ਜਲੰਧਰ (ਧਵਨ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ 'ਚ ਕੀਤੀਆਂ ਜਾ ਰਹੀਆਂ ਪੋਲ ਖੋਲ੍ਹ ਰੈਲੀਆਂ ਅਸਲ 'ਚ ਗੁਰਦਾਸਪੁਰ ਲੋਕ ਸਭਾ ਦੀ ਉਪ ਚੋਣ ਅਤੇ ਉਸ ਤੋਂ ਬਾਅਦ ਕਾਰਪੋਰੇਸ਼ਨ ਚੋਣਾਂ 'ਚ ਅਕਾਲੀ ਦਲ ਭਾਜਪਾ ਗਠਜੋੜ ਨੂੰ ਮਿਲੀ ਕਰਾਰੀ ਹਾਰ ਨੂੰ ਲੁਕਾਉਣ ਦੀਆਂ ਕੋਸ਼ਿਸ਼ਾਂ ਹਨ। ਸ਼੍ਰੋਮਣੀ ਅਕਾਲੀ ਦਲ ਨੂੰ ਪਤਾ ਹੈ ਕਿ ਹੁਣ ਉਸ ਨੂੰ ਲੁਧਿਆਣਾ ਕਾਰਪੋਰੇਸ਼ਨ ਚੋਣਾਂ 'ਚ ਵੀ ਹਾਰ ਦਾ ਸਾਹਮਣਾ ਕਰਨਾ ਪਵੇਗਾ, ਇਸ ਲਈ ਉਹ ਅਜਿਹੀਆਂ ਰੈਲੀਆਂ ਕਰਕੇ ਜਨਤਾ ਨੂੰ ਭੁਲੇਖੇ 'ਚ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਸੂਬਾ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਘਿਰਾਓ ਕਰਨ ਦਾ ਐਲਾਨ ਵੀ ਗੈਰ-ਲੋਕਤੰਤਰਿਕ ਅਤੇ ਸ਼ਰਮਨਾਕ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਅਕਾਲੀ ਲੀਡਰਸ਼ਿਪ 'ਚ ਲੋਕਤੰਤਰ ਦੀਆਂ ਸੰਸਦੀ ਮਰਿਆਦਾ ਦਾ ਸਨਮਾਨ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਅਸੰਵਿਧਾਨਕ ਰਵੱਈਆ ਅਪਣਾਇਆ ਹੋਇਆ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਸੱਤਾ ਕਾਂਗਰਸ ਦੇ ਹੱਥਾਂ 'ਚ ਆਈ ਹੈ, ਉਦੋਂ ਤੋਂ ਅਕਾਲੀ-ਭਾਜਪਾ ਗਠਜੋੜ ਅਤੇ ਹੋਰ ਵਿਰੋਧੀ ਪਾਰਟੀਆਂ ਛਟਪਟਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਸਲ 'ਚ ਅਕਾਲੀ ਦਲ ਨੂੰ ਤਾਂ ਆਪਣੇ 10 ਸਾਲਾਂ ਦੀ ਕਾਰਗੁਜ਼ਾਰੀ ਦੀ ਪੋਲ ਜਨਤਾ ਦੇ ਸਾਹਮਣੇ ਖੋਲ੍ਹਣੀ ਚਾਹੀਦੀ ਸੀ ਕਿ ਉਨ੍ਹਾਂ ਨੇ ਕਿਸ ਤਰ੍ਹਾਂ ਪੰਜਾਬ ਨੂੰ 10 ਸਾਲਾਂ ਤਕ ਲਗਾਤਾਰ ਲੁੱਟਿਆ ਅਤੇ ਮਾਫੀਆ ਰਾਜ ਨੂੰ ਹੱਲਾਸ਼ੇਰੀ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਰਵੱਈਏ ਤੋਂ ਕਾਂਗਰਸ ਨੂੰ ਕੋਈ ਹੈਰਾਨੀ ਨਹੀਂ ਹੋਈ ਹੈ।
ਉਨ੍ਹਾਂ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਕੋਲ ਕੋਈ ਸਿਆਸੀ ਏਜੰਡਾ ਨਹੀਂ ਰਹਿ ਗਿਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੂੰ ਵੀ ਜਨਤਾ ਰਿਜੈਕਟ ਕਰ ਚੁੱੱਕੀ ਹੈ। ਸੁਖਬੀਰ ਹੁਣ ਲੋਕਾਂ ਨੂੰ ਮੁੜ ਧੋਖਾ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੀਆਂ ਤਿਆਰੀਆਂ ਨੂੰ ਲੈ ਕੇ ਅਕਾਲੀ ਲੀਡਰਸ਼ਿਪ ਵਲੋਂ ਉਸ 'ਚ ਹਿੱਸਾ ਨਾ ਲੈਣਾ ਵੀ ਉਸ ਦੀ ਨਾਂਹਪੱਖੀ ਸੋਚ ਨੂੰ ਪ੍ਰਦਰਸ਼ਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਹੁਣ ਲੁਧਿਆਣਾ ਕਾਰਪੋਰੇਸ਼ਨ ਦੇ ਨਤੀਜੇ ਵੀ ਸਾਹਮਣੇ ਹੋਣਗੇ। ਉਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਸਿਆਸੀ ਹੈਸੀਅਤ ਦਾ ਪਤਾ ਲੱਗ ਜਾਵੇਗਾ।
ਈ. ਐੱਸ. ਆਈ. ਹਸਪਤਾਲ 'ਚ ਬਿਨਾਂ ਕਾਰਡ ਵਾਲੇ ਮਰੀਜ਼ਾਂ ਦੇ ਇਲਾਜ 'ਤੇ ਪਾਬੰਦੀ
NEXT STORY