ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ 'ਤੇ ਪੂਰੀ ਤਰ੍ਹਾਂ ਰੋਕ ਲਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਇਸ ਸਬੰਧ ਵਿਚ ਉਨ੍ਹਾਂ ਨੂੰ ਜ਼ਿੰਮੇਵਾਰੀ ਨਾਲ ਕੰਮ ਕਰਦਿਆਂ ਸਖ਼ਤ ਕਾਰਵਾਈ ਕਰਨੀ ਹੋਵੇਗੀ। ਮੁੱਖ ਮੰਤਰੀ ਨੇ ਅੱਜ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਪੁਲਸ ਅਧਿਕਾਰੀਆਂ ਨਾਲ ਬੈਠਕ ਵਿਚ ਕਿਹਾ ਕਿ ਕਿਸੇ ਵੀ ਅਧਿਕਾਰੀ ਨੇ ਨਾਜਾਇਜ਼ ਮਾਈਨਿੰਗ ਜਾਂ ਗੁੰਡਾ ਟੈਕਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਸਿਫਾਰਸ਼ 'ਤੇ ਅਮਲ ਨਹੀਂ ਕਰਨਾ, ਸਗੋਂ ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਾਈਨਿੰਗ ਵਿਚ ਸ਼ਾਮਲ ਠੇਕੇਦਾਰਾਂ ਦੀ ਸੂਚੀ ਮੁਹੱਈਆ ਕਰਵਾਉਣ। ਇਸ ਸਬੰਧ ਵਿਚ ਜੇਕਰ ਪੁਲਸ ਜਾਂ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਕੋਈ ਲਾਪ੍ਰਵਾਹੀ ਵਰਤੀ ਗਈ ਤਾਂ ਉਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਸਿੱਧੇ ਤੌਰ 'ਤੇ ਐੱਸ. ਐੱਸ. ਪੀ. ਨੂੰ ਜ਼ਿੰਮੇਵਾਰ ਮੰਨਿਆ ਜਾਵੇਗਾ। ਗੁੰਡਾ ਟੈਕਸ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਤੇ ਇਸ ਮਾਮਲੇ ਵਿਚ ਉਨ੍ਹਾਂ ਦੀ ਸਰਕਾਰ ਕੋਈ ਢਿੱਲ ਸਹਿਣ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਸਾਬਕਾ ਅਕਾਲੀ-ਭਾਜਪਾ ਸਰਕਾਰ ਦਾ ਸਮਾਂ ਨਹੀਂ ਹੈ ਜਿਥੇ ਗੁੰਡਾ ਟੈਕਸ ਚੱਲਦਾ ਸੀ। ਕਾਂਗਰਸ ਸਰਕਾਰ ਇਸ ਸਬੰਧ ਵਿਚ ਕਿਸੇ ਢਿੱਲ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਨਾ ਹੀ ਭ੍ਰਿਸ਼ਟਾਚਾਰ ਬਰਦਾਸ਼ਤ ਕਰੇਗੀ। ਉਨ੍ਹਾਂ ਹੇਠਲੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੀ ਲਗਾਤਾਰ ਚੈਕਿੰਗ ਦਾ ਕੰਮ ਜਾਰੀ ਰੱਖਣ। ਉਨ੍ਹਾਂ ਐੱਸ. ਟੀ. ਐੱਫ. ਤੇ ਜ਼ਿਲਾ ਪੁਲਸ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਨਿਰਦੇਸ਼ ਦਿੱਤੇ।
ਉਨ੍ਹਾਂ ਨਸ਼ਾ ਛੱਡਣ ਵਾਲੇ ਲੋਕਾਂ ਦਾ ਸਹੀ ਇਲਾਜ ਤੇ ਮੁੜ ਵਸੇਬੇ ਲਈ ਵੀ ਕਿਹਾ ਤਾਂ ਜੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਕਣਕ ਦੀ ਖਰੀਦ ਦੇ ਅਗਲੇ ਸੀਜ਼ਨ ਵਿਚ ਚੰਗੇ ਪ੍ਰਬੰਧਾਂ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਮਹਾਤਮਾ ਗਾਂਧੀ ਵਿਕਾਸ ਯੋਜਨਾ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਾਂਗਰਸੀ ਵਿਧਾਇਕਾਂ ਤੇ ਵਰਕਰਾਂ ਦੇ ਨਾਲ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਲਈ ਲਗਾਤਾਰ ਸਬੰਧ ਬਣਾ ਕੇ ਰੱਖਣ। ਬੈਠਕ ਵਿਚ ਮੁੱਖ ਮੰਤਰੀ ਦੇ ਚੀਫ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਡੀ. ਜੀ. ਪੀ. ਸੁਰੇਸ਼ ਅਰੋੜਾ, ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ, ਗੁਰਕੀਰਤ ਇਕਬਾਲ ਸਿੰਘ, ਡੀ. ਜੀ. ਪੀ. (ਇੰਟੈਲੀਜੈਂਸ) ਦਿਨਕਰ ਗੁਪਤਾ, ਏ. ਡੀ. ਜੀ. ਪੀ. (ਐੱਸ. ਟੀ. ਐੱਫ.) ਹਰਪ੍ਰੀਤ ਸਿੰਘ ਸਿੱਧੂ ਸਣੇ ਹੋਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।
ਸ਼ਹਿਰ ਵਿਚ ਚੋਰੀਆਂ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
NEXT STORY