ਚੰਡੀਗੜ੍ਹ,(ਰਮਨਜੀਤ): ਪੰਜਾਬ ਏਕਤਾ ਪਾਰਟੀ ਪ੍ਰਧਾਨ ਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੋਕ ਵਿਰੋਧੀ ਨੀਤੀਆਂ ਕਾਰਨ ਕਾਂਗਰਸ ਵਿਧਾਨਕਾਰ ਦਲ 'ਚ ਹੋਣ ਵਾਲੀ ਬਗਾਵਤ ਨੂੰ ਕਾਬੂ ਕਰਨ ਲਈ ਕੈਬਿਨਟ ਰੈਂਕ ਵੰਡਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਕਰੜੇ ਸ਼ਬਦਾਂ 'ਚ ਨਿੰਦਿਆ ਕੀਤੀ। ਇਸ ਦੌਰਾਨ ਉਨ੍ਹਾਂ ਇਲਜ਼ਾਮ ਲਗਾਇਆ ਕਿ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਖਾਤਰ ਉਹ ਸਰਕਾਰੀ ਖਜ਼ਾਨੇ ਦੀ ਦੁਰਵਰਤੋਂ ਕਰ ਰਹੇ ਹਨ। ਅੱਜ ਇਥੇ ਇਕ ਬਿਆਨ ਜਾਰੀ ਕਰਦਿਆਂ ਖਹਿਰਾ ਨੇ ਕਿਹਾ ਕਿ ਮਾੜੀ ਗਵਰਨੈਂਸ, ਭਾਜਪਾ ਤੇ ਬਾਦਲ ਪਰਿਵਾਰ ਦੇ ਹਿੱਤਾਂ ਨੂੰ ਪ੍ਰਮੋਟ ਕਰਨ ਤੇ ਡਰੱਗ, ਮਾਈਨਿੰਗ ਤੇ ਟਰਾਂਸਪੋਰਟ ਮਾਫੀਆ ਨੂੰ ਸ਼ਹਿ ਦੇਣ ਕਾਰਨ ਕੈਪਟਨ ਅਮਰਿੰਦਰ ਸਰਕਾਰ ਨੂੰ ਸਮਾਜ ਦੇ ਹਰ ਵਰਗ ਦੇ ਨਾਲ-ਨਾਲ ਉਨ੍ਹਾਂ ਦੀ ਹੀ ਪਾਰਟੀ ਦੇ ਲੋਕਾਂ ਦੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲਿਆਂ 'ਚ ਕੈਪਟਨ ਬਾਦਲਾਂ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਵਿਧਾਇਕ ਕੈਪਟਨ ਅਮਰਿੰਦਰ ਦੀ ਅਗਵਾਈ 'ਚ ਆਪਣੇ ਸਿਆਸੀ ਭਵਿੱਖ ਨੂੰ ਲੈ ਕੇ ਚਿੰਤਤ ਹਨ।
ਖਹਿਰਾ ਨੇ ਕਿਹਾ ਕਿ ਕੈਪਟਨ ਸਰਕਾਰ ਕੋਲ ਆਪਣੇ ਕਰਮਚਾਰੀਆਂ ਨੂੰ ਦੇਣ ਲਈ ਤਨਖਾਹਾਂ ਨਹੀਂ ਹਨ ਤੇ ਨਵੇਂ ਮੁਲਾਜ਼ਮਾਂ ਨੂੰ ਨਾ ਮਾਤਰ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ। ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਆਟਾ ਦਾਲ ਸਕੀਮ, ਸ਼ਗਨ ਸਕੀਮ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਰਗੀਆਂ ਸਮਾਜ ਭਲਾਈ ਸਕੀਮਾਂ ਫੰਡਾਂ ਦੀ ਘਾਟ ਕਾਰਨ ਲਗਭਗ ਬੰਦ ਪਈਆਂ ਹਨ। ਹੜ੍ਹ ਪੀੜਤ ਲੋਕਾਂ ਤੇ ਬਟਾਲਾ ਫੈਕਟਰੀ ਬਲਾਸਟ, ਅੰਮ੍ਰਿਤਸਰ ਦੁਸਹਿਰਾ ਰੇਲ ਹਾਦਸੇ ਦੇ ਪੀੜਤਾਂ ਨੂੰ ਮੁਆਵਜਾ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ ਹਨ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਵਲੋਂ ਰਿਟਾਇਰ ਅਫਸਰਾਂ, ਗੈਰ ਕਾਂਗਰਸੀ ਵਿਅਕਤੀਆਂ ਤੇ ਆਪਣੇ ਪਰਿਵਾਰ ਦੇ ਵਫਾਦਾਰ ਲੋਕਾਂ ਨੂੰ ਕਾਰਪੋਰੇਸ਼ਨਾਂ ਤੇ ਬੋਰਡਾਂ 'ਚ ਆਲਾ ਸੰਵਿਧਾਨਕ ਕੁਰਸੀਆਂ ਨਾਲ ਨਿਵਾਜੇ ਜਾਣ ਕਾਰਨ ਵੀ ਉਨ੍ਹਾਂ ਨੂੰ ਪਾਰਟੀ ਵਿਧਾਇਕਾਂ ਦੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਫ਼ਸਰਸ਼ਾਹੀ ਵਲੋਂ ਚਲਾਇਆ ਜਾ ਰਿਹਾ ਹੈ ਤੇ ਚੁਣੇ ਹੋਏ ਨੁਮਾਂਇੰਦਿਆਂ ਦੀ ਕੋਈ ਸੁਣਵਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੱਲ 24 ਵਿਧਾਇਕ ਕੈਬਿਨਟ ਰੈਂਕ ਦੀਆਂ ਸੁਵਿਧਾਵਾਂ ਲੈ ਰਹੇ ਹਨ, ਜਿਨ੍ਹਾਂ 'ਚ 15 ਕੈਬਿਨਟ ਮੰਤਰੀ ਵੀ ਸ਼ਾਮਲ ਹਨ। ਇਸ ਨਾਲ ਪੰਜਾਬ ਦੇ ਲੋਕਾਂ ਉਪਰ ਕਰੋੜਾਂ ਰੁਪਏ ਦਾ ਵਾਧੂ ਬੋਝ ਪਿਆ ਹੈ।
ਵੀਜ਼ਾ ਰੱਦ ਹੋਣ ਕਾਰਨ ਨੌਜਵਾਨ ਨੇ ਕੀਤੀ ਖੁਦਕੁਸ਼ੀ
NEXT STORY