ਚੰਡੀਗੜ੍ਹ : ਸੂਬੇ 'ਚ ਹੜ੍ਹਾਂ ਤੋਂ ਬਚਾਅ ਸਬੰਧੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮਹਿਕਮੇ ਵੱਲੋਂ ਡਰੇਨਾਂ ਦੀ ਸਾਫ-ਸਫਾਈ ਦਾ 88 ਫ਼ੀਸਦੀ ਕੰਮ ਪੂਰਾ ਕਰ ਲਿਆ ਹੈ। ਹੁਣ ਤੱਕ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਕੀਤੀ ਜਾ ਚੁੱਕੀ ਹੈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ 48 ਹੋਰ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਅਤੇ ਇਨ੍ਹਾਂ ਦੇ ਇਸ ਮਹੀਨੇ ਦੇ ਅਖੀਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਮਾਨਸੂਨ ਦੌਰਾਨ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਦਰਿਆਵਾਂ ਦੇ ਨਾਲ ਲੱਗਦੇ ਨਾਜ਼ੁਕ ਸਥਾਨਾਂ 'ਤੇ ਈ. ਸੀ. ਬੈਗ ਵੀ ਭਰ ਕੇ ਰੱਖੇ ਗਏ ਹਨ।
ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਡਰੇਨਾਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਦਿੱਤੀ। ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਤੋਂ ਬਚਾਅ ਲਈ ਪ੍ਰਭਾਵਸ਼ਾਲੀ ਹੜ੍ਹ ਰੋਕੂ ਪ੍ਰਣਾਲੀ ਲਾਗੂ ਕਰਨ 'ਚ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਸੂਬਾਈ ਸਰਕਾਰ ਨੇ ਹੜ੍ਹਾਂ ਤੋਂ ਬਚਾਅ ਸਬੰਧੀ ਵਿਆਪਕ ਪ੍ਰਬੰਧਾਂ 'ਤੇ ਤਕਰੀਬਨ 50 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਮਾਨਸੂਨ ਦੌਰਾਨ ਬਚਾਅ, ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਡਿਪਟੀ ਕਮਿਸ਼ਨਰਾਂ ਨੂੰ 5 ਕਰੋੜ ਰੁਪਏ ਅਤੇ ਮੁੱਖ ਇੰਜਨੀਅਰ/ਡਰੇਨੇਜ ਨੂੰ 5 ਕਰੋੜ ਰੁਪਏ ਦੀ ਰਾਸ਼ੀ ਦੇਣ ਨੂੰ ਮਨਜ਼ੂਰੀ ਦਿੱਤੀ ਹੋਈ ਹੈ।
ਸਰਕਾਰੀਆ ਨੇ ਦੱਸਿਆ ਕਿ ਹੁਣ ਤੱਕ ਕੁੱਲ ਪ੍ਰਸਤਾਵਿਤ 2018.79 ਕਿਲੋਮੀਟਰ 'ਚੋਂ 1780.49 ਕਿਲੋਮੀਟਰ ਡਰੇਨਾਂ ਦੀ ਸਫਾਈ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਲ ਸਰੋਤ ਮਹਿਕਮੇ ਵੱਲੋਂ ਹੜ੍ਹਾਂ ਤੋਂ ਬਚਾਅ ਸਬੰਧੀ 48 ਪ੍ਰਾਜਕਟ ਚਲਾਏ ਜਾ ਰਹੇ ਹਨ। ਇਹ ਸਾਰੇ ਪ੍ਰਾਜੈਕਟਾਂ ਦੇ ਜੁਲਾਈ, 2020 ਦੇ ਅਖੀਰ ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਹੜ੍ਹਾਂ ਤੋਂ ਬਚਾਅ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀ ਦੀ ਸਮੀਖਿਆ ਕਰਦਿਆਂ ਜਲ ਸਰੋਤ ਮੰਤਰੀ ਨੇ ਅਧਿਕਾਰੀਆਂ ਨੂੰ ਹੜ੍ਹ ਕੰਟਰੋਲ ਰੂਮ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਨੂੰ ਲੋੜੀਂਦੇ ਸਾਧਨਾਂ ਨਾਲ ਪੂਰੀ ਤਰ੍ਹਾਂ ਲੈਸ ਕਰਨ ਲਈ ਕਿਹਾ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਤੁਰੰਤ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਅਤੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਦੇ ਨਿਰਦੇਸ਼ ਵੀ ਦਿੱਤੇ।
ਡੇਂਗੂ ਲਾਰਵਾ ਦੀ ਪਛਾਣ ਹੋਣ ’ਤੇ ਜ਼ਿੰਮੇਵਾਰ ਲੋਕਾਂ ਦੇ ਕੱਟੇ ਜਾਣ ਚਲਾਨ : ਡਿਪਟੀ ਕਮਿਸ਼ਨਰ
NEXT STORY