ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਵਾਪਰੀ ਘਟਨਾ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਸੋਝੀ ਸਮਝੀ ਸਾਜ਼ਿਸ਼ ਨਾਲ ਗੁਰੂ ਘਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਦਕਿ ਸਰਕਾਰ ਮੂਕ ਦਰਸ਼ਕ ਬਣ ਕੇ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ ਇਕ ਕੁੜੀ ਵੱਲੋਂ ਸ਼ਰਾਬ ਪੀਣ ਦੀ ਘਿਨੌਣੀ ਹਰਕਤ ਸਾਜ਼ਿਸ਼ੀ ਹੈ, ਇਹ ਸਹਿਵਨ ਵਾਪਰਿਆ ਵਰਤਾਰਾ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ : ਜ਼ਿਮਨੀ ਚੋਣ ਜਿੱਤਣ ਮਗਰੋਂ ਹੁਣ ਇਹ ਹੋਵੇਗਾ ‘ਆਪ’ ਦਾ ਅਗਲਾ ਨਿਸ਼ਾਨਾ, ਲੀਡਰਸ਼ਿਪ ਲਈ ਵੱਡੀ ਚੁਣੌਤੀ
ਉਨ੍ਹਾਂ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਜ਼ਦੀਕ ਧਮਾਕਿਆਂ ਅਤੇ ਸ਼ਰਧਾਲੂਆਂ ਦੀ ਮਾਰ ਕੁਟਾਈ ਦੀਆਂ ਘਟਨਾਵਾਂ ਅਤੇ ਕਦੇ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਿੱਖ ਵਿਰੋਧੀ ਵਰਤਾਰਾ ਸਰਕਾਰ ਦੀ ਨਾਕਾਮੀ ਦਾ ਨਤੀਜਾ ਹੀ ਹੈ ਕਿਉਂਕਿ ਜੇਕਰ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ ਤਾਂ ਕਿਸੇ ਦਾ ਅਜਿਹਾ ਕਰਨ ਦਾ ਹੀਆ ਨਾ ਪਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸੰਜੀਦਾ ਹੋ ਕੇ ਬਣਦੀ ਜ਼ਿੰਮੇਵਾਰੀ ਨਿਭਾਵੇ ਤਾਂ ਅਜਿਹੀਆਂ ਸਾਜ਼ਿਸ਼ੀ ਘਟਨਾਵਾਂ ਨਾ ਵਾਪਰਣ।
ਇਹ ਵੀ ਪੜ੍ਹੋ : ਭਾਜਪਾ ਆਗੂ ਖ਼ਿਲਾਫ਼ ਮਾਮਲਾ ਦਰਜ, ਕੁਝ ਦਿਨ ਪਹਿਲਾਂ ਵਾਇਰਲ ਹੋਈ ਸੀ ਵੀਡੀਓ
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਬੀਤੇ ਕੱਲ੍ਹ ਇਕ ਕੁੜੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਕਰਕੇ ਸਿੱਖ ਵਿਰੋਧੀ ਸ਼ਕਤੀਆਂ ਆਪਣੇ ਮਨਸੂਬਿਆਂ ਵਿਚ ਸਫ਼ਲ ਹੋ ਰਹੀਆਂ ਹਨ, ਜਿਸ ਨਾਲ ਕੌਮ ਅੰਦਰ ਭਾਰੀ ਰੋਸ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਨੂੰ ਲੜੀਵਾਰ ਨਿਸ਼ਾਨੇ ’ਤੇ ਲਿਆ ਜਾਣਾ ਸਿੱਖਾਂ ਖ਼ਿਲਾਫ਼ ਗਹਿਰੀ ਸਾਜ਼ਿਸ਼ ਦਾ ਹਿੱਸਾ ਪ੍ਰਤੀਤ ਹੋ ਰਿਹਾ ਹੈ। ਇਨ੍ਹਾਂ ਬਣੇ ਹਾਲਾਤ ਕਰਕੇ ਹੀ ਸਿੱਖ ਸ਼ਰਧਾਲੂਆਂ ਅਤੇ ਸੰਗਤਾਂ ਦੇ ਜਜ਼ਬਾਤ ਭੜਕ ਰਹੇ ਹਨ ਅਤੇ ਲੋਕ ਖ਼ੁਦ-ਬਖ਼ੁਦ ਕਾਰਵਾਈ ਕਰਨ ਨੂੰ ਮਜ਼ਬੂਰ ਹਨ।
ਇਹ ਵੀ ਪੜ੍ਹੋ : ਜਲੰਧਰ 'ਚ ਭਾਜਪਾ ਦੀ ਵੱਡੀ ਹਾਰ, ਹੋਟਲ 'ਚੋਂ ਬਾਹਰ ਨਹੀਂ ਆ ਸਕੀਆਂ ਪਾਰਟੀ ਦੀਆਂ ਨੀਤੀਆਂ
ਉਨ੍ਹਾਂ ਕਿਹਾ ਕਿ ਪਟਿਆਲਾ ਦੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਕੁੜੀ ਵੱਲੋਂ ਸ਼ਰਾਬ ਪੀਣ ਦੀ ਘਟਨਾ ਦੀ ਸਰਕਾਰ ਉੱਚ ਪੱਧਰੀ ਜਾਂਚ ਕਰੇ ਅਤੇ ਇਹ ਪਤਾ ਲਗਾਵੇ ਕਿ ਕਿਹੜੀਆਂ ਸ਼ਕਤੀਆਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਅਤੇ ਮਾਣ-ਮਰਯਾਦਾ ਨੂੰ ਢਾਹ ਲਗਾਉਣ ਦੀਆਂ ਹਰਕਤਾਂ ਕਰ ਰਹੀਆਂ ਹਨ। ਇਹ ਸੰਜੀਦਾ ਭਾਵਨਾਵਾਂ ਨਾਲ ਕੀਤੀ ਜਾਣ ਵਾਲੀ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ’ਤੇ ਵੀ ਇਸ ਨੂੰ ਗੰਭੀਰਤਾ ਨਾਲ ਲੈ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ 'ਚ ਜਿੱਤ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ
ਐਡਵੋਕੇਟ ਧਾਮੀ ਨੇ ਕਿਹਾ ਕਿ ਘਟਨਾ ਦੌਰਾਨ ਜ਼ਖ਼ਮੀ ਹੋਏ ਸ਼ਰਧਾਲੂ ਸੇਵਾਦਾਰ ਨਾਲ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ ਅਤੇ ਉਸ ਦਾ ਇਲਾਜ਼ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰੂ ਘਰਾਂ ਅੰਦਰ ਸੁਚੇਤ ਰੂਪ ਵਿਚ ਸਹਿਯੋਗੀ ਭਾਵਨਾਵਾਂ ਨਾਲ ਸੇਵਾਵਾਂ ਨਿਭਾਉਣ ਤਾਂ ਜੋ ਸਿੱਖ ਵਿਰੋਧੀ ਸ਼ਕਤੀਆਂ ਦੇ ਮਨਸੂਬੇ ਕਾਮਯਾਬ ਨਾ ਹੋ ਸਕਣ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਗੁਰੂ ਨਾਨਕ ਦੇਵ ਹਸਪਤਾਲ ਦੇ ਘਟੀਆ ਪ੍ਰਬੰਧਾਂ ਦੀ ‘ਅੱਗ’ ’ਚ ਸੜ ਰਹੇ ਚਮੜੀ ਦੇ ਮਰੀਜ਼
NEXT STORY