ਮਹਿਲ ਕਲਾਂ (ਹਮੀਦੀ)- ਡਿਪਟੀ ਕਮਿਸ਼ਨਰ ਬਰਨਾਲਾ ਟੀ ਬੈਨਿਥ ਸਮੇਤ ਜ਼ਿਲ੍ਹਾ ਬਰਨਾਲਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਸ਼ਨੀਵਾਰ ਦੀ ਛੁੱਟੀ ਵਾਲੇ ਦਿਨ ਖੇਤਾਂ ‘ਚ ਪਰਾਲੀ ਨੂੰ ਅੱਗ ਨਾ ਲੱਗਣ ਦੇਣ ਸਬੰਧੀ ਕਮਾਨ ਸੰਭਾਲੀ ਰੱਖੀ। ਜ਼ਿਲ੍ਹੇ ਦੇ ਪਿੰਡਾਂ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਵਿਆਪਕ ਪੱਧਰ 'ਤੇ ਜਾਰੀ ਹੈ। ਇਸ ਮੁਹਿੰਮ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਵੱਲੋਂ ਖੁਦ ਰੋਜ਼ਾਨਾ ਪੱਧਰ 'ਤੇ ਪਿੰਡ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਓਥੇ ਮੁਹਿੰਮ 'ਚ ਤਾਇਨਾਤ ਅਧਿਕਾਰੀਆਂ ਵਲੋਂ ਪਿੰਡਾਂ ਦੇ ਦੌਰੇ ਕਰਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਖੁੱਡੀ ਕਲਾਂ, ਜੋਧਪੁਰ, ਚੀਮਾ, ਪੱਤੀ ਸੇਖਵਾਂ ਅਤੇ ਠੀਕਰੀਵਾਲ ਦਾ ਦੌਰਾ ਕੀਤਾ ਜਿਥੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਕੰਬਾਇਨ ‘ਤੇ ਸੁਪਰ ਐਸ.ਐਮ.ਐਸ. ਨਾਲ ਵਾਢੀ ਕਰਕੇ ਸੁਪਰਸੀਡਰ ਨਾਲ ਕਣਕ ਦੀ ਫ਼ਸਲ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਹੱਲਾਸ਼ੇਰੀ ਵੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ
ਬੀਤੇ ਦਿਨੀਂ ਉਨ੍ਹਾਂ ਉੱਪਲੀ, ਕੱਟੂ, ਭੱਠਲਾ, ਹਰੀਗੜ, ਧਨੌਲਾ ਪਿੰਡਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਅਤੇ ਇੱਥੋਂ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਦਿਆਂ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ ਜਿਸ ਵਿੱਚ ਕਿਸਾਨ ਵੀਰ ਆਪਣਾ ਬਹੁਮੁੱਲਾ ਯੋਗਦਾਨ ਪਾਉਣ। ਉਹਨਾਂ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਛੁੱਟੀ ਵਾਲੇ ਦਿਨਾਂ ਵਿੱਚ ਵੀ ਅਧਿਕਾਰੀਆਂ ਵੱਲੋਂ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ।
ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੁਪ੍ਰਿਤਾ ਜੌਹਲ ਵੱਲੋਂ ਪੱਖੋਂ ਕਲਾਂ, ਤਪਾ, ਮੌੜ ਨਾਭਾ, ਢਿੱਲਵਾਂ ਨਾਭਾ, ਮੌੜ ਪਟਿਆਲਾ, ਸਹਿਣਾ, ਭਦੌੜ, ਨੈਣੇਵਾਲ, ਉੱਗੋਕੇ, ਭੋਤਨਾ, ਟੱਲੇਵਾਲ, ਰਾਮਗੜ੍ਹ ਪਿੰਡਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉੱਦਮੀ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਰਕਬੇ ‘ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ।
ਇਸੇ ਤਰ੍ਹਾਂ ਉੱਪ ਮੰਡਲ ਮੈਜਿਸਟ੍ਰੇਟ ਮੈਡਮ ਸੋਨਮ ਵੱਲੋਂ ਠੀਕਰੀਵਾਲਾ, ਰਾਏਸਰ ਪੰਜਾਬ, ਰਾਏਸਰ ਪਟਿਆਲਾ, ਚੰਨਣਵਾਲ, ਛੀਨੀਵਾਲ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕੀਤਾ ਗਿਆ ਤੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ। ਇਸੇ ਤਰ੍ਹਾਂ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸ਼ਿਵਾਂਸ਼ ਰਾਠੀ ਵੱਲੋਂ ਖਿਆਲੀ ਪਿੰਡ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ ਗਈ। ਨਾਲ ਹੀ ਵੱਖ ਵੱਖ ਪਿੰਡਾਂ ਚ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕਿਸਾਨ ਵੀਰਾਂ ਨੂੰ ਦੱਸਿਆ ਜਾ ਰਿਹਾ ਹੈ ਹੈ ਪਰਾਲੀ ਨੂੰ ਅੱਗ ਲਗਾਉਣਾ ਕਾਨੂੰਨੀ ਅਪਰਾਧ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸਵੇਰੇ-ਸਵੇਰੇ ਸਕੂਲ 'ਚ ਹੋ ਗਿਆ ਧਮਾਕਾ!
ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਸਾੜਨ ਦੀ ਬਜਾਏ, ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਦੀ ਵਰਤੋਂ ਜਿਵੇਂ ਕਿ ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ ਜਾਂ ਹੈਪੀ ਸੀਡਰ ਦੀ ਵਰਤੋਂ ਕਰਕੇ ਪਰਾਲੀ ਨੂੰ ਜ਼ਮੀਨ ਵਿੱਚ ਹੀ ਮਿਲਾਉਣ। ਇਸ ਤੋਂ ਇਲਾਵਾ ਪਰਾਲੀ ਨੂੰ ਬੇਲਰ ਮਸ਼ੀਨਾਂ ਰਾਹੀਂ ਗੱਠਾਂ ਬਣਾ ਕੇ ਪਾਵਰ ਪਲਾਂਟਾਂ ਜਾਂ ਉਦਯੋਗਾਂ ਨੂੰ ਵੀ ਵੇਚਿਆ ਜਾ ਸਕਦਾ ਹੈ।
ਗੰਦੇ ਨਾਲੇ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫ਼ੈਲੀ ਸਨਸਨੀ
NEXT STORY