ਹੁਸ਼ਿਆਰਪੁਰ (ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਾਂਗਰਸ ਪਾਰਟੀ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇ। ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਾ ਸਿਰਫ ਲੋਕਾਂ ਦਾ, ਬਲਕਿ ਸੂਬੇ ’ਚ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਦਾ ਵੀ ਵਿਸ਼ਵਾਸ ਗੁਆ ਲਿਆ ਹੈ। ਇਥੇ ਸ਼ਾਮਚੁਰਾਸੀ ਹਲਕੇ ਤੋਂ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਸੰਧਰ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਵਰਿੰਦਰ ਸਿੰਘ ਪਰਿਹਾਰ ਦੇ ਹੱਕ ’ਚ ਵਿਸ਼ਾਲ ਜਨਤਕ ਰੈਲੀਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ’ਚ ਚੋਣਾਂ ਦੇ ਮੌਕੇ ਕਾਂਗਰਸ ਪਾਰਟੀ ’ਚ ਮੁੱਖ ਮੰਤਰੀ ਦੇ ਅਹੁਦੇ ਲਈ ਅੰਨ੍ਹੀ ਦੌੜ ਲੱਗੀ ਹੋਈ ਹੈ ਤੇ ਹਰ ਕੋਈ ਆਪਣੇ ਆਪ ਨੂੰ ਮੁੱਖ ਮੰਤਰੀ ਦੇ ਅਹੁਦੇ ਦਾ ਉਮੀਦਵਾਰ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਨੀ ਕੁਰਸੀ ਨੂੰ ਚਿੰਬੜਿਆ ਰਹਿਣਾ ਚਾਹੁੰਦਾ ਹੈ, ਜਦਕਿ ਪਾਰਟੀ ਲੀਡਰਸ਼ਿਪ ਨਹੀਂ ਚਾਹੁੰਦੀ ਕਿ ਉਹ ਮੁੱਖ ਮੰਤਰੀ ਦੀ ਕੁਰਸੀ ਦਾ ਮੁੜ ਦਾਅਵੇਦਾਰ ਬਣੇ।
ਇਹ ਵੀ ਪੜ੍ਹੋ : ਗਾਇਕ ਗਿੱਪੀ ਗਰੇਵਾਲ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਆਪਣੀ ਡਫਲੀ ਵਜਾ ਰਿਹਾ ਹੈ ਤੇ ਰੋਜ਼ ਚੰਨੀ ਨੂੰ ਜ਼ਲੀਲ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅੱਜ ਕਾਂਗਰਸ ਦੇ ਉਲਟ ਹਨ ਕਿਉਂਕਿ ਇਸ ਨੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਇਸੇ ਲਈ ਆਉਂਦੇ ਦਿਨਾਂ ’ਚ ਕਾਂਗਰਸ ਖੇਰੂੰ ਖੇਰੂੰ ਹੁੰਦੀ ਨਜ਼ਰ ਆਵੇਗੀ। ਇਕ ਹੋਰ ਸਵਾਲ ਦੇ ਜਵਾਬ ਵਿਚ ਬਾਦਲ ਨੇ ਕਿਹਾ ਕਿ ਪੰਜਾਬ ਦੇ ਲਟਕਦੇ ਮਸਲੇ ਹੱਲ ਕਰਨਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਹੇ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ ਤੇ ਪ੍ਰਧਾਨ ਮੰਤਰੀ ਸੂਬੇ ਨਾਲ ਹੋਇਆ ਅਨਿਆਂ ਦੂਰ ਕਰਨਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਆਉਂਦੀ ਫੇਰੀ ਦੌਰਾਨ ਚੰਡੀਗੜ੍ਹ ਅਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ ਦਾ ਐਲਾਨ ਕਰਨ ਦੇ ਨਾਲ-ਨਾਲ ਸੂਬੇ ਨੂੰ ਇਹ ਵਿਸ਼ਵਾਸ ਦੁਆਉਣਾ ਚਾਹੀਦਾ ਹੈ ਕਿ ਰਾਇਪੇਰੀਅਨ ਸਿਧਾਂਤਾਂ ਮੁਤਾਬਕ ਦਰਿਆਈ ਪਾਣੀਆਂ ’ਤੇ ਇਸ ਦਾ ਹੱਕ ਹੈ। ਉਨ੍ਹਾਂ ਨੂੰ ਇਸ ਮੌਕੇ ਕਿਸਾਨੀ ਕਰਜ਼ਾ ਮੁਆਫੀ ਦਾ ਐਲਾਨ ਵੀ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਵਿਚ ਖੇਤੀਬਾੜੀ ਅਰਥਚਾਰਾ ਸੁਰਜੀਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਪੰਜਾਬ ਦੇ ਵਿੱਤੀ ਪ੍ਰਬੰਧ ਨੂੰ ਲੈ ਕੇ ਨਵਜੋਤ ਸਿੱਧੂ ਦੇ ਕੈਪਟਨ-ਬਾਦਲ ’ਤੇ ਵੱਡੇ ਨਿਸ਼ਾਨੇ
ਇਸ ਦੌਰਾਨ ਦੋਹਾਂ ਥਾਵਾਂ ’ਤੇ ਵਿਸ਼ਾਲ ਇਕੱਠਾਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਪੰਜਾਬ ਦੀਆਂ ਚੋਣਾਂ ’ਚ ਇਕਲੌਤੀ ਖੇਤਰੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ ਤੇ ਹਮੇਸ਼ਾ ਸੂਬੇ ਦੇ ਹੱਕਾਂ ਵਾਸਤੇ ਡਟਦਾ ਰਿਹਾ ਹੈ। ਅਕਾਲੀ ਦਲ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲਿਆਂ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੁਝ ਆਗੂ ਸੁਰੱਖਿਆ ਕਵਚ ਹਾਸਲ ਕਰਨ ਵਾਸਤੇ ਚਲੇ ਗਏ ਹਨ ਤੇ ਕੁਝ ਹੋਰ ਆਪਣੇ ਵਪਾਰਕ ਹਿੱਤਾਂ ਦੀ ਰਾਖੀ ਵਾਸਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਸਾਰੇ ਆਪਣੀਆਂ ਜ਼ਮਾਨਤਾਂ ਜ਼ਬਤ ਕਰਵਾਉਣਗੇ। ਉਨ੍ਹਾਂ ਕਿਹਾ ਕਿ ਅਸੀਂ ਪਿੱਠ ਵਿਚ ਛੁਰੇ ਮਾਰਨ ਵਾਲਿਆਂ ਨੂੰ ਕਦੇ ਵੀ ਵਾਪਸ ਨਹੀਂ ਲਵਾਂਗੇ। ਉਨ੍ਹਾਂ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ’ਤੇ ਸਾਬਕਾ ਵਿਧਾਇਕ ਮਹਿੰਦਰ ਕੌਰ ਜੋਸ਼ ਨੂੰ ਪਾਰਟੀ ’ਚੋਂ ਕੱਢਣ ਦਾ ਐਲਾਨ ਵੀ ਕੀਤਾ। ਇਸ ਦੌਰਾਨ ਬਾਦਲ ਨੇ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਬਣਨ ’ਤੇ ਕੰਢੀ ਇਲਾਕੇ ਦੇ ਵਿਕਾਸ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇਗਾ। ਇਹ ਮੰਤਰਾਲਾ ਨਾ ਸਿਰਫ ਕੰਢੀ ਇਲਾਕੇ ਦੇ ਵਿਕਾਸ ਦੇ ਕੰਮ ਵੇਖੇਗਾ ਬਲਕਿ ਇਸ ਨੂੰ ਨੌਜਵਾਨਾਂ ਵਾਸਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੀ ਜ਼ਿੰਮੇਵਾਰੀ ਵੀ ਸੌਂਪੀ ਜਾਵੇਗੀ।
ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਕੰਖੀ ਇਲਾਕੇ ਦੇ ਕਿਸਾਨਾਂ ਨੂੰ ਪਹਿਲ ਦੇ ਆਧਾਰ ’ਤੇ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਜੰਗਲੀ ਜਾਨਵਰਾਂ ਤੋਂ ਫਸਲਾਂ ਦੇ ਉਜਾੜੇ ਦੀ ਰੋਕਥਾਮ ਕਰਨ ਸਮੇਤ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਇਸ ਤੋਂ ਪਹਿਲਾਂ ਬਾਦਲ ਨੇ ਦੋਹਾਂ ਹਲਕਿਆਂ ਵਿਚ ਰੋਡ ਸ਼ੋਅ ’ਚ ਵੀ ਹਿੱਸਾ ਲਿਆ, ਜਿਥੇ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਉਨ੍ਹਾਂ ਨੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਮੱਥਾ ਵੀ ਟੇਕਿਆ ਤੇ ਹੁਸ਼ਿਆਰਪੁਰ ਦੀ ਮਾਰਕੀਟ ਵਿਚ ਰੇਹੜੀਆਂ ’ਤੇ ਵਿਅੰਜਨਾਂ ਦਾ ਸੁਆਦ ਵੀ ਚੱਖਿਆ। ਇਸ ਦੌਰਾਨ ਮਿਊਂਸਪਲ ਕੌਂਸਲ ਦੇ ਮੀਤ ਪ੍ਰਧਾਨ ਖੈਰਾਤੀ ਲਾਲ ਤੇ ਤਰਲੋਕ ਸਿੰਘ ਤੇ ਮੌਜੂਦਾ ਐੱਮ. ਸੀ. ਮੋਨਿਕਾ ਕਟਾਣਾ ਤੇ ਸ਼ਾਮਚੁਰਾਸੀ ਹਲਕੇ ਤੋਂ ਅਨੇਕਾਂ ਹੋਰ ਸਾਬਕਾ ਕੌਂਸਲਰ ਤੇ ਕਾਂਗਰਸ ਦੇ ਅਹੁਦੇਦਾਰ ਅਕਾਲੀ ਦਲ ’ਚ ਸ਼ਾਮਲ ਹੋ ਗਏ।
ਗਾਇਕ ਗਿੱਪੀ ਗਰੇਵਾਲ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨਾਲ ਕੀਤੀ ਮੁਲਾਕਾਤ
NEXT STORY