ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਵਿਚ ਕੀਤਾ। ਰੰਧਾਵਾ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾਂ ਕਾਸ਼ਤਕਾਰਾਂ ਦੀ 2020-21 ਦੀ ਬਕਾਇਆ ਰਾਸ਼ੀ ਦੀ ਅਦਾਇਗੀ ਲਈ ਸਰਕਾਰ ਵੱਲੋਂ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਇਹ ਰਾਸ਼ੀ ਅੱਜ ਹੀ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ ਵਿਚ ਤਬਦੀਲ ਕਰ ਦਿੱਤੀ ਜਾਵੇਗੀ। ਉਨ੍ਹਾਂ ਅੱਗੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਬਰਾਮਦ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 11.57 ਕਰੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਆਪਣੇ ਪੱਧਰ ’ਤੇ 45 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋਂ ਸਾਲ 2021-22 ਦੇ ਬਜਟ ਵਿਚ 300 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਰੰਧਾਵਾ ਨੇ ਕਿਹਾ ਕਿ ਸਹਿਕਾਰੀ ਖੰਡ ਮਿੱਲਾਂ ਦੀ ਖੰਡ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਕਰੀਬ 11.57 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਂਊਸਲ ਆਫ ਐਗਰੀਕਲਚਰ ਰਿਸਰਚ ਕਰਨਾਲ ਕੇਂਦਰ ਦੇ ਸਹਿਯੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 16 ਲੱਖ ਪੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਗਈ ਹੈ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿਚ ਵੀ ਵਾਧਾ ਹੋਵੇਗਾ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਇਸੇ ਯੋਜਨਾ ਤਹਿਤ ਕਲਾਨੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਖੋਜ ਤੇ ਵਿਕਾਸ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ ਅਤੇ ਕਰੀਬ 15 ਏਕੜ ਵਿਚ ਬੀਜ ਫਾਰਮ ਤਿਆਰ ਕਰ ਦਿੱਤਾ ਗਿਆ ਹੈ।
ਝੋਨੇ ਦੀ ਬਿਜਾਈ ਤੋਂ ਵਿਹਲੇ ਹੋਏ ਕਿਸਾਨਾਂ ਨੂੰ ਦਿੱਲੀ ਬਾਰਡਰਾਂ ’ਤੇ ਪੁੱਜਣ ਦਾ ਸੱਦਾ
NEXT STORY