ਫਿਰੋਜ਼ਪੁਰ (ਸੋਨੂੰ ਚੋਪੜਾ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਬਾਰੇ ਹੋਈ ਮੀਟਿੰਗ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਗਾਊਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸੰਭਾਵਿਤ ਹੜ੍ਹਾਂ ਦਾ ਸਾਹਮਣਾ ਕਰਨ ਲਈ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਐੱਸ. ਡੀ. ਐੱਮ. ਅਤੇ ਜਲ ਸਰੋਤ ਵਿਭਾਗ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੰਦਿਆਂ ਕਿਹਾ ਕਿ ਹੜ੍ਹਾਂ ਦੌਰਾਨ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਰੁਕਨੇ ਵਾਲਾ, ਗੱਟਾ ਬਾਦਸ਼ਾਹ, ਕਾੜਾ ਕਾਲੀ ਰਾਉਣ ਆਦਿ ਦਾ ਪਹਿਲਾਂ ਤੋਂ ਹੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈ ਲਿਆ ਜਾਵੇ ਅਤੇ ਬੰਨ੍ਹਾਂ, ਨੋਚਾਂ, ਪੁਲਾਂ, ਰਸਤਿਆਂ ਆਦਿ ਨੂੰ ਪਹਿਲਾਂ ਤੋਂ ਹੀ ਮਜ਼ਬੂਤ ਕਰ ਲਿਆ ਜਾਵੇ ਤਾਂ ਜੋ ਭਾਰੀ ਮੀਂਹ ਅਤੇ ਸਤਲੁਜ 'ਚ ਪਾਣੀ ਦਾ ਪੱਧਰ ਵਧਣ ਨਾਲ ਕੋਈ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰੇਤਾ ਦੇ ਗੱਟੇ, ਕਿਸ਼ਤੀਆਂ, ਲਾਈਫ਼ ਜੈਕਟਾਂ, ਫਲੱਡ ਲਾਈਟਾਂ, ਸਰਚ ਲਾਈਟਾਂ, ਮੈਡੀਕਲ ਜ਼ਰੂਰਤਾਂ ਆਦਿ ਸਮਾਨ ਦੀ ਪਹਿਲਾਂ ਤੋਂ ਹੀ ਜਾਂਚ ਕਰ ਲਈ ਜਾਵੇ।
ਜੇਕਰ ਕਿਸੇ ਸਮਾਨ ਨੂੰ ਰਿਪੇਅਰ ਦੀ ਲੋੜ ਹੈ ਤਾਂ ਤੁਰੰਤ ਠੀਕ ਕਰਵਾਇਆ ਜਾਵੇ। ਇਸ ਤੋਂ ਇਲਾਵਾ ਡਰੇਨਜ਼ ਅਤੇ ਸੀਵਰੇਜ਼ ਦੀ ਸਫ਼ਾਈ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਇਸ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਅੱਗੇ ਕਿਹਾ ਕਿ ਆਗਾਮੀ ਮਾਨਸੂਨ ਦੌਰਾਨ ਭਾਰੀ ਮੀਂਹ ਕਾਰਨ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੱਧਰ ’ਤੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਦਾ ਨੰਬਰ 01632-244017 ਹੈ ਅਤੇ ਇਹ 24 ਘੰਟੇ ਕਾਰਜਸ਼ੀਲ ਰਹੇਗਾ।
ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
NEXT STORY