ਫਰੀਦਕੋਟ (ਰਾਜਨ) : ਫਰੀਦਕੋਟ ਦੇ ਗੁਰੂ ਤੇਗ ਬਹਾਦਰ ਨਗਰ ਇਲਾਕੇ ’ਚ ਉਸ ਸਮੇਂ ਚਿੰਤਾ ਦਾ ਮਾਹੌਲ ਬਣ ਗਿਆ, ਜਦੋਂ 14 ਸਾਲਾ ਵਿਦਿਆਰਥੀ ਨਹਿਰ ’ਚ ਡਿੱਗਣ ਮਗਰੋਂ ਲਾਪਤਾ ਹੋ ਗਿਆ। ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਇਲਾਕਾ ਵਾਸੀਆਂ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ। ਲਾਪਤਾ ਵਿਦਿਆਰਥੀ ਦੀ ਪਛਾਣ ਨੀਰਜ ਪੁੱਤਰ ਜਸਪਾਲ ਵਜੋਂ ਹੋਈ ਹੈ। ਨੀਰਜ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ। ਜਾਣਕਾਰੀ ਮੁਤਾਬਕ ਉਹ ਵੀਰਵਾਰ ਸਵੇਰੇ ਕਰੀਬ 9 ਤੋਂ 10 ਵਜੇ ਦੇ ਦਰਮਿਆਨ ਆਪਣੇ ਕੁਝ ਦੋਸਤਾਂ ਨਾਲ ਮਚਾਕੀ ਮੱਲ ਸਿੰਘ ਵਾਲਾ ਨਹਿਰ ਨੇੜੇ ਘੁੰਮਣ ਅਤੇ ਖੇਡਣ ਲਈ ਗਿਆ ਹੋਇਆ ਸੀ। ਇਸ ਦੌਰਾਨ ਅਚਾਨਕ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਨਹਿਰ ’ਚ ਜਾ ਡਿੱਗਿਆ।
ਦੱਸਿਆ ਜਾ ਰਿਹਾ ਹੈ ਕਿ ਨਹਿਰ ’ਚ ਪਾਣੀ ਦਾ ਵਹਾਅ ਕਾਫ਼ੀ ਤੇਜ਼ ਸੀ, ਜਿਸ ਕਾਰਨ ਉਹ ਆਪਣੇ ਆਪ ਨੂੰ ਸੰਭਾਲ ਨਾ ਸਕਿਆ ਅਤੇ ਪਾਣੀ ’ਚ ਰੁੜ ਗਿਆ। ਘਟਨਾ ਸਮੇਂ ਨਹਿਰ ਦੇ ਕੰਢੇ ਕੁਝ ਮਜ਼ਦੂਰ ਕੰਮ ਕਰ ਰਹੇ ਸਨ। ਜਿਵੇਂ ਹੀ ਉਨ੍ਹਾਂ ਨੂੰ ਨੀਰਜ ਦੇ ਪਾਣੀ ’ਚ ਡਿੱਗਣ ਦਾ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਤੁਰੰਤ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਮਜ਼ਦੂਰਾਂ ਨੇ ਉਸ ਨੂੰ ਫੜਨ ਦਾ ਯਤਨ ਵੀ ਕੀਤਾ ਪਰ ਤੇਜ਼ ਵਹਾਅ ਕਾਰਨ ਉਹ ਉਨ੍ਹਾਂ ਦੇ ਹੱਥੋਂ ਨਿਕਲ ਗਿਆ ਅਤੇ ਪਾਣੀ ’ਚ ਅੱਗੇ ਰੁੜ ਗਿਆ।
ਘਟਨਾ ਤੋਂ ਬਾਅਦ ਮੌਕੇ ’ਤੇ ਹੜਕੰਪ ਮਚ ਗਿਆ ਅਤੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਅਤੇ ਪ੍ਰਸ਼ਾਸਨ ਨੂੰ ਦਿੱਤੀ। ਖ਼ਬਰ ਮਿਲਦਿਆਂ ਹੀ ਪਰਿਵਾਰਿਕ ਮੈਂਬਰ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਇਲਾਕੇ ਦੇ ਲੋਕ ਵੀ ਵੱਡੀ ਗਿਣਤੀ ’ਚ ਇਕੱਠੇ ਹੋ ਗਏ ਅਤੇ ਹਰ ਪਾਸੇ ਚਿੰਤਾ ਦਾ ਮਾਹੌਲ ਬਣ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਵੱਲੋਂ ਲਾਪਤਾ ਵਿਦਿਆਰਥੀ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਨੀਰਜ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ ਸੀ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਹਿਰਾਂ ਦੇ ਨੇੜੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਜਾਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਭਵਿੱਖ ’ਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ।
ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ
NEXT STORY