ ਭਾਰੀ ਬਾਰਿਸ਼ ਦੀ ਪ੍ਰਵਾਹ ਕੀਤੇ ਬਿਨਾਂ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪੰਜਾਬ ਪੁਲਸ ਦੀ ਟੁਕੜੀ ਵੱਲੋਂ ਸਨਮਾਨ ਵਜੋਂ ਸਲਾਮੀ ਵੀ ਦਿੱਤੀ ਗਈ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਜ਼ਿਲਾ ਭਾਜਪਾ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ, ਨਗਰ ਕੌਂਸਲ ਦੇ ਪ੍ਰਧਾਨ ਹਰਜੀਤ ਸਿੰਘ ਜੀਤਾ, ਬਾਬਾ ਤੀਰਥ ਸਿੰਘ, ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਸਾਬਕਾ ਪ੍ਰਧਾਨ ਮਹਿੰਦਰ ਸਿੰਘ ਵਾਲੀਆ, ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਸੰਦੀਪ ਸਿੰਘ ਕਲੋਤਾਂ, ਸੁਰਜੀਤ ਸਿੰਘ ਚੈਹੜਮਜਾਰਾ, ਸੂਚਨਾ ਅਫਸਰ ਹਰਦੇਵ ਸਿੰਘ, ਸਰਕਲ ਪ੍ਰਧਾਨ ਮਾ. ਹਰਜੀਤ ਸਿੰਘ ਅਚਿੰਤ ਅਤੇ ਜਥੇਦਾਰ ਸੁਰਿੰਦਰ ਸਿੰਘ ਮਟੋਰ ਸਮੇਤ ਬਹੁਤ ਵੱਡੀ ਗਿਣਤੀ 'ਚ ਸੰਗਤ ਹਾਜ਼ਰ ਸੀ।
ਘਰ 'ਚ ਵੜ ਕੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ, ਨੌਜਵਾਨ ਗੰਭੀਰ ਜ਼ਖ਼ਮੀ
NEXT STORY