ਮਾਛੀਵਾੜਾ ਸਾਹਿਬ (ਟੱਕਰ) : ਹਲਕਾ ਸਾਹਨੇਵਾਲ ਵਿਚ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਵਧੀਆ ਕਾਰਗੁਜ਼ਾਰੀ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਿੱਥੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਦੀ ਸ਼ਲਾਘਾ ਕੀਤੀ ਉੱਥੇ ਹਲਕੇ ਦੇ ਵਰਕਰਾਂ ਦੀ ਵੀ ਪਿੱਠ ਥਾਪੜੀ। ਸੁਖਬੀਰ ਸਿੰਘ ਬਾਦਲ ਵਲੋਂ ਅਕਾਲੀ ਦਲ ਦੇ ਜਿੱਤੇ 11 ਬਲਾਕ ਸੰਮਤੀ ਮੈਂਬਰਾਂ ਅਤੇ ਇਕ ਜ਼ਿਲਾ ਪ੍ਰੀਸ਼ਦ ਮੈਂਬਰ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਜਦੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਹੁੰਦੇ ਸਨ ਤਾਂ ਉਸ ਸਮੇਂ ਤੋਂ ਹੀ ਉਨ੍ਹਾਂ ਮਿਹਨਤ ਤੇ ਪਾਰਟੀ ਪ੍ਰਤੀ ਵਫ਼ਾਦਾਰੀ ਨਾਲ ਕੰਮ ਕੀਤਾ। ਹੁਣ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਬਾਵਜੂਦ ਵੀ 11 ਬਲਾਕ ਸੰਮਤੀ ਤੇ 1 ਜ਼ਿਲਾ ਪ੍ਰੀਸ਼ਦ ਮੈਂਬਰ ਦਾ ਹਲਕਾ ਸਾਹਨੇਵਾਲ ਤੋਂ ਜਿੱਤਣਾ ਸਮੂਹ ਵਰਕਰਾਂ ਅਤੇ ਢਿੱਲੋਂ ਦੀ ਮਿਹਨਤ ਸਦਕਾ ਹੈ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਆਮ ਆਦਮੀ ਪਾਰਟੀ ਨਹੀਂ ਹੈ ਇਹ ਕੌਮ ਤੇ ਪੰਜਾਬ ਦੀ ਜਥੇਬੰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਜੋ ਕਿ ਲੋਕਾਂ ਦੀ ਸਰਕਾਰ ਰਹੀ ਹੈ ਅਤੇ 24 ਘੰਟੇ ਲੋਕ ਸੇਵਾ ਲਈ ਤਿਆਰ ਰਹੀ ਹੈ। ਉਨ੍ਹਾਂ ਕਿਹਾ ਕਿ 10 ਸਾਲ ਅਕਾਲੀ ਸਰਕਾਰ ਸਮੇਂ ਹੋਏ ਵਿਕਾਸ ਕਾਰਜ ਦੇਖੇ ਅਤੇ ਹੁਣ 10 ਸਾਲ ਕਾਂਗਰਸ ਤੇ ‘ਆਪ’ ਸਰਕਾਰ ਦਾ ਕਾਰਜਕਾਲ ਵੀ ਦੇਖ ਲਿਆ, ਇਸ ਲਈ ਜੇਕਰ ਸੂਬੇ ਨੂੰ ਬਚਾਉਣਾ ਹੈ ਤਾਂ ਅਕਾਲੀ ਦਲ ਨੂੰ ਵਰਕਰ ਮਜ਼ਬੂਤ ਕਰਨ ਅਤੇ ਮੁੜ ਸਰਕਾਰ ਲਿਆਉਣ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਅਕਾਲੀ ਦਲ ਤੋਂ ਹੀ ਡਰ ਰਹੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਕੁੱਲ 2850 ਬਲਾਕ ਸੰਮਤੀਆਂ ਵਿਚੋਂ 1100 ਤੋਂ ਵੱਧ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ ਗਏ ਅਤੇ 110 ਜ਼ਿਲਾ ਪ੍ਰੀਸ਼ਦ ਉਮੀਦਵਾਰਾਂ ਦੇ ਕਾਗਜ਼ ਰੱਦ ਕੀਤੇ ਗਏ। ਇਸ ਮੌਕੇ ਸਿਮਰਨਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ।
2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਤੇ ਕਾਂਗਰਸ ਵਿਚਕਾਰ ਹੋਵੇਗਾ ਮੁਕਾਬਲਾ
ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸਾਹਨੇਵਾਲ ਦੇ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਡੱਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਆਉਣ ਵਾਲੀਆਂ ਚੋਣਾਂ ਵਿਚ ਮੁਕਾਬਲਾ ਅਕਾਲੀ ਦਲ ਤੇ ਕਾਂਗਰਸ ਵਿਚਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਦੀਆਂ ਜ਼ਮਾਨਤਾਂ ਜ਼ਬਤ ਹੋਣਗੀਆਂ ਅਤੇ ਅਕਾਲੀ ਦਲ ਦੇ 92 ਵਿਧਾਇਕ ਸੂਬਾ ਵਾਸੀ ਤੇ ਵਰਕਰ ਬਣਾਉਣਗੇ। ਉਨ੍ਹਾਂ ਕਿਹਾ ਕਿ ਇਕ ਸਾਲ ਰਹਿ ਗਿਆ ਚੋਣਾਂ ਵਿਚ ਅਤੇ ਹੁਣ ਵਰਕਰ ਸਾਰੇ ਗਿਲ੍ਹੇ ਸ਼ਿਕਵੇ, ਗੁੱਟਬੰਦੀ ਭੁਲਾ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਹਲਕਾ ਸਾਹਨੇਵਾਲ ਵਿਚ ਵਧੀਆ ਕਾਰਗੁਜ਼ਾਰੀ ਲਈ ਵਧਾਈ ਦੇ ਪਾਤਰ ਹਨ।
ਜੰਡਿਆਲਾ 'ਚ ਹੋ ਗਿਆ ਵੱਡਾ ਐਨਕਾਊਂਟਰ, ਚੱਲੀਆਂ ਤਾੜ-ਤਾੜ ਗੋਲੀਆਂ
NEXT STORY