ਰੋਪੜ (ਦਲਜੀਤ)— ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਜ਼ਿੰਮੇਵਾਰ ਹਨ, ਜਿਨ੍ਹਾਂ ਨੇ ਮੇਰੇ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਪਾਰਟੀ ਦੀ ਬਿਹਤਰੀ ਲਈ ਦਿੱਤੇ ਸੁਝਾਵਾਂ ਨੂੰ ਹਮੇਸ਼ਾ ਅਣਸੁਣਿਆ ਕੀਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਬੀਤੇ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਆਏ ਸੁਖਦੇਵ ਸਿੰਘ ਢੀਂਡਸਾ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਉਨ੍ਹਾਂ ਅਤੇ ਦਲ ਦੇ ਹੋਰ ਕਈ ਸੀਨੀਅਰ ਆਗੂਆਂ ਵੱਲੋਂ ਪਾਰਟੀ ਦੀ ਬਿਹਤਰੀ ਲਈ ਕਈ ਵਾਰ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਬੇਨਤੀ ਕੀਤੀ ਗਈ ਕਿ ਉਹ ਪਾਰਟੀ ਦੀ ਕਮਾਨ ਦੋਬਾਰਾ ਤੋਂ ਸੰਭਾਲ ਲੈਣ ਪਰ ਉਨ੍ਹਾਂ ਸਾਡੇ ਸੁਝਾਵਾਂ ਨੂੰ ਕਦੇ ਗੰਭੀਰਤਾ ਨਾਲ ਨਹੀਂ ਲਿਆ, ਜਿਸ ਦਾ ਹਸ਼ਰ ਅੱਜ ਸਭ ਦੇ ਸਾਹਮਣੇ ਹੈ।
ਆਪਣੇ ਰਾਜਸੀ ਸਫਰ ਸਬੰਧੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇਕੋ-ਇਕ ਉਦੇਸ਼ ਆਪਣੇ ਪਿਆਰੇ ਪੰਜਾਬ ਨੂੰ ਬਚਾਉਣਾ ਹੈ, ਜਿਸ ਲਈ ਉਹ ਪੰਜਾਬ ਦੀਆਂ ਸਮੂਹ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਉਹ ਆਪਣੇ-ਆਪਣੇ ਰਾਜਸੀ ਮੁਫਾਦਾਂ ਤੋਂ ਉੱਪਰ ਉੱਠ ਕੇ ਸੂਬੇ ਦੀ ਭਲਾਈ ਲਈ ਕਦਮ ਚੁੱਕਣ ਸੂਬੇ ਦੇ ਰਾਜਸੀ ਹਾਲਾਤ ਦੀ ਗੱਲ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਸੂਬੇ ਅੰਦਰ ਕਿਧਰੇ ਵੀ ਸਰਕਾਰ ਨਾਂ ਦੀ ਕੋਈ ਚੀਜ਼ ਨਜ਼ਰ ਨਹੀਂ ਆਉਦੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ 'ਚ ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ੀ ਵਿਦਿਅਕ ਸੰਸਥਾਵਾਂ ਵਿਖੇ ਦਾਖਲਾ ਪਾਉਣ ਲਈ ਕਰੀਬ 70 ਕਰੋੜ ਰੁਪਏ ਫੀਸਾਂ ਭਰੀਆਂ ਹਨ। ਲੋਕ ਸਭਾ ਚੋਣਾਂ ਸਬੰਧੀ ਉਨ੍ਹਾਂ ਕਿਹਾ ਕਿ ਉਹ ਪੰਜਾਬ ਹਿਤੈਸ਼ੀ ਧਿਰਾਂ ਨੂੰ ਖੁੱਲ੍ਹਾ ਸਮਰਥਨ ਦੇਣਗੇ ਅਤੇ ਇਹ ਚੋਣ ਨਾ ਉਹ ਖੁਦ ਤੇ ਨਾ ਹੀ ਉਨ੍ਹਾਂ ਦੇ ਪਰਿਵਾਰ ਦਾ ਕੋਈ ਮੈਂਬਰ ਲੜੇਗਾ। ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੇ ਜਾ ਰਹੇ ਪਦਮ ਭੂਸ਼ਣ ਸਨਮਾਨ ਸਬੰਧੀ ਸ. ਢੀਂਡਸਾ ਨੇ ਕਿਹਾ ਕਿ ਇਹ ਅਕਾਲ ਪੁਰਖ ਵਾਹਿਗੁਰੂ ਦੀਆਂ ਬਖਸ਼ਿਸ਼ਾਂ ਕਾਰਨ ਹੀ ਸੰਭਵ ਹੋਇਆ ਹੈ।
ਸਹੀ ਮੁੱਲ ਨਾ ਮਿਲਣ 'ਤੇ ਕਿਸਾਨਾਂ ਨੇ ਆਲੂ ਦੀ ਖੇਤੀ ਤੋਂ ਮੋੜਿਆ ਮੂੰਹ
NEXT STORY