ਫਿਰੋਜ਼ਪੁਰ (ਖੁੱਲਰ) : ਜ਼ਿਲ੍ਹੇ 'ਚ ਪ੍ਰਸ਼ਾਸਨ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਰੁਖ ਅਪਣਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਮਿਤੀ 21 ਅਕਤੂਬਰ 2026 ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਧੀਨ ਪੈਂਦੇ ਇਲਾਕਿਆਂ 'ਚ ਡੀ. ਸੀ. ਫ਼ਿਰੋਜ਼ਪੁਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਖੇਤਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਦੋਸ਼ ’ਚ ਕਈ ਵਿਅਕਤੀਆਂ ਖ਼ਿਲਾਫ਼ 223 ਬੀਐੱਨਐੱਸ ਤਹਿਤ ਮਾਮਲੇ ਦਰਜ ਕੀਤੇ ਗਏ ਹਨ। ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਲੱਸਟਰ ਅਫ਼ਸਰਾਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਅਤੇ ਅੰਕੜਿਆਂ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ, ਥਾਣਾ ਆਰਿਫ ਕੇ, ਥਾਣਾ ਕੁੱਲਗੜ੍ਹੀ ਅਤੇ ਥਾਣਾ ਮੱਲਾਂਵਾਲਾ ਵਿਖੇ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ। ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਪਿੰਡ ਵਾਹਗੇ ਕੇ ਵਿਖੇ ਪਰਾਲੀ ਸਾੜਨ ਦੇ ਦੋਸ਼ ਵਿਚ ਹਰਬੰਸ ਸਿੰਘ ਪੁੱਤਰ ਦਰਬਾਰਾ ਸਿੰਘ ਅਤੇ ਜਸਵਿੰਦਰ ਕੌਰ ਪੁੱਤਰੀ ਦਰਬਾਰਾ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ।
ਇਸੇ ਤਰ੍ਹਾਂ ਇਸੇ ਥਾਣੇ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪਿੰਡ ਮਾਛੀਵਾੜਾ ਵਿਖੇ ਪਰਾਲੀ ਸਾੜਨ ਦੀ ਘਟਨਾ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਆਰਿਫ ਕੇ ਸਹਾਇਕ ਥਾਣੇਦਾਰ ਜਗਤਾਰ ਸਿੰਘ ਅਤੇ ਕਰਮਦੀਪ ਸਿੰਘ ਨੇ ਦੱਸਿਆ ਕਿ ਪਿੰਡ ਚੁਗੱਤੇਵਾਲਾ ਵਿਖੇ ਸ਼ੀਤਲ ਸਿੰਘ ਪੁੱਤਰ ਸੋਹਣ ਸਿੰਘ ਅਤੇ ਪਿੰਡ ਲੱਖਾ ਭੇਡੀ ਵਿਖੇ ਸੁਰਜੀਤ ਕੌਰ ਪਤਨੀ ਸ਼ਿੰਗਾਰਾ ਸਿੰਘ ਨੇ ਝੋਨੇ ਖੇਤਾਂ 'ਚ ਪਰਾਲੀ ਨੂੰ ਅੱਗ ਲਗਾਈ ਹੈ। ਥਾਣਾ ਕੁੱਲਗੜ੍ਹੀ ਦੇ ਹੌਲਦਾਰ ਗੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਸਾਂਦੇ ਹਾਸ਼ਮ ’ਚ ਗੁਰਦੀਪ ਸਿੰਘ ਪੁੱਤਰ ਰੋੜ ਸਿੰਘ ਨੇ ਖੇਤ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਹੈ। ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਉਪ ਮੰਡਲ ਅਫ਼ਸਰ ਰਜਿੰਦਰ ਸਿੰਘ ਵੱਲੋਂ ਪ੍ਰਾਪਤ ਚਲਾਨ ਦੇ ਆਧਾਰ ’ਤੇ ਸਵਰਨ ਸਿੰਘ ਅਤੇ ਜੰਗੀਰ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਪਿੰਡ ਚੰਗਾਲੀ ਕਦੀਮ ਨੇ ਖੇਤਾਂ ਵਿਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਵੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਪ੍ਰਤੀ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।
ਭੈਣ ਨੂੰ ਲੈਣ ਜਾ ਰਹੇ ਪਲੰਬਰ ਦੀ ਸੜਕ ਹਾਦਸੇ ਦੌਰਾਨ ਮੌਤ
NEXT STORY