ਗੁਰਾਇਆ (ਮੁਨੀਸ਼) - 13 ਕਿਸਾਨ ਜਥੇਬੰਦੀਆਂ ਵੱਲੋਂ 21 ਜ਼ਿਲ੍ਹਿਆਂ 'ਚ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਅਰਡੀਨੈਂਸਾਂ ਦੇ ਵਿਰੋਧ ’ਚ ਪਿੰਡ ਰੁੜਕਾ ਕਲਾਂ ਦੀ ਦਾਣਾ ਮੰਡੀ ਤੋਂ ਭਾਰੀ ਗਿਣਤੀ 'ਚ ਟਰੈਕਟਰਾਂ ਨਾਲ ਵੱਖ ਵੱਖ ਪਿੰਡਾਂ 'ਚ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਰੁੜਕਾ ਕਲਾਂ ਤੋਂ ਸ਼ੁਰੂ ਹੋ ਕੇ ਫਗਵਾੜਾ 'ਚ ਭਾਜਪਾ ਦੇ ਕੇਂਦਰੀ ਮੰਤਰੀ ਸੋਮਪ੍ਰਕਾਸ਼ ਕੈਂਥ ਦੀ ਕੋਠੀ ਦਾ ਘਿਰਾਓ ਕਰਕੇ ਦਿੱਤੇ ਰੋਸ ਧਰਨੇ ਦੌਰਾਨ ਕੇਂਦਰ ਸਰਕਾਰ ਅਤੇ ਅਕਾਲੀ ਭਾਜਪਾ ਗਠਜੋੜ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਆਪਣੇ ਸੰਬੋਧਨ ’ਚ ਕਾਮਰੇਡ ਕੁਲਵੰਤ ਸਿੰਘ ਸੰਧੂ ਜਨਰਲ ਸਕੱਤਰ ਜਮਹੂਰੀ ਕਿਸਾਨ ਸਭਾ ਪੰਜਾਬ, ਜਮਹੂਰੀ ਕਿਸਾਨ ਸਭਾ ਦੇ ਸੂਬਾ ਖਜ਼ਾਨਚੀ ਜਸਵਿੰਦਰ ਸਿੰਘ ਢੇਸੀ ਸਮੇਤ ਵੱਡੀ ਗਿਣਤੀ ’ਚ ਇਕੱਠੇ ਹੋਏ ਕਿਸਾਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਭਾਈਵਾਲ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮੰਡੀਕਰਨ ਬੋਰਡ ਨੂੰ ਤੋੜਨ, ਐਮ.ਐਸ.ਪੀ ਅਤੇ ਬਿਜਲੀ ਦੀ ਸਬਸਿਡੀ ਖਤਮ ਕਰਨ ਵਰਗੇ ਕਿਸਾਨ ਵਿਰੋਧੀ ਕਾਲੇ ਆਰਡੀਨੈਂਸ ਜਾਰੀ ਕਰਕੇ ਪਹਿਲਾਂ ਤੋਂ ਹੀ ਕਰਜੇ ਦੇ ਜਾਲ ’ਚ ਫਸੀ ਪੰਜਾਬ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਬਰਬਾਦ ਕਰਨ ਦੀ ਕੌਝੀ ਚਾਲ ਹੈ। ਇਸ ਤਹਿਤ ਡੀਜ਼ਲ ਪੈਟਰੋਲ ਦੀਆਂ ਕੀਮਤਾਂ ’ਚ ਆਏ ਦਿਨ ਵਾਧਾ ਕਰਕੇ, ‘ਇਕ ਮੰਡੀ ਇਕ ਦੇਸ਼’ ਅਤੇ ਬਿਜਲੀ ਸੋਧ ਐਕਟ 2020 ਵਰਗੇ ਨਵੇਂ ਆਰਡੀਨੈਂਸ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ’ਚ ਭਾਈਵਾਲ ਹੋਣ ਦੇ ਬਾਵਜੂਦ ਆਪਣੇ ਆਪ ਨੂੰ ਕਿਸਾਨ ਹਤੈਸ਼ੀ ਅਖਵਾਉਣ ਵਾਲੇ ਸ੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਸਾਨਾਂ ਦੀ ਪਿੱਠ ’ਚ ਛੂਰਾ ਮਾਰ ਕੇ ਕਿਸਾਨਾਂ ਨਾਲ ਵਿਸਵਾਸ਼ਘਾਤ ਕੀਤਾ ਹੈ। ਇਨ੍ਹਾਂ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਕਰਕੇ ਇਨ੍ਹਾਂ ਨੂੰ ਰੱਦ ਕਰਵਾਉਂਣ ਦੀ ਥਾਂ ਕੇਂਦਰ ’ਚ ਮੰਤਰੀ ਆਪਣੀ ਪਤਨੀ ਹਰਸਿਮਰਤ ਕੌਰ ਦੀ ਕੁਰਸੀ ਬਚਾਉਣ ਲਈ ਸੂਬੇ ਦੇ ਸਾਰੇ ਹਿੱਤਾਂ ਨੂੰ ਛਿੱਕੇ ਟੰਗ ਕੇ ਭਾਜਪਾ ਦੀ ਹਾਂ ’ਚ ਹਾਂ ਭਰ ਕੇ ਇਨ੍ਹਾਂ ਕਾਲੇ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ। ਜਿਸ ਨੂੰ ਕਿਸੇ ਵੀ ਹਾਲਤ ’ਚ ਬਰਦਾਸਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਮੰਗ ਕੀਤੀ ਕਿ ਇਹ ਸਾਰੇ ਕਾਲੇ ਕਾਨੂੰਨ ਤੁੰਰਤ ਰੱਦ ਕੀਤੇ ਜਾਣ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜਥੇਬੰਦੀਆਂ ਵੱਲੋਂ ਸਮੇਂ ਦੀ ਸਰਕਾਰਾਂ ਵੱਲੋਂ ਕਿਸਾਨਾਂ ਉਪਰ ਕੀਤੇ ਜਾਣ ਵਾਲੇ ਜੁਲਮਾਂ ਦੇ ਖਿਲਾਫ ਆਪਣੇ ਸੰਘਰਸ਼ਾਂ ਨੂੰ ਹੋਰ ਤੇਜ ਕਰਕੇ ਇਸ ਸੰਘਰਸ਼ ਨੂੰ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ ਕਿ ਇਹ ਕਿਸਾਨ ਵਿਰੋਧੀ ਆਰਡੀਨੈਂਸ ਰੱਦ ਨਹੀਂ ਕਰ ਦਿੱਤੇ ਜਾਂਦੇ।
ਕਰੋੜਾਂ ਦੀ ਠੱਗੀ ਕਰਨ ਵਾਲੇ ਵ੍ਹਿਜ ਪਾਵਰ ਦੇ ਮਾਲਕ ਗਗਨਦੀਪ ਦੀ ਕੋਰੋਨਾ ਰਿਪੋਰਟ ਦੀ ਉਡੀਕ
NEXT STORY