ਜਲੰਧਰ (ਧਵਨ)– ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਮਹਿਕਮਾ ਹੈ, ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੇ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ ਕਾਂਗਰਸ ਆਪਣਾ ਅੰਦੋਲਨ ਹੋਰ ਤੇਜ਼ ਕਰ ਦੇਵੇਗੀ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ’ਚ ਅੱਜ ਕਾਂਗਰਸੀਆਂ ਨੇ ਲਖੀਮਪੁਰ ਖੀਰੀ ਲਈ ਰਵਾਨਾ ਹੋਣ ਤੋਂ ਪਹਿਲਾਂ ਕਾਲੇ ਖੇਤੀ ਕਾਨੂੰਨਾਂ ਅਤੇ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਕਤਲਾਂ ਨੂੰ ਲੈ ਕੇ ਜੰਮ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨਾਲ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਵੀ ਸਨ।
ਇਹ ਵੀ ਪੜ੍ਹੋ: ਸ਼ੱਕ ਦੀਆਂ ਨਜ਼ਰਾਂ ’ਚ ਹਨ ਪੰਜਾਬ ਕਾਂਗਰਸ ਦੇ ਐਲਾਨ, ਉੱਠਣ ਲੱਗੇ ਕਈ ਸਵਾਲ
ਰੰਧਾਵਾ ਨੇ ਇਸ ਮੌਕੇ ’ਤੇ ਕਾਂਗਰਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੇ ਮਾਮਲੇ ਨੂੰ ਲੈ ਕੇ ਲੰਮੀ ਲੜਾਈ ਲੜਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਲਖੀਮਪੁਰ ਖੀਰੀ ਦੀ ਘਟਨਾ ਖ਼ਿਲਾਫ਼ ਉਹ ਪਹਿਲਾਂ ਹੀ ਰੋਸ ਪ੍ਰਦਰਸ਼ਨ ਕਰਨ ਲਈ ਜਾ ਚੁੱਕੇ ਸਨ ਅਤੇ ਉੱਤਰ ਪ੍ਰਦੇਸ਼ ਪੁਲਸ ਨੇ ਉਨ੍ਹਾਂ ਨੂੰ ਲਖੀਮਪੁਰ ਖੀਰੀ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਸੀ, ਜਿਸ ਕਾਰਨ ਅਖੀਰ ਉਨ੍ਹਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ। ਰੰਧਾਵਾ ਨੇ ਕਿਹਾ ਕਿ ਉੱਤਰ ਪ੍ਰਦੇਸ਼ ਪੁਲਸ ਅਤੇ ਸਰਕਾਰ ਪੂਰੀ ਤਰ੍ਹਾਂ ਨਾਲ ਕਿਸਾਨਾਂ ਦੇ ਖ਼ਿਲਾਫ਼ ਕੰਮ ਕਰ ਰਹੀ ਹੈ। ਜੇ ਹੁਣ ਵੀ ਸਰਕਾਰ ਨੇ ਕਿਸਾਨਾਂ ਦੀਆਂ ਹੱਤਿਆਵਾਂ ਕਰਨ ਲਈ ਦੋਸ਼ੀ ਕੇਂਦਰੀ ਮੰਤਰੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਉਸ ਸਥਿਤੀ ’ਚ ਪਾਰਟੀ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨਾ ਪਵੇਗਾ।
ਇਹ ਵੀ ਪੜ੍ਹੋ: ਧਰੀ ਧਰਾਈ ਰਹਿ ਗਈ ਕੈਪਟਨ ਅਮਰਿੰਦਰ ਸਿੰਘ ਦੀ ਇਹ ਪਲਾਨਿੰਗ
ਉਨ੍ਹਾਂ ਨੇ ਕਿਹਾ ਕਿ ਪ੍ਰਿਯੰਕਾ ਗਾਂਧੀ ਨੂੰ ਵੀ ਗੈਰ-ਕਾਨੂੰਨੀ ਤੌਰ ’ਤੇ ਉੱਤਰ ਪ੍ਰਦੇਸ਼ ਪੁਲਸ ਨੇ ਹਿਰਾਸਤ ’ਚ ਰੱਖਿਆ ਸੀ। ਕਾਂਗਰਸੀਆਂ ਨੂੰ ਘਟਨਾ ਵਾਲੇ ਸਥਾਨ ’ਤੇ ਜਾ ਕੇ ਪੀੜਤ ਪਰਿਵਾਰਾਂ ਨਾਲ ਮਿਲਣ ਦੀ ਕਿਉਂ ਨਹੀਂ ਇਜਾਜ਼ਤ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਨੇ ਸਭ ਤੋਂ ਪਹਿਲਾਂ ਕਿਸਾਨਾਂ ਦੇ ਹੱਕ ’ਚ ਆਵਾਜ਼ ਬੁਲੰਦ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਅੰਨਦਾਤਾ ਦੇ ਅਪਮਾਨ ਨੂੰ ਕਿਸੇ ਵੀ ਤਰ੍ਹਾਂ ਸਹਿਣ ਨਹੀਂ ਕੀਤਾ ਜਾਵੇਗਾ। ਰੰਧਾਵਾ ਨੇ ਕਾਂਗਰਸੀਆਂ ਦੇ ਜਥੇ ਨੂੰ ਅੱਜ ਸਵੇਰੇ ਲਖੀਮਪੁਰ ਖੀਰੀ ਲਈ ਰਵਾਨਾ ਕੀਤਾ।
ਇਹ ਵੀ ਪੜ੍ਹੋ: ਨਵਰਾਤਿਆਂ 'ਚ ਮਾਂ ਚਿੰਤਪੂਰਨੀ ਸਣੇ ਹਿਮਾਚਲ ਵਿਖੇ ਧਾਰਮਿਕ ਸਥਾਨਾਂ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਸਹਾਰਨਪੁਰ ਦੇ ਸਰਸਾਵਾ ਥਾਣੇ 'ਚ ਲਿਜਾਏ ਗਏ ਨਵਜੋਤ ਸਿੱਧੂ ਅਤੇ ਮੰਤਰੀ
NEXT STORY