ਬਰਨਾਲਾ (ਕਮਲਜੀਤ) : ਸੀ.ਆਰ.ਸੀ. ਸ਼ਾਖਾ, ਐੱਸ.ਐੱਸ.ਪੀ. ਦਫ਼ਤਰ ਬਰਨਾਲਾ ਵਿਖੇ ਤਾਇਨਾਤ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਸਹਾਇਕ ਸਬ-ਇੰਸਪੈਕਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਉਸਨੇ ਆਪਣੀ ਸੇਵਾ ਵਿਚ ਵਾਧਾ ਲੈਣ ਲਈ ਬੇਨਤੀ ਕੀਤੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸੇਵਾ ਕਾਲ ਵਿਚ ਵਾਧਾ ਲੈਣ ਵਿਚ ਉਸਦੀ ਮਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਕੇ ਅਪਣਾ ਕੰਮ ਕਰਵਾਉਣਾ ਵਾਜਿਬ ਨਹੀਂ ਸਮਝਿਆ। ਇਸੇ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਪਟਿਆਲਾ ਕੋਲ ਸ਼ਿਕਾਇਤ ਕੀਤੀ ।
ਉਸਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਦਵਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵਿਜੀਲੈਂਸ ਬਿਊਰੋ ਵੱਲੋਂ ਬਰਨਾਲਾ SSP ਦਫ਼ਤਰ ਦਾ ਸੀਨੀਅਰ ਅਸਿਸਟੈਂਟ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫਤਾਰ
NEXT STORY