ਜਲੰਧਰ (ਸੋਨੂੰ)— ਪੰਜਾਬ ਦੇ ਤੇਜ਼ ਤਰਾਰ ਆਗੂ ਸੁਖਪਾਲ ਸਿੰਘ ਖਹਿਰਾ ਅਤੇ 'ਆਪ' ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਖਿਲਾਫ ਚੋਣ ਕਮਿਸ਼ਨ ਦੇ ਕੋਲ ਜਲੰਧਰ ਦੇ ਇਕ ਆਰ. ਟੀ. ਆਈ. ਐਕਟੀਵਿਸਟ ਸਿਮਰਨ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ। ਸ਼ਿਕਾਇਤ 'ਚ ਸਿਮਰਨ ਵੱਲੋਂ ਦੋਹਾਂ ਦੀ ਉਮੀਦਵਾਰੀ ਰੱਦ ਕਰਨ ਦੀ ਮੰਗ ਚੁੱਕੀ ਗਈ ਹੈ। ਸਿਮਰਨ ਮੁਤਾਬਕ ਦੇਸ਼ ਦੇ ਦਲ ਬਦਲੂ ਕਾਨੂੰਨ ਦੇ ਤਹਿਤ ਉਨ੍ਹਾਂ ਨੇ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਖਿਲਾਫ ਆਨਲਾਈਨ ਸ਼ਿਕਾਇਤ ਦਰਜ ਕਰਵਾ ਕੇ ਮੰਗ ਕੀਤੀ ਹੈ ਕਿ ਇਨ੍ਹਾਂ ਦੋਹਾਂ ਨੇ 'ਆਪ' ਦੀ ਟਿਕਟ 'ਤੇ ਵਿਧਾਨ ਸਭਾ ਚੋਣਾਂ ਲੜ ਕੇ ਜਿੱਤ ਹਾਸਲ ਕੀਤੀ ਸੀ ਅਤੇ ਹੁਣ ਦੋਹਾਂ ਨੇ ਨਵੀਂ ਪਾਰਟੀ ਪੰਜਾਬ ਏਕਤਾ ਪਾਰਟੀ ਬਣਾ ਕੇ ਲੋਕ ਸਭਾ ਚੋਣਾਂ ਲੜਨ ਲਈ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਆਪਣੀ ਵਿਧਾਇਕੀ ਤੋਂ ਵਿਧਾਨ ਸਭਾ 'ਚ ਅਸਤੀਫਾ ਦੇਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਖਹਿਰਾ ਨੇ ਬਠਿੰਡਾ ਤੋਂ ਪੰਜਾਬ ਏਕਤਾ ਪਾਰਟੀ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਭਰਿਆ ਹੈ, ਹਾਲਾਂਕਿ ਖਹਿਰਾ ਨੇ ਤਿੰਨ ਦਿਨ ਪਹਿਲਾਂ ਈ-ਮੇਲ ਜ਼ਰੀਏ ਆਪਣਾ ਅਸਤੀਫਾ ਭੇਜ ਦਿੱਤਾ ਹੈ ਪਰ ਸਿਮਰਨ ਅਤੇ ਉਸ ਦੇ ਵਕੀਲ ਮੁਤਾਬਕ ਕਾਨੂੰਨ ਦੇ ਤਹਿਤ ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਦੇ ਕੋਲ ਪੇਸ਼ ਹੋ ਕੇ ਅਸਤੀਫਾ ਦੇਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਕਿ ਦੂਜੇ ਪਾਸੇ ਮਾਸਟਰ ਬਲਦੇਵ ਸਿੰਘ ਜੈਤੋਂ ਤੋਂ ਵਿਧਾਇਕ ਹਨ ਅਤੇ ਪੰਜਾਬ ਏਕਤਾ ਪਾਰਟੀ ਵੱਲੋਂ ਫਰੀਦਕੋਟ ਤੋਂ ਲੋਕ ਸਭਾ ਚੋਣਾਂ ਲੜ ਰਹੇ ਹਨ, ਉਨ੍ਹਾਂ ਨੇ ਵੀ ਅਜੇ ਤੱਕ ਆਪਣਾ ਅਸਤੀਫਾ ਨਹੀਂ ਦਿੱਤਾ ਹੈ।
ਸਿਮਰਨ ਮੁਤਾਬਕ ਉਨ੍ਹਾਂ ਦੀ ਸ਼ਿਕਾਇਤ 'ਤੇ ਜਲਦੀ ਹੀ ਫੈਸਲਾ ਹੋ ਜਾਵੇਗਾ ਅਤੇ ਉਸ ਦੇ ਬਾਅਦ ਚੋਣ ਕਮਿਸ਼ਨ ਇਨ੍ਹਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਸਕਦੇ ਹਨ। ਦੱਸਣਯੋਗ ਹੈ ਕਿ ਸਿਮਰਨ ਵੱਲੋਂ 'ਆਪ' ਆਗੂ ਭਗਵੰਤ ਮਾਨ ਖਿਲਾਫ ਵੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ, ਜਿਸ 'ਚ ਉਨ੍ਹਾਂ ਨੇ ਪਿਛਲੀਆਂ ਚੋਣਾਂ 'ਚ ਕੋਈ ਤੱਥ ਲੁਕਾਏ ਸਨ।
ਚਾਰ ਸੀਟਾਂ 'ਤੇ ਆਪਣਿਆਂ ਨਾਲ ਭਿੜੇਗੀ 'ਆਪ', ਬਦਲਣਗੇ ਸਮੀਕਰਣ
NEXT STORY