ਜਲੰਧਰ/ਚੰਡੀਗੜ੍ਹ (ਧਵਨ, ਭੁੱਲਰ) : ਪੰਜਾਬ ਦੇ ਕੈਬਨਿਟ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਤਿੱਖਾ ਹਮਲਾ ਬੋਲਿਆ ਹੈ ਅਤੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਪੰਜਾਬ 'ਚ ਆ ਕੇ ਸਰਕਾਰੀ ਸਮਾਰੋਹ 'ਚ ਸ਼ਾਮਲ ਹੋ ਕੇ ਖੁਦ ਆਪਣੀਆਂ ਅੱਖਾਂ ਨਾਲ 'ਕਿਸਾਨ ਕਰਜ਼ਾ ਮੁਆਫੀ' ਪ੍ਰੋਗਰਾਮ ਦਾ ਜਾਇਜ਼ਾ ਲੈਣਾ ਚਾਹੀਦਾ ਹੈ। ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਰਵਿੰਦ ਕੇਜਰੀਵਾਲ ਨੂੰ ਲਿਖੀ ਚਿੱਠੀ 'ਚ ਕਿਹਾ ਹੈ ਕਿ 23 ਜਨਵਰੀ ਨੂੰ ਬਠਿੰਡਾ ਅਤੇ 24 ਜਨਵਰੀ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਚ ਕਿਸਾਨ ਕਰਜ਼ਾ ਮੁਆਫੀ ਪ੍ਰੋਗਰਾਮ ਕੀਤੇ ਜਾ ਰਹੇ ਹਨ, ਜਿਨ੍ਹਾਂ 'ਚ ਹਿੱਸਾ ਲੈਣ ਲਈ ਉਹ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਸੱਦਾ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਹੁਣ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਅਤੇ ਕੇਜਰੀਵਾਲ ਦੇ ਮਨ ਵਿਚ ਪੰਜਾਬ ਪ੍ਰਤੀ ਪਿਆਰ ਉਮੜ ਆਇਆ ਹੈ। ਕੇਜਰੀਵਾਲ ਨੂੰ ਸਭ ਤੋਂ ਪਹਿਲਾਂ ਦਰਿਆਈ ਪਾਣੀ ਵਿਵਾਦ 'ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ ਪੰਜਾਬ ਦਾ ਪਾਣੀ ਬਚਾਉਣ ਲਈ ਵਿਧਾਨ ਸਭਾ ਵਿਚ ਸਾਰੇ ਜਲ ਸਮਝੌਤੇ ਨੂੰ ਰੱਦ ਕਰ ਦਿੱਤਾ ਸੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜੇ ਤਕ 4.17 ਲੱਖ ਛੋਟੇ ਕਿਸਾਨਾਂ ਦਾ 3452 ਕਰੋੜ ਦਾ ਕਰਜ਼ਾ ਮੁਆਫ ਕੀਤਾ ਹੈ। ਇਸ ਤੋਂ ਇਲਾਵਾ 1.42 ਲੱਖ ਹੋਰ ਛੋਟੇ ਕਿਸਾਨਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦਾ 1000 ਕਰੋੜ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਨੂੰ ਦੇਖਦਿਆਂ ਭਗਵੰਤ ਮਾਨ ਨੇ ਸ਼ਰਾਬ ਨਾ ਪੀਣ ਦੀ ਸਹੁੰ ਚੁੱਕੀ ਹੈ। ਉਨ੍ਹਾਂ ਮਜ਼ਾਕ ਕਰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਅਸਲ ਵਿਚ ਸ਼ਰਾਬ ਨੂੰ ਅਲਵਿਦਾ ਕਹਿਣਾ ਚਾਹੁੰਦੇ ਹਨ ਤਾਂ ਉਹ ਸੂਬਾ ਸਰਕਾਰ ਦੀਆਂ ਨਸ਼ਾ ਛੁਡਾਊ ਕਲੀਨਿਕਾਂ ਵਿਚ ਸੇਵਾਵਾਂ ਲੈ ਸਕਦੇ ਹਨ। ਸੂਬਾ ਸਰਕਾਰ ਉਨ੍ਹਾਂ ਦਾ ਪੂਰਾ ਧਿਆਨ ਰੱਖੇਗੀ। ਰੰਧਾਵਾ ਨੇ ਭਗਵੰਤ ਮਾਨ ਨੂੰ ਸ਼ਰਾਬ ਛੱਡਣ ਦੀ ਚੁੱਕੀ ਸਹੁੰ ਲਈ ਉਨ੍ਹਾਂ ਨੂੰ ਵਧਾਈ ਦਿੱਤੀ।
ਕਰਤਾਰਪੁਰ ਲਾਂਘਾ: ਪਾਕਿਸਤਾਨ ਨੇ ਤਿਆਰ ਕੀਤਾ ਖਰੜਾ, ਭਾਰਤ ਨੂੰ ਭੇਜਿਆ ਸੱਦਾ
NEXT STORY