ਜਲੰਧਰ (ਧਵਨ)— ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਐਤਵਾਰ ਅਕਾਲੀ ਲੀਡਰਸ਼ਿਪ ਨੂੰ ਬਠਿੰਡਾ ਅਤੇ ਫਿਰੋਜ਼ਪੁਰ ਸੀਟਾਂ 'ਤੇ ਆਪਣੇ ਉਮੀਦਵਾਰ ਤੁਰੰਤ ਐਲਾਨੇ ਜਾਣ ਦੀ ਚੁਣੌਤੀ ਦਿੰਦੇ ਹੋਏ ਕਿਹਾ ਕਿ ਕਾਂਗਰਸ ਨੇ ਤਾਂ ਆਪਣੇ ਉਮੀਦਵਾਰ ਦੋਹਾਂ ਸੀਟਾਂ 'ਤੇ ਉਤਾਰ ਦਿੱਤੇ ਹਨ। ਹੁਣ ਅਕਾਲੀ ਲੀਡਰਸ਼ਿਪ ਆਪਣੇ ਉਮੀਦਵਾਰ ਦਾ ਐਲਾਨ ਕਿਉਂ ਨਹੀਂ ਕਰ ਰਹੀ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਐਤਵਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਚੋਣ ਦੀ ਰਣਨੀਤੀ 'ਤੇ ਚਰਚਾ ਕੀਤੀ ਅਤੇ ਦੱਸਿਆ ਕਿ ਬਠਿੰਡਾ ਅਤੇ ਫਿਰੋਜ਼ਪੁਰ ਸੀਟਾਂ 'ਤੇ ਉਹ ਅਕਾਲੀ ਦਲ ਨੂੰ ਬੁਰੀ ਤਰ੍ਹਾਂ ਘੇਰਨਗੇ। ਉਨ੍ਹਾਂ ਕਿਹਾ ਕਿ ਬਠਿੰਡਾ ਵਿਖੇ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਇਕ ਨੌਜਵਾਨ ਨੇਤਾ ਹਨ। ਉਨ੍ਹਾਂ ਨੂੰ ਲੋਕ ਆਪਣੀ ਹਮਾਇਤ ਦੇਣਗੇ। ਉਨ੍ਹਾਂ ਦੀ ਕਾਰਗੁਜ਼ਾਰੀ ਲੋਕਾਂ ਦੇ ਸਾਹਮਣੇ ਹੈ। ਦੂਜੇ ਪਾਸੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਖੇਤਰ ਦੇ ਲੋਕਾਂ ਨਾਲੋਂ ਹਮੇਸ਼ਾ ਕੱਟੀ ਰਹੀ।
ਜਾਖੜ ਨੇ ਕਿਹਾ ਕਿ ਕਾਂਗਰਸ ਨੇ ਆਪਣੇ ਸਭ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਆਪਣੇ 'ਮਿਸ਼ਨ 13 ਨੂੰ ਪੂਰਾ ਕਰੇਗੀ। ਅਕਾਲੀ ਦਲ ਕੋਲ ਕੋਈ ਵੀ ਚੋਣ ਮੁੱਦਾ ਨਹੀਂ ਹੈ ਜਦੋਂਕਿ ਕਾਂਗਰਸ ਪਿਛਲੇ 10 ਸਾਲਾਂ 'ਚ ਅਕਾਲੀ-ਭਾਜਪਾ ਗਠਜੋੜ ਸਰਕਾਰ ਦੀ ਮਾਫੀਆ ਰਾਜ ਵਾਲੀ ਕਾਰਗੁਜ਼ਾਰੀ ਅਤੇ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਲੋਕਾਂ ਕੋਲ ਜਾਏਗੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਹੋਈ ਬੇਅਦਬੀ ਲਈ ਜ਼ਿੰਮੇਵਾਰ ਕਿਸੇ ਵੀ ਨੇਤਾ ਨੂੰ ਬਖਸ਼ਿਆ ਨਹੀਂ ਜਾਏਗਾ, ਭਾਵੇਂ ਉਹ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਸਾਫ ਸੁਥਰੀ ਸਿਆਸਤ ਨੂੰ ਪਹਿਲ ਦੇ ਰਹੀ ਹੈ ਜਦਕਿ ਅਕਾਲੀ ਦਲ ਅੰਦਰ ਘਬਰਾਹਟ ਪਾਈ ਜਾ ਰਹੀ ਹੈ। ਇਹੀ ਕਾਰਨ ਹੈ ਕਿ ਅਕਾਲੀ ਦਲ ਨੇ ਅਜੇ ਤਕ ਬਠਿੰਡਾ ਅਤੇ ਫਿਰੋਜ਼ਪੁਰ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਅਜੇ ਤਕ ਨਹੀਂ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਨੋਟਬੰਦੀ ਅਤੇ ਜੀ. ਐੱਸ. ਟੀ. ਨੂੰ ਵੀ ਚੋਣ ਮੁੱਦਾ ਬਣਾ ਰਹੀ ਹੈ ਕਿਉਂਕਿ ਪੰਜਾਬ ਦੇ ਵਪਾਰੀਆਂ ਅਤੇ ਉਦਮੀਆਂ ਦਾ ਨੋਟਬੰਦੀ ਅਤੇ ਜੀ. ਐੱਸ. ਟੀ. ਕਾਰਨ ਭਾਰੀ ਨੁਕਸਾਨ ਹੋਇਆ ਹੈ। ਕਿਸਾਨ ਵਰਗ ਵੀ ਅਕਾਲੀ ਦਲ ਨਾਲੋਂ ਦੂਰ ਹੋ ਚੁੱਕਾ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ 'ਚ ਪਹਿਲ ਕੀਤੀ।
ਉਨ੍ਹਾਂ ਸਵਾਲ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਨੇ ਤਾਂ ਪੰਜਾਬ 'ਚ ਆਪਣੇ ਦਸ ਸਾਲ ਦੇ ਰਾਜਪਾਲ ਦੌਰਾਨ ਇਕ ਵੀ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਕੀਤਾ। ਇਸ ਲਈ ਅਕਾਲੀ ਦਲ ਨੂੰ ਕੈਪਟਨ ਸਰਕਾਰ ਦੀ ਕਰਜ਼ਾ ਮੁਆਫੀ ਵਾਲੀ ਮੁਹਿੰਮ 'ਤੇ ਇਤਰਾਜ਼ ਕਰਨ ਦਾ ਕੋਈ ਅਧਿਕਾਰ ਨਹੀਂ। ਮੁਖ ਮੰਤਰੀ ਵਲੋਂ ਆਉਂਦੇ ਤਿੰਨ ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਜਾਣਗੇ। ਕਾਂਗਰਸ ਸਰਕਾਰ ਨੂੰ ਵਿਰਾਸਤ 'ਚ ਖਜ਼ਾਨਾ ਖਾਲੀ ਮਿਲਿਆ ਸੀ ਪਰ ਫਿਰ ਵੀ 2 ਸਾਲ ਦੀ ਮਿਹਨਤ ਤੋਂ ਬਾਅਦ ਪੰਜਾਬ ਦੀ ਆਰਥਿਕ ਹਾਲਤ 'ਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ। ਇਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਧੇਰੇ ਨੇਤਾ ਪਾਰਟੀ ਉਮੀਦਵਾਰਾਂ ਨਾਲ ਖੜ੍ਹੇ ਹਨ। ਜਿਹੜੇ ਇਕ ਦੋ ਨੇਤਾ ਨਾਰਾਜ਼ ਹਨ, ਨੂੰ ਵੀ ਮਨਾ ਕੇ ਪਾਰਟੀ ਦੇ ਹੱਕ 'ਚ ਚੋਣ ਮੁਹਿੰਮ ਚਲਾਉਣ ਲਈ ਕਿਹਾ ਜਾਏਗਾ।
ਸਰਪੰਚ 'ਤੇ ਕਾਰ ਸਵਾਰਾਂ ਵਲੋਂ ਕਾਤਲਾਨਾ ਹਮਲਾ, 2 ਜ਼ਖਮੀ
NEXT STORY