ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ 1320 ਸਹਾਇਕ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ’ਚ 28,362 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਸਥਾਪਿਤ ਕੀਤਾ ਹੈ। ਇੱਥੇ ਟੈਗੋਰ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵੱਡੀ ਗਿਣਤੀ ’ਚ ਉਮੀਦਵਾਰਾਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਕਰੀ ਚੁਣੇ ਗਏ ਉਮੀਦਵਾਰਾਂ ਲਈ ਬਹੁਤ ਅਹਿਮ ਜ਼ਿੰਮੇਵਾਰੀ ਲੈ ਕੇ ਆਉਂਦੀ ਹੈ ਕਿਉਂਕਿ ਉਨ੍ਹਾਂ ਨੇ ਮਿਸ਼ਨਰੀ ਭਾਵਨਾ ਨਾਲ ਸਮਾਜ ਦੀ ਸੇਵਾ ਕਰਨੀ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਉਮੀਦਵਾਰਾਂ ਦੀ ਚੋਣ ਪੂਰੀ ਤਰ੍ਹਾਂ ਮੈਰਿਟ ਅਤੇ ਪਾਰਦਰਸ਼ਤਾ ਦੇ ਆਧਾਰ ’ਤੇ ਕੀਤੀ ਗਈ ਹੈ ਅਤੇ ਇਹ ਨੌਕਰੀ ਉਨ੍ਹਾਂ ਦੀ ਸਖਤ ਮਿਹਨਤ ਦਾ ਨਤੀਜਾ ਹੈ। ਭਗਵੰਤ ਮਾਨ ਨੇ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦਾ ਸਵਾਗਤ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਲਈ ਕੋਈ ਸ਼ਾਰਟ ਕੱਟ ਨਹੀਂ ਹੁੰਦਾ ਤੇ ਸਿਰਫ਼ ਸਖ਼ਤ ਮਿਹਨਤ ਨਾਲ ਹੀ ਆਮ ਵਿਅਕਤੀ ਆਪਣੇ ਸੁਪਨੇ ਪੂਰੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀ ਉਨ੍ਹਾਂ ਦੀ ਆਖਰੀ ਮੰਜ਼ਿਲ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਜੀਵਨ ਵਿਚ ਅਜੇ ਬਹੁਤ ਪੜਾਅ ਪਾਰ ਕਰਨੇ ਹਨ। ਭਗਵੰਤ ਮਾਨ ਨੇ ਕਿਹਾ ਕਿ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਆਪਣੀ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ ਅਤੇ ਸਫ਼ਲਤਾ ਕਿਸੇ ਨਾ ਕਿਸੇ ਰੂਪ ਵਿਚ ਉਨ੍ਹਾਂ ਦੇ ਹੱਥ ਜ਼ਰੂਰ ਆਵੇਗੀ।
ਮੁੱਖ ਮੰਤਰੀ ਨੇ ਉਮੀਦਵਾਰਾਂ ਨੂੰ ਨਕਾਰਾਤਮਕ ਸੋਚ ਰੱਖਣ ਵਾਲੇ ਲੋਕਾਂ ਦੀ ਸੰਗਤ ਤੋਂ ਦੂਰ ਰਹਿਣ ਲਈ ਵੀ ਕਿਹਾ ਕਿਉਂਕਿ ਇਹ ਸੂਬੇ ਦੀ ਤਰੱਕੀ ਵਿਚ ਰੁਕਾਵਟ ਬਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੇ ‘ਆਪ’ ਦੀ ਸਰਕਾਰ ਬਣਾ ਕੇ ਸੂਬੇ ਦੀ ਸਿਆਸਤ ਵਿਚ ਨਵਾਂ ਬਦਲਾਅ ਲਿਆਂਦਾ ਹੈ। ਭਗਵੰਤ ਮਾਨ ਨੇ ਕਿਹਾ,“ਜਿਹੜੇ ਲੋਕ ਸੱਤਾ ਵਿਚ ਹੁੰਦੇ ਹੋਏ ਮਹਿਲਾਂ ਵਿਚੋਂ ਬਾਹਰ ਨਹੀਂ ਨਿਕਲੇ ਸਨ, ਉਨ੍ਹਾਂ ਨੂੰ ਸੂਬੇ ਦੇ ਸਿਆਸੀ ਨਕਸ਼ੇ ਤੋਂ ਬਾਹਰ ਕਰ ਦਿੱਤਾ ਗਿਆ ਹੈ।”
ਇਹ ਵੀ ਪੜ੍ਹੋ : ਵਿਦਿਆਰਥੀ ਖਿਡਾਰੀਆਂ ਦੇ ਹਿੱਤ ’ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਕਿਸੇ ਵੀ ਸੂਬੇ ਦੇ ਵਿਕਾਸ ਲਈ ਸਭ ਤੋਂ ਵੱਧ ਮਹੱਤਵਪੂਰਨ ਹੁੰਦੀ ਹੈ, ਇਸ ਲਈ ਪੀ. ਐੱਸ. ਪੀ. ਸੀ. ਐੱਲ. ਸਹੀ ਮਾਅਨਿਆਂ ਵਿਚ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਬਿਜਲੀ ਸਪਲਾਈ ਨੂੰ ਪੂਰਾ ਕਰਨਾ ਕਿਸੇ ਵੀ ਸਰਕਾਰ ਲਈ ਵੱਡੀ ਚੁਣੌਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਵਿਚੋਂ ਲੰਬੇ ਕੱਟ ਲੱਗਣ ਦੇ ਦਿਨ ਖਤਮ ਹੋ ਗਏ ਹਨ ਕਿਉਂਕਿ ਪੰਜਾਬ ਵਾਧੂ ਬਿਜਲੀ ਬਣਨ ਵੱਲ ਵਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿਚ ਬਿਜਲੀ ਉਤਪਾਦਨ ਵਿਚ 83 ਫੀਸਦੀ ਦਾ ਵਾਧਾ ਹੋਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਬਿਜਲੀ ਉਤਪਾਦਨ ਲਈ ਕੋਲੇ ਦੀ ਸਪਲਾਈ ਕਈ ਸਾਲਾਂ ਬਾਅਦ ਮੁੜ ਸ਼ੁਰੂ ਹੋਈ ਹੈ। ਹੁਣ ਤੱਕ ਇਸ ਕੋਲਾ ਖਾਣ ਤੋਂ 5 ਲੱਖ ਮੀਟ੍ਰਿਕ ਟਨ ਕੋਲਾ ਪ੍ਰਾਪਤ ਕੀਤਾ ਜਾ ਚੁੱਕਾ ਹੈ ਅਤੇ ਇਸ ਨੇ ਬਿਜਲੀ ਸਪਲਾਈ ਵਧਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਠੋਸ ਯਤਨਾਂ ਸਦਕਾ ਕੇਂਦਰ ਸਰਕਾਰ ਮਹਾਨਦੀ ਕੋਲਫੀਲਡਜ਼ ਲਿਮਟਿਡ (ਐੱਮ. ਸੀ. ਐੱਲ.) ਤੋਂ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀ.ਐੱਸ.ਪੀ.ਐੱਲ.) ਨੂੰ ਕੋਲੇ ਦੀ ਸਪਲਾਈ ਲਈ ਆਰ. ਐੱਸ. ਆਰ. (ਰੇਲ-ਸਮੁੰਦਰ-ਰੇਲ) ਦੀ ਲਾਜ਼ਮੀ ਸ਼ਰਤ ਨੂੰ ਮੁਆਫ਼ ਕਰਨ ਲਈ ਸਹਿਮਤ ਹੋਈ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਕੋਲ ਮਨਮਾਨੀ ਦਾ ਇਹ ਮੁੱਦਾ ਮੀਟਿੰਗ ਦੌਰਾਨ ਉਠਾਇਆ ਸੀ, ਜਿਸ ਤੋਂ ਬਾਅਦ ਇਸ ਸਬੰਧੀ ਫੈਸਲਾ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜ੍ਹੋ : ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ’ਤੇ ਦੇਣੀ ਹੋਵੇਗੀ 20 ਫੀਸਦੀ ਪੈਨਲਟੀ, 18 ਫੀਸਦੀ ਵਿਆਜ਼ ਵੀ ਲੱਗੇਗਾ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀ. ਐੱਸ. ਪੀ. ਸੀ. ਐੱਲ. ਨੂੰ ਮਜਬੂਤ ਕਰਨ ਲਈ ਵਚਨਬੱਧ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸਾਰੇ ਵਿਭਾਗਾਂ ਨੂੰ ਆਪਣੇ ਬਕਾਇਆ ਬਿੱਲਾਂ ਨੂੰ ਪੀ.ਐੱਸ.ਪੀ.ਸੀ.ਐੱਲ. ਕੋਲ ਜਮ੍ਹਾ ਕਰਵਾਉਣ ਲਈ ਕਹਿ ਚੁੱਕੇ ਹਨ ਤਾਂ ਜੋ ਇਸ ਦੀ ਵਿੱਤੀ ਸਥਿਤੀ ਹੋਰ ਮਜਬੂਤ ਹੋ ਸਕੇ। ਉਨ੍ਹਾਂ ਕਿਹਾ ਕਿ ਬਿਜਲੀ ਪੈਦਾ ਕਰਨ ਦੇ ਰਵਾਇਤੀ ਤਰੀਕਿਆਂ ਤੋਂ ਇਲਾਵਾ ਸੂਬੇ ਵਿਚ ਬਿਜਲੀ ਪੈਦਾ ਕਰਨ ਦੇ ਹੋਰ ਤਰੀਕਿਆਂ ਨੂੰ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਪਾਣੀ ਤੇ ਬਿਜਲੀ ਦੀ ਬੱਚਤ ਕਰਨ ਲਈ ਸੂਬਾ ਸਰਕਾਰ ਫਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਇਸ ਨਾਲ ਪੀ.ਐੱਸ.ਪੀ.ਸੀ.ਐੱਲ. ’ਤੇ ਬਿਜਲੀ ਉਤਪਾਦਨ ਦੇ ਦਬਾਅ ਨੂੰ ਘਟਾਉਣ ਵਿਚ ਮਦਦ ਮਿਲੇਗੀ ਅਤੇ ਵਾਧੂ ਬਿਜਲੀ ਦੀ ਵਰਤੋਂ ਹੋਰ ਸੈਕਟਰਾਂ ਦੇ ਵਿਕਾਸ ਲਈ ਵੀ ਕੀਤੀ ਜਾ ਸਕੇਗੀ।
ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਬਦਲਵੀਆਂ ਫਸਲਾਂ ਦੇ ਢੁਕਵੇਂ ਮੰਡੀਕਰਨ ਨੂੰ ਯਕੀਨੀ ਬਣਾ ਕੇ ਸੂਬੇ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਕਦਮ ਆਮ ਆਦਮੀ ਦਾ ਜੀਵਨ ਪੱਧਰ ਸੁਧਾਰਨ ਦੇ ਮਕਸਦ ਨਾਲ ਹੈ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, ਰੁਜ਼ਗਾਰ, ਸਕੂਲਾਂ ਅਤੇ ਹਸਪਤਾਲਾਂ ਦੀ ਕਾਇਆ ਕਲਪ ਅਤੇ ਹੋਰ ਫੈਸਲੇ ਸੂਬੇ ਦਾ ਮੁਹਾਂਦਰਾ ਬਦਲਣ ਦਾ ਕੰਮ ਕਰ ਰਹੇ ਹਨ। ਭਗਵੰਤ ਮਾਨ ਨੇ ਪ੍ਰਣ ਕੀਤਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਆਮ ਆਦਮੀ ਅਤੇ ਸੂਬੇ ਦੀ ਭਲਾਈ ਨੂੰ ਯਕੀਨੀ ਬਣਾਏਗਾ।
ਇਹ ਵੀ ਪੜ੍ਹੋ : ਅਹਿਮ ਬਦਲਾਅ : ਬਿਜਲੀ ਦਰਾਂ ਵਧਣਗੀਆਂ, 15 ਸਾਲ ਪੁਰਾਣੇ ਸਰਕਾਰੀ ਵਾਹਨ ਹੋਣਗੇ ਬੰਦ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਨਵੀਂ ਚਰਚਾ: ਆਮ ਆਦਮੀ ਪਾਰਟੀ ਦੇ ਕੁਝ ਆਗੂ ਰੱਖੜੀ ਦੇ ਨੇੜੇ-ਤੇੜੇ ਨਿਗਮ ਚੋਣਾਂ ਕਰਵਾਉਣ ਦੇ ਪੱਖ ’ਚ
NEXT STORY