ਚੰਡੀਗੜ੍ਹ,(ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਦੇਸ਼ ਦੀਆਂ ਵੱਖ-ਵੱਖ ਜੇਲਾਂ 'ਚ ਸੜ ਰਹੇ ਸਾਰੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਪ੍ਰਭਾਵਸ਼ਾਲੀ ਦਖ਼ਲ ਦੀ ਮੰਗ ਕੀਤੀ ਹੈ।
ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਬਾਦਲ ਨੇ ਕਿਹਾ ਕਿ ਦੇਸ਼ ਅੰਦਰ ਕਾਨੂੰਨ ਦਾ ਰਾਜ ਸਥਾਪਤ ਕਰਨ ਲਈ ਤੁਰੰਤ ਲੋੜੀਂਦਾ ਇਹ ਕਦਮ ਸਮਾਜ ਦੇ ਇਸ ਪੀੜਤ ਭਾਈਚਾਰੇ ਦੇ ਮਨਾਂ ਵਿਚ ਸਦਭਾਵਨਾ ਅਤੇ ਭਰੋਸਾ ਪੈਦਾ ਕਰੇਗਾ। ਇਸ ਕਦਮ ਦਾ ਮਨੋਵਿਗਿਆਨਕ ਤੌਰ 'ਤੇ ਹਾਂ-ਪੱਖੀ ਅਸਰ ਹੋਣ ਤੋਂ ਇਲਾਵਾ ਇਹ ਸਰਕਾਰ ਦਾ ਸੰਵਿਧਾਨਕ ਫਰਜ਼ ਵੀ ਹੈ ਕਿਉਂਕਿ ਇਨ੍ਹਾਂ ਕੈਦੀਆਂ ਨੂੰ ਨਾਜਾਇਜ਼ ਹਿਰਾਸਤ ਵਿਚ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਅਜਿਹਾ ਕੋਈ ਕਾਨੂੰਨ ਨਹੀਂ ਹੈ, ਜਿਸ ਤਹਿਤ ਸਜ਼ਾ ਪੂਰੀ ਹੋਣ ਤੋਂ ਬਾਅਦ ਕਿਸੇ ਵਿਅਕਤੀ ਨੂੰ ਇਕ ਮਿੰਟ ਲਈ ਵੀ ਕੈਦ ਵਿਚ ਰੱਖਿਆ ਜਾ ਸਕਦਾ ਹੋਵੇ ਪਰ ਇਹ ਸਾਰੇ ਸਿੱਖ ਸਾਲਾਂ ਤੋਂ, ਜਿਨ੍ਹਾਂ ਵਿਚੋਂ ਕਈ ਤਾਂ ਦਹਾਕਿਆਂ ਤੋਂ ਜੇਲਾਂ ਅੰਦਰ ਸੜ ਰਹੇ ਹਨ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ, ਜਿਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਬ ਸਾਰੀ ਦੁਨੀਆ 'ਚ ਪੂਰੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਦੇ ਰੂਹਾਨੀ ਸੁਨੇਹੇ ਪ੍ਰਤੀ ਬੇਹੱਦ ਸਤਿਕਾਰ ਅਤੇ ਸ਼ਰਧਾ ਦੀ ਨਿਸ਼ਾਨੀ ਵਜੋਂ ਇਨ੍ਹਾਂ ਸਿੱਖਾਂ ਦੀ ਰਿਹਾਈ ਦਾ ਐਲਾਨ ਕਰਨ। ਉਨ੍ਹਾਂ ਕਿਹਾ ਕਿ ਇਹ ਗੁਰੂ ਸਾਹਿਬ ਦੇ ਦੁਨੀਆ ਅੰਦਰ ਬੇਇਨਸਾਫੀ ਅਤੇ ਅੱਤਿਆਚਾਰ ਖ਼ਿਲਾਫ ਹੋ ਕੇ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਦੀਆਂ ਦੀ ਰਿਹਾਈ ਭਾਰਤ ਸਰਕਾਰ ਵੱਲੋਂ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਨੂੰ ਖ਼ਤਮ ਕਰਕੇ ਵਿਖਾਈ ਸਦਭਾਵਨਾ ਨੂੰ ਹੋਰ ਵੱਡਾ ਕਰੇਗੀ। ਇਹ ਕਦਮ ਦੇਸ਼ ਦੀਆਂ ਸਾਰੀਆਂ ਘੱਟ-ਗਿਣਤੀਆਂ ਦੇ ਦਿਲਾਂ ਅਤੇ ਦਿਮਾਗ 'ਚ ਭਰੋਸਾ ਅਤੇ ਵਿਸ਼ਵਾਸ ਪੈਦਾ ਕਰੇਗਾ ਅਤੇ ਸਮੇਂ ਦੀਆਂ ਕਾਂਗਰਸੀ ਸਰਕਾਰਾਂ ਵਲੋਂ ਘੱਟ-ਗਿਣਤੀਆਂ ਨੂੰ ਇਨਸਾਫ ਤੋਂ ਵਾਂਝੇ ਕਰ ਕੇ ਉਨ੍ਹਾਂ ਅੰਦਰ ਪੈਦਾ ਕੀਤੀ ਬੇਗਾਨਗੀ ਦੀਆਂ ਭਾਵਨਾਵਾਂ ਨੂੰ ਦੂਰ ਕਰਨ ਵਿਚ ਵੱਡੀ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਭਾਵੇਂ ਨਰਿੰਦਰ ਮੋਦੀ ਸਰਕਾਰ ਨੇ ਨਿਰਦੋਸ਼ ਸਿੱਖਾਂ ਦੇ ਕਾਤਲਾਂ ਨੂੰ ਸਜ਼ਾ ਦਿਵਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਵੀ ਬਹੁਤ ਕੁੱਝ ਕੀਤਾ ਜਾਣਾ ਬਾਕੀ ਹੈ।
ਸਮਰਾਲਾ 'ਚ ਇਕੋ ਦਿਨ 3 ਬੱਚੇ ਲਾਪਤਾ
NEXT STORY