ਵੈੱਬ ਡੈਸਕ : ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਹੋ ਰਹੇ ਵਾਧੇ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਦੇ ਗੋਰਾਇਆ ਨੇੜਲੇ ਪਿੰਡ ਮਹਿਲਾ ਅਤੇ ਬਰਨਾਲਾ ਦੇ ਠੀਕਰੀਵਾਲਾ ਵਿੱਚ ਹੋਈਆਂ ਬੇਅਦਬੀ ਦੀਆਂ ਦੋ ਤਾਜ਼ਾ ਘਟਨਾਵਾਂ 'ਤੇ ਗਹਿਰੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਵਿੱਚ ਬੇਅਦਬੀ ਦਾ ਇਹ ਕੋਹੜ ਸਾਲ 2014 ਵਿੱਚ ਆਮ ਆਦਮੀ ਪਾਰਟੀ ਦੇ ਸਿਆਸਤ ਵਿੱਚ ਆਉਣ ਤੋਂ ਬਾਅਦ 2015 ਵਿੱਚ ਸ਼ੁਰੂ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ‘ਆਪ’ ਦੀ ਮੌਜੂਦਾ ਸਰਕਾਰ ਦੇ ਸ਼ਾਸਨ ਅਧੀਨ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ।
ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਤਾਜ਼ਾ ਘਟਨਾਵਾਂ ਦੇ ਨਾਲ-ਨਾਲ ਪਹਿਲਾਂ ਵਾਪਰੀਆਂ ਅਜਿਹੀਆਂ ਸਾਰੀਆਂ ਘਟਨਾਵਾਂ ਦੀ ਸੁਤੰਤਰ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਘਿਨਾਉਣੇ ਕਾਰਿਆਂ ਦੇ ਪਿੱਛੇ ਜੋ ਵੀ ਦੋਸ਼ੀ ਹਨ, ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ।
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਕਾਰਨ ਸਿੱਖ ਸੰਗਤਾਂ ਅਤੇ ਰਾਜਨੀਤਿਕ ਹਲਕਿਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਸੰਗਰੂਰ 'ਚ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਦੀ ਮੌਤ
NEXT STORY