ਜਲੰਧਰ (ਰਾਹੁਲ ਕਾਲਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੈਲੰਜ ਦਿੱਤਾ ਹੈ। ਬਾਦਲ ਨੇ ਕਿਹਾ ਕਿ ਜੇਕਰ ਨਵਜੋਤ ਸਿੱਧੂ ’ਚ ਹਿੰਮਤ ਹੈ ਤਾਂ ਉਹ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਹਾਈਕਮਾਨ ਤੋਂ ਪੰਜਾਬ ਲਈ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨ ਕਰਵਾ ਦੇ ਦੱਸਣ, ਅਸੀਂ ਵੀ ਦੇਖਦੇ ਹਾਂ ਕਿ ਨਵਜੋਤ ਸਿੱਧੂ ਦੀ ਕਾਂਗਰਸ ’ਚ ਕਿੰਨੀ ਕੁ ਤਾਕਤ ਜਾਂ ਉਨ੍ਹਾਂ ਦੀ ਚੱਲਦੀ ਹੈ। 2022 ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ’ਚ ਕਾਂਗਰਸ ਨੇ ਬਿਨਾਂ ਮੁੱਖ ਮੰਤਰੀ ਚਿਹਰੇ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ ਪਰ ਨਵਜੋਤ ਸਿੱਧੂ ਪਾਰਟੀ ਤੋਂ ਉਲਟ ਇਹ ਦਾਅਵਾ ਕਰ ਰਹੇ ਹਨ ਕਿ ਜੇਕਰ ਚੋਣਾਂ ’ਚ ਜਿੱਤ ਹਾਸਲ ਕਰਨੀ ਹੈ ਤਾਂ ਕਾਂਗਰਸ ਹਾਈਕਮਾਨ ਨੂੰ ਮੁੱਖ ਮੰਤਰੀ ਦੇ ਚਿਹਰੇ ’ਤੇ ਚੋਣ ਲੜਨੀ ਚਾਹੀਦੀ ਹੈ। ਕੰਪੇਨਿੰਗ ਕਮੇਟੀ ਦੇ ਚੇਅਰਮੈਨ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਵੀ ਸਾਫ਼ ਕਰ ਚੁੱਕੇ ਹਨ ਕਿ ਕਾਂਗਰਸ ਸਾਰਿਆਂ ਨੂੰ ਨਾਲ ਲੈ ਕੇ ਹੀ ਚੋਣ ਮੈਦਾਨ ’ਚ ਨਿੱਤਰਗੀ।
ਇਹ ਵੀ ਪੜ੍ਹੋ : ਰਾਜੇਵਾਲ ਨੇ ਰਵਾਇਤੀ ਪਾਰਟੀਆਂ ’ਤੇ ਲਾਏ ਵੱਡੇ ਇਲਜ਼ਾਮ, ਕਿਹਾ-ਪੰਜਾਬ ਨੂੰ ਬਚਾਉਣ ਲਈ ਲੋਕ ਬਣਾਉਣ ਲਹਿਰ (ਵੀਡੀਓ)
ਜਲੰਧਰ ਪਹੁੰਚੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਸੂਬੇ ’ਚ ਕਾਨੂੰਨ ਵਿਵਸਥਾ ਵਿਗੜੀ ਹੋਈ ਹੈ, ਪੰਜਾਬ ਪੁਲਸ ਦਾ ਕੋਈ ਕੰਟਰੋਲ ਨਹੀਂ, ਇੰਝ ਲੱਗ ਰਿਹਾ ਹੈ ਕਿ ਜਿਵੇਂ ਪੁਲਸ ਛੁੱਟੀ ’ਤੇ ਗਈ ਹੋਵੇ। ਸੂਬੇ ’ਚ ਬੇਅਦਬੀਆਂ ਹੋ ਰਹੀਆਂ ਹਨ ਪਰ ਸਰਕਾਰ ਚੁੱਪ ਹੈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਮਾਮਲੇ ’ਤੇ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਖ਼ਿਲਾਫ ਹੱਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ’ਚ ਪੰਜਾਬ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਹੈ। ਪੰਜਾਬ ਸਰਕਾਰ ਖ਼ਿਲਾਫ਼ ਅਸੀਂ ਦੋ ਜਨਵਰੀ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਰੋਸ ਜ਼ਾਹਿਰ ਕਰਾਂਗੇ। ਇਹ ਖ਼ਾਲਸਾ ਪੰਥ ਦਾ ਰੋਸ ਹੋਵੇਗਾ। ਪੰਜਾਬ ਸਰਕਾਰ ਬੇਅਦਬੀ ਮਾਮਲਿਆਂ ਨੂੰ ਹੱਲ ਕਰਨ ਵੱਲ ਧਿਆਨ ਨਹੀਂ ਦੇ ਰਹੀ। ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਖਿਲਾਫ਼ ਨਸ਼ਿਆਂ ਸਬੰਧੀ ਦਰਜ ਮਾਮਲੇ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਝੂਠੇ ਕੇਸ ਬਣਾ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਜਿੰਨਾ ਅਕਾਲੀ ਦਲ ਨੂੰ ਦਬਾਉਣ ਦੀ ਕੋਸ਼ਿਸ਼ ਕਰੋਗੇ, ਓਨਾ ਹੀ ਅਸੀਂ ਮਜ਼ਬੂਤ ਹੋਵਾਂਗੇ।
ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ
ਜਲੰਧਰ 'ਚ ਵੱਡੀ ਵਾਰਦਾਤ, ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
NEXT STORY