ਅੰਮ੍ਰਿਤਸਰ (ਸਰਬਜੀਤ) : ਬੇਅਦਬੀ ਦੀਆਂ ਘਟਨਾਵਾਂ, ਨਸ਼ਿਆਂ, ਵਿਗੜ ਰਹੀ ਕਾਨੂੰਨ-ਵਿਵਸਥਾ ਅਤੇ ਪੰਥਕ ਮਾਮਲਿਆਂ ਨੂੰ ਲੈ ਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਪੰਜਾਬ ਨੂੰ ਆਪਸੀ ਵੈਰ-ਵਿਰੋਧ ਅਤੇ ਦੂਸ਼ਣਬਾਜ਼ੀ ਦੀ ਸਿਆਸਤ ਤੋਂ ਉੱਪਰ ਉੱਠ ਕੇ ਸਾਂਝੀਵਾਲਤਾ, ਸਰਬੱਤ ਦੇ ਭਲੇ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਮਾਮਲਿਆਂ ਨੂੰ ਸਿਆਸੀ ਵਿਵਾਦ ਦਾ ਹਿੱਸਾ ਨਹੀਂ ਬਣਾਇਆ ਜਾਣਾ ਚਾਹੀਦਾ। ਬੇਅਦਬੀ ਦੀਆਂ ਘਟਨਾਵਾਂ ’ਤੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਕਾਨੂੰਨ ਸਖ਼ਤ ਹੋਣਾ ਚਾਹੀਦਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਨਿਰਪੱਖ ਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਜੇਕਰ ਮੌਜੂਦਾ ਕਾਨੂੰਨ ਵਿੱਚ ਕੋਈ ਕਮੀ ਹੈ ਤਾਂ ਸਾਰੀਆਂ ਧਿਰਾਂ ਨੂੰ ਮਿਲ-ਬੈਠ ਕੇ ਉਸ ਨੂੰ ਦੂਰ ਕਰਨਾ ਚਾਹੀਦਾ ਹੈ। ਪੰਜਾਬ ਸਰਕਾਰ ਵੱਲੋਂ ਬਣਾਈ ਸੱਤ ਮੈਂਬਰੀ ਤਾਲਮੇਲ ਕਮੇਟੀ ਨੂੰ ਵੀ ਕਾਨੂੰਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਹਿਮਤੀ ਨਾਲ ਕੰਮ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ਼! ਕਮਿਸ਼ਨਰ ਨੇ ਕੀਤਾ ਲਾਈਨ ਹਾਜ਼ਰ; ਜਾਣੋ ਵਜ੍ਹਾ
ਚੋਣਾਂ ਦੇ ਮੱਦੇਨਜ਼ਰ ਪੰਥਕ ਧਿਰਾਂ ਵਿਚਾਲੇ ਵਧ ਰਹੇ ਵਿਵਾਦਾਂ ਬਾਰੇ ਉਨ੍ਹਾਂ ਕਿਹਾ ਕਿ ਧਰਮ ਅਤੇ ਸਿਆਸਤ ਨੂੰ ਆਪਣੇ-ਆਪਣੇ ਦਾਇਰੇ ਵਿੱਚ ਰੱਖਣਾ ਜ਼ਰੂਰੀ ਹੈ। ਸਿਆਸੀ ਆਗੂ ਆਪਣੀ ਸਿਆਸਤ ਕਰਨ, ਪਰ ਧਾਰਮਿਕ ਮਾਮਲਿਆਂ ਨੂੰ ਇੱਕ-ਦੂਜੇ ਵਿਰੁੱਧ ਦੂਸ਼ਣਬਾਜ਼ੀ ਲਈ ਵਰਤਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ ਹਮੇਸ਼ਾ ਸਿੱਖ ਮਰਿਆਦਾ ’ਤੇ ਪਹਿਰਾ ਦਿੰਦੀਆਂ ਆਈਆਂ ਹਨ ਅਤੇ ਜਿੱਥੇ ਵੀ ਮਰਿਆਦਾ ਦੀ ਉਲੰਘਣਾ ਹੋਵੇਗੀ, ਉੱਥੇ ਆਵਾਜ਼ ਉਠਾਈ ਜਾਵੇਗੀ। ਬੰਦੀ ਸਿੰਘਾਂ ਦੇ ਮਾਮਲੇ ’ਤੇ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਭਾਈ ਜਗਤਾਰ ਸਿੰਘ ਹਵਾਰਾ ਦੀ ਜ਼ਮਾਨਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕਸਾਰ ਹੋਣਾ ਚਾਹੀਦਾ ਹੈ ਅਤੇ ਕਿਸੇ ਨਾਲ ਪੱਖਪਾਤ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ : ਟ੍ਰੇਨ ਹਾਦਸੇ 'ਚ ਮਾਰੇ ਗਏ ਯਾਤਰੀ ਕੋਲ ਟਿਕਟ ਨਾ ਹੋਣ 'ਤੇ ਵੀ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਉਨ੍ਹਾਂ ਕਿਹਾ ਕਿ ਲੋੜੀਂਦੇ ਸੁਰੱਖਿਆ ਅਤੇ ਪ੍ਰਬੰਧਕੀ ਇੰਤਜ਼ਾਮ ਕਰਕੇ ਲਾਂਘਾ ਮੁੜ ਖੋਲ੍ਹਣ ਵੱਲ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੰਗਤ ਲਈ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਵੱਡੀ ਧਾਰਮਿਕ ਮਹੱਤਤਾ ਹੈ। ਪੰਜਾਬ ਵਿੱਚ ਨਸ਼ਿਆਂ, ਲੁੱਟਾਂ-ਖੋਹਾਂ ਅਤੇ ਗੈਂਗਵਾਰ ’ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਸਰਕਾਰ ਅਤੇ ਪੁਲਸ ਨੂੰ ਹੋਰ ਤੇਜ਼ੀ ਨਾਲ ਕਾਰਵਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਪਰਿਵਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ਅਤੇ ਨਸ਼ਿਆਂ ਦੀ ਸਪਲਾਈ ’ਤੇ ਸਖ਼ਤ ਰੋਕ ਲਗਾਉਣੀ ਲਾਜ਼ਮੀ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਪੜ੍ਹਾਈ, ਗੁਰਮਤਿ ਅਤੇ ਚੰਗੀ ਸੰਗਤ ਨਾਲ ਜੁੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਕਾਇਮ ਰੱਖਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮੁੱਖ ਮੰਤਰੀ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ’ਚ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੂੰ ਕੋਰਟ ਤੋਂ ਮਿਲੀ ਰਾਹਤ
NEXT STORY