ਭਵਾਨੀਗੜ੍ਹ (ਕਾਂਸਲ/ਸੰਜੀਵ): ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਪਿਛਲੇ ਕਰੀਬ 17 ਸਾਲਾਂ ਤੋਂ ਕੰਟਰੈਕਟ ਆਧਾਰ 'ਤੇ ਸੇਵਾਵਾਂ ਨਿਭਾਅ ਰਹੇ ਮਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਮੰਗਲਵਾਰ ਨੂੰ 13ਵੇਂ ਦਿਨ ਵਿੱਚ ਦਾਖ਼ਲ ਹੋ ਗਈ। ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਭਵਾਨੀਗੜ੍ਹ ਵਿਖੇ ਧਰਨੇ ਦੌਰਾਨ ਆਗੂਆਂ ਨੇ ਪੰਜਾਬ ਸਰਕਾਰ 'ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਗਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਅਤੇ ਬਲਾਕ ਪ੍ਰਧਾਨ ਗੁਰਜੀਤ ਸਿੰਘ ਸਤੋਜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਮਗਰੋਂ ਮਨਰੇਗਾ ਕਰਮਚਾਰੀਆਂ ਨੂੰ ਪੱਕੀਆਂ ਅਸਾਮੀਆਂ 'ਤੇ ਮਰਜ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਇਸ ਸਬੰਧੀ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਡਾਟਾ ਇਕੱਠਾ ਕਰਕੇ ਪ੍ਰਸੋਨਲ ਅਤੇ ਵਿੱਤ ਵਿਭਾਗ ਤੋਂ ਪ੍ਰਵਾਨਗੀਆਂ ਲੈਣ ਦੇ ਬਾਵਜੂਦ ਵੀ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਹੁਕਮ ਜਾਰੀ ਨਹੀਂ ਕੀਤੇ ਗਏ।
ਆਗੂਆਂ ਨੇ ਦੋਸ਼ ਲਗਾਇਆ ਕਿ ਇਕ ਪਾਸੇ ਸਰਕਾਰ ਵੱਲੋਂ ਹਜ਼ਾਰਾਂ ਨੌਕਰੀਆਂ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ 17 ਸਾਲਾਂ ਤੋਂ ਸੇਵਾ ਕਰ ਰਹੇ ਮਨਰੇਗਾ ਕਰਮਚਾਰੀਆਂ ਨੂੰ ਨਾ ਤਾਂ ਰੈਗੂਲਰ ਕੀਤਾ ਗਿਆ ਹੈ ਅਤੇ ਨਾ ਹੀ ਪਿਛਲੇ ਕਰੀਬ 6 ਮਹੀਨਿਆਂ ਤੋਂ ਤਨਖ਼ਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਮੰਤਰੀਆਂ ਵੱਲੋਂ ਕਈ ਵਾਰ ਮੀਟਿੰਗਾਂ ਦੌਰਾਨ ਮੰਗਾਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ, ਪਰ ਅਜੇ ਤੱਕ ਕੋਈ ਨਤੀਜਾ ਸਾਹਮਣੇ ਨਹੀਂ ਆਇਆ। ਇਸ ਕਾਰਨ ਸਮੂਹ ਪੰਜਾਬ ਦੇ ਮਨਰੇਗਾ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਧਰਨਾਕਾਰੀਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਗੱਲਬਾਤ ਕਰਕੇ ਰੈਗੂਲਰ ਕਰਨ ਸਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਲੋੜ ਪੈਣ 'ਤੇ ਪਿੰਡਾਂ ਵਿੱਚ ਕੰਮ ਕਰ ਰਹੇ ਲੱਖਾਂ ਮਨਰੇਗਾ ਮਜ਼ਦੂਰਾਂ ਨੂੰ ਨਾਲ ਲੈ ਕੇ ਸੱਤਾਧਾਰੀ ਆਗੂਆਂ ਦਾ ਘਿਰਾਓ ਵੀ ਕੀਤਾ ਜਾਵੇਗਾ। ਧਰਨੇ ਦੌਰਾਨ ਹਰਦੀਪ ਸਿੰਘ, ਸੁਖਜਿੰਦਰਪਾਲ ਸਿੰਘ, ਦਰਸ਼ਨ ਸਿੰਘ, ਸ਼ਿੰਦਰ ਸਿੰਘ, ਅਮਨਦੀਪ ਸਿੰਘ ਅਤੇ ਸਿਮਲਪ੍ਰੀਤ ਕੌਰ ਸਮੇਤ ਹੋਰ ਕਰਮਚਾਰੀ ਹਾਜ਼ਰ ਸਨ।
ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਅਤੇ ਟੁੱਟਾ ਹੋਇਆ ਡਰੋਨ ਬਰਾਮਦ
NEXT STORY