ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਜ਼ਿਲੇ 'ਚ ਝੋਨੇ ਦੀ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਹੁਣ ਤੱਕ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਕੁਲ 159 ਕੇਸ ਪਾਏ ਗਏ ਹਨ। ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਨੂੰ ਅੱਗ ਲਾਉਣ ਦੇ 43 ਕੇਸਾਂ 'ਚ ਸਬੰਧਤ ਕਿਸਾਨਾਂ ਨੂੰ 1 ਲੱਖ 7 ਹਜ਼ਾਰ 500 ਰੁਪਏ ਜੁਰਮਾਨਾ ਕੀਤਾ ਗਿਆ ਹੈ। ਪਰਾਲੀ ਨੂੰ ਅੱਗ ਲਾਉਣ ਵਾਲੇ 2 ਕਿਸਾਨਾਂ ਖਿਲਾਫ਼ ਪੁਲਸ ਵੱਲੋਂ ਕੇਸ ਵੀ ਦਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਖੇਤਾਂ 'ਚ ਪਰਾਲੀ ਨੂੰ ਅੱਗ ਨਾ ਲਾਉਣ, ਇਸ ਦੀ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲੇ ਵਿਚ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਅਤੇ ਪੰਚਾਇਤਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ, ਐੱਸ. ਡੀ. ਐੱਮ. ਡਾ. ਅਮਨਦੀਪ ਕੌਰ, ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ ਡਾ. ਪ੍ਰਤਾਪ ਸਿੰਘ ਸੰਧੂ, ਜ਼ਿਲਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਐੱਸ. ਪੀ. (ਹੈੱਡ ਕੁਆਰਟਰ) ਗੁਰਨਾਮ ਸਿੰਘ ਤੋਂ ਇਲਾਵਾ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਜ਼ਿਲੇ ਅੰਦਰ ਕੰਮ ਕਰ ਰਹੀਆਂ 24 ਟੀਮਾਂ ਦੇ ਮੁਖੀ ਹਾਜ਼ਰ ਸਨ।
ਸ੍ਰੀ ਅਕਾਲ ਤਖਤ ਵੱਲੋਂ ਜੌਹਰ ਸਿੰਘ ਤਨਖਾਹੀਆਂ ਕਰਾਰ, ਬੂਟਾ ਸਿੰਘ ਨੂੰ ਪੰਥ ਤੋਂ ਛੇਕਿਆ
NEXT STORY