ਸੰਗਰੂਰ (ਸਿੰਗਲਾ) : ਕੋਰੋਨਾ ਵਾਇਰਸ ਦੇ ਵੱਧ ਰਹੇ ਮਾਰੂ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰਫਿਊ ਲੱਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਇਸਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ 'ਚੋਂ ਨਿਕਲਣ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ. ਸੀਜ਼ ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਜਨਰਲ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੋਰੋਨਾ ਵਾਇਰਸ ਦੀ ਬੀਮਾਰੀ ਦੇ ਵਿਸ਼ਵ ਭਰ 'ਚ ਫੈਲਣ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਵੱਡਾ ਐਲਾਨ ਕੀਤਾ ਹੈ। 'ਜਗ ਬਾਣੀ' ਨਾਲ ਗੱਲਬਾਤ ਕਰਦੇ ਦੱਸਿਆ ਕਿ ਉਹ ਆਪਣੇ ਰਾਜ ਸਭਾ ਦੇ ਕੋਟੇ 'ਚੋਂ ਸੰਗਰੂਰ ਅਤੇ ਬਰਨਾਲਾ ਦੋਵੇਂ ਜ਼ਿਲਿਆਂ ਦੇ ਸਰਕਾਰੀ ਹਸਪਤਾਲਾਂ ਲਈ ਦੋ ਵੈਂਟੀਲੇਟਰ ਦੇਣ ਦਾ ਐਲਾਨ ਕਰਦੇ ਹਨ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਢੀਂਡਸਾ ਨੇ ਦੱਸਿਆ ਕਿ 15-15 ਲੱਖ ਦੀ ਕੀਮਤ ਵਾਲੇ ਇਹ ਦੋਵੇਂ ਵੈਂਟੀਲੇਟਰ ਜਲਦ ਵੀ ਜ਼ਿਲਾ ਪੱਧਰ 'ਤੇ ਸਰਕਾਰੀ ਹਸਪਤਾਲਾਂ 'ਚ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਕੋਰੋਨਾ ਵਾਇਰਸ ਦੀ ਬੀਮਾਰੀ ਤੋਂ ਆਪਣੇ ਆਪ ਨੂੰ ਸੁਰੱਖਿਅਤ ਕਰਨ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਜਰੂਰ ਕਰਨ। ਢੀਂਡਸਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਝੂਠੀਆਂ ਅਫਵਾਹਾਂ ਤੋਂ ਬਚਣ ਅਤੇ ਸਰਕਾਰੀ ਤੌਰ 'ਤੇ ਜੋ ਹੁਕਮ ਜਾਰੀ ਕੀਤੇ ਜਾਂਦੇ ਹਨ, ਉਨ੍ਹਾਂ ਦੀ ਹੀ ਪਾਲਣਾ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅੰਦਰ ਰਹਿਣ ਅਤੇ ਸਾਫ-ਸਫਾਈ ਦਾ ਧਿਆਨ ਰੱਖਣ।
ਇਹ ਵੀ ਪੜ੍ਹੋ : ਪੰਜਾਬ ਤੋਂ ਬਾਅਦ ਚੰਡੀਗੜ੍ਹ 'ਚ ਵੀ ਲੱਗਿਆ ਕਰਫਿਊ
ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਦਾ ਦੇ ਚੱਲਦੇ ਪੰਜਾਬ ਦੇ ਕਈ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ 'ਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ 'ਚ ਦਾਨ ਕਰਨ ਦਾ ਐਲਾਨ ਕੀਤਾ ਹੈ।
ਇਸ ਤੋਂ ਇਲਾਵਾ ਵਿਧਾਇਕ ਦਰਸ਼ਨ ਸਿੰਘ ਬਰਾੜ, ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਆਈ. ਏ. ਐੱਸ. ਅਫਸਰਾਂ ਨੂੰ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਲੱਗਾ ਕਰਫਿਊ, ਹਰ ਤਰ੍ਹਾਂ ਦੀ ਰਿਆਇਤ 'ਤੇ ਰੋਕ
ਇਹ ਵੀ ਪੜ੍ਹੋ : ਬਠਿੰਡਾ : ਮੰਡੀ 'ਚ ਭਾਰੀ ਭੀੜ ਹੋਣ ਕਾਰਨ ਪੁਲਸ ਵਲੋਂ ਲਾਠੀਚਾਰਜ
ਕੋਰੋਨਾ ਵਾਇਰਸ : ਬੇਬੇ ਨਾਨਕੀ ਜੀ ਦੇ ਜਨਮ ਉਤਸਵ ਸਮਾਗਮ 'ਤੇ ਧੀਆਂ ਦੇ ਵਿਆਹ ਮੁਲਤਵੀ
NEXT STORY