ਭਵਾਨੀਗੜ੍ਹ, (ਅੱਤਰੀ)- ਪੰਜਾਬ ਸਰਕਾਰ ਵੱਲੋਂ ਭਾਵੇਂ ਸੁਬੇ ਦੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਦੀਆਂ ਸਹੂਲਤਾਂ ਦੇਣ ਦੇ ਲੱਖ ਦਾਅਵੇ ਕੀਤੇ ਜਾ ਰਹੇ ਹਨ ਪਰ ਸੱਚਾਈ ਇਸ ਤੋਂ ਕੋਹਾਂ ਦੂਰ ਹੈ। ਇਨ੍ਹਾਂ ਦਾਅਵਿਆਂ ਦੀ ਪੋਲ ਉਦੋਂ ਖੁੱਲ੍ਹਦੀ ਨਜ਼ਰ ਆਈ, ਜਦੋਂ 'ਜਗ ਬਾਣੀ' ਵੱਲੋਂ ਇਲਾਕੇ ਦੇ ਕਰੀਬ ਇਕ ਦਰਜਨ ਸਕੂਲਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਦੇਖਿਆ ਗਿਆ ਕਿ ਨਵੇਂ ਸੈਸ਼ਨ ਸ਼ੁਰੂ ਹੋਏ ਨੂੰ ਲਗਭਗ ਇਕ ਮਹੀਨਾ ਬੀਤਣ ਦੇ ਬਾਵਜੂਦ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅਜੇ ਤੱਕ ਕਿਤਾਬਾਂ ਤੇ ਵਰਦੀਆਂ ਨਸੀਬ ਨਹੀਂ ਹੋਈਆਂ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਇਸ ਸਾਲ ਨਵਾਂ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
ਜਾਣਕਾਰੀ ਅਨੁਸਾਰ ਸੂਬੇ ਦੇ ਬਹੁਤ ਸਾਰੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪਹਿਲੀ ਤੇ ਦੂਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਤਾਂ ਇਕ ਵੀ ਕਿਤਾਬ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਵੀ ਅਜੇ ਅੱਧੀਆਂ ਕਿਤਾਬਾਂ ਹੀ ਸਕੂਲਾਂ 'ਚ ਆਈਆਂ ਹਨ। ਇਨ੍ਹਾਂ ਹਾਲਾਤਾਂ 'ਚ ਸਰਕਾਰੀ ਸਕੂਲਾਂ ਦੇ ਇਹ ਵਿਦਿਆਰਥੀ ਬਿਨਾਂ ਕਿਤਾਬਾਂ-ਕਾਪੀਆਂ ਤੋਂ ਪੜ੍ਹਨ ਲਈ ਮਜਬੂਰ ਹਨ, ਜਿਨ੍ਹਾਂ ਦੀ ਸਾਰ ਲੈਣ ਵਾਲਾ ਕੋਈ ਨਹੀਂ। ਜੇਕਰ ਗੱਲ ਵਰਦੀਆਂ ਦੀ ਕੀਤੀ ਜਾਵੇ ਤਾਂ ਵਰਦੀਆਂ ਦਾ ਤਾਂ ਅਜੇ ਨਾਮੋਂ-ਨਿਸ਼ਾਨ ਤੱਕ ਵੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਸਰਕਾਰੀ ਸਕੂਲਾਂ 'ਚ ਪੜ੍ਹਦੇ ਸਾਰੇ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਵਰਦੀਆਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਹੱਈਆ ਕਰਵਾਈਆਂ ਜਾਣੀਆਂ ਹਨ। ਬੱਚਿਆਂ ਦੇ ਮਾਪਿਆਂ ਨੇ ਸ਼ਿਕਵਾ ਕਰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਸੂਬੇ 'ਚ ਸਿੱਖਿਆ ਦੇ ਮਿਆਰ ਨੂੰ ਉਪਰ ਚੁੱਕਣ ਦੀਆਂ ਗੱਲਾਂ ਕਰ ਰਹੀ ਹੈ, ਦੂਜੇ ਪਾਸੇ ਇਨ੍ਹਾਂ ਬੱਚਿਆਂ ਨੂੰ ਅਜੇ ਤੱਕ ਕਿਤਾਬਾਂ, ਕਾਪੀਆਂ ਹੀ ਨਹੀਂ ਦਿੱਤੀਆਂ ਗਈਆਂ। ਇਹ ਬੱਚੇ ਕਿਵੇਂ ਪੜ੍ਹਾਈ ਕਰਨਗੇ
ਕੀ ਕਹਿਣੈ ਹੈ ਵਿੱਦਿਆ ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਦਾ : ਇਸ ਸਬੰਧੀ ਜਦੋਂ ਵਿੱਦਿਆ ਬਚਾਓ ਸੰਘਰਸ਼ ਕਮੇਟੀ ਦੇ ਕਨਵੀਨਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਇਕ ਨੀਤੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਨੂੰ ਫੇਲ ਕਰ ਕੇ ਸਰਮਾਏਦਾਰਾਂ ਦੇ ਪ੍ਰਾਈਵੇਟ ਸਕੂਲਾਂ ਨੂੰ ਹੋਰ ਤਕੜੇ ਕਰਨਾ ਹੈ। ਲੋਕਾਂ ਨੂੰ ਇਸ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।
ਜਲਦੀ ਹੀ ਦਿੱਤੀਆਂ ਜਾਣਗੀਆਂ ਕਿਤਾਬਾਂ ਤੇ ਵਰਦੀਆਂ : ਡੀ. ਈ. ਓ. ਐਲੀਮੈਂਟਰੀ : ਇਸ ਸਬੰਧੀ ਡੀ. ਈ. ਓ. ਐਲੀਮੈਂਟਰੀ ਸੰਗਰੂਰ ਬਲਵੀਰ ਸਿੰਘ ਨੇ ਕਿਹਾ ਕਿ ਜਿਵੇਂ-ਜਿਵੇਂ ਬੋਰਡ ਵੱਲੋਂ ਕਿਤਾਬਾਂ ਆ ਰਹੀਆਂ ਹਨ, ਉਹ ਸਕੂਲਾਂ ਨੂੰ ਭੇਜੀਆਂ ਜਾ ਰਹੀਆਂ ਹਨ। ਜਲਦੀ ਹੀ ਸਾਰੇ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਵਰਦੀਆਂ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਸਫਰ ਕਰਵਾਉਣ ਵਾਲੇ ਬੱਸ ਚਾਲਕ ਟ੍ਰੈਫਿਕ ਨਿਯਮਾਂ 'ਤੇ ਨਹੀਂ ਕਰਦੇ ਅਮਲ
NEXT STORY