ਅੰਮ੍ਰਿਤਸਰ— ਟਕਸਾਲੀ ਅਕਾਲੀਆਂ ਦਾ ਵਿਰੋਧ ਝੱਲ ਰਹੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੇ ਮੈਬਰਾਂ ਨੇ ਐੱਸ. ਜੀ. ਪੀ. ਸੀ. ਪ੍ਰਧਾਨ ਚੁਣਨ ਦੇ ਸਾਰੇ ਅਧਿਕਾਰ ਦੇ ਦਿੱਤੇ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੋਮਵਾਰ ਦੇਰ ਸ਼ਾਮ ਸੁਖਬੀਰ ਬਾਦਲ ਨੇ ਕਮੇਟੀ ਮੈਬਰਾਂ ਦੇ ਨਾਲ ਮੀਟਿੰਗ ਕੀਤੀ ਸੀ। ਮੰਗਲਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਦੁਪਹਿਰ ਇਕ ਵਜੇ ਪ੍ਰਧਾਨ ਦੀ ਚੋਣ ਲਈ ਜਨਰਲ ਇਜਲਾਸ ਹੋਵੇਗਾ।
ਸੋਮਵਾਰ ਨੂੰ ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗੱਲਬਾਤ 'ਚ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਭ ਨੇ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਚੁਣਨ ਦੇ ਅਧਿਕਾਰ ਦਿੱਤੇ ਹਨ।ਉਨ੍ਹਾਂ ਕਿਹਾ ਕਿ ਕਮੇਟੀ ਮੈਂਬਰਾਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਮੇਟੀ ਦੇ ਪ੍ਰਧਾਨ ਨੂੰ ਚੁਣਿਆ ਜਾਵੇਗਾ। ਕਮੇਟੀ ਦੇ ਪ੍ਰਧਾਨ ਦਾ ਨਾਮ ਲਿਫਾਫੇ 'ਚੋਂ ਨਹੀਂ ਨਿਕਲੇਗਾ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਲਿਫਾਫਾ ਕਲਚਰ ਸ਼੍ਰੋਮਣੀ ਅਕਾਲੀ ਦਲ ਦਾ ਅਜੰਡਾ ਨਹੀਂ ਹੈ।ਮੀਟਿੰਗ ਵਿਚ ਸਾਰੇ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਜੋ ਅਧਿਕਾਰ ਦਿੱਤੇ ਹਨ ਉਸ 'ਤੇ ਵਿਚਾਰਾਂ ਕਰ ਕੇ ਹੀ ਸ਼੍ਰੋਮਣੀ ਅਕਾਲੀ ਦਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣੇਗਾ।ਮੀਟਿੰਗ ਵਿਚ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਪ੍ਰਕਾਸ਼ ਪੁਰਬ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਲਈ ਮੈਂਬਰਾਂ ਨੇ ਆਪਣੀ ਰਾਇ ਰੱਖੀ ਅਤੇ ਇਹ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ 'ਚ ਪਹੁੰਚਾਇਆ ਜਾਵੇ।
ਅਧਿਆਪਕਾਂ ਵੱਲੋਂ ਧਰਮਸੌਤ ਦੀ ਕੋਠੀ ਦਾ ਘਿਰਾਓ
NEXT STORY