ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ 'ਤੇ ਹਰਿਆਣਾ ਨਾਲ ਕਿਸੇ ਵੀ ਤਰ੍ਹਾਂ ਦਾ ਗੁਪਤ ਸਮਝੌਤਾ ਕਰਨ ਦੀ ਕੋਸ਼ਿਸ਼ ਦੇ ਅਕਾਲੀ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਲਗਾਏ ਗਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਹੈ ਕਿ ਇਹ ਮਾਮਲਾ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਖੱਟੜ ਸਰਕਾਰ ਦੇ ਨਾਲ ਇਸ ਮਾਮਲੇ 'ਚ ਕਿਸੇ ਤਰ੍ਹਾਂ ਦਾ ਸਮਝੌਤਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨੂੰ ਮਨਘੜਤ ਦੋਸ਼ ਨਾ ਲਗਾਉਣ ਬਾਰੇ ਸਲਾਹ ਦਿੰਦਿਆਂ ਕਿਹਾ ਕਿ ਐੱਸ. ਵਾਈ. ਐੱਲ. ਵਰਗੇ ਨਾਜ਼ੁਕ ਮੁੱਦੇ 'ਤੇ ਅਕਾਲੀ ਸੰਸਦ ਮੈਂਬਰ ਨੂੰ ਗੈਰ-ਜ਼ਰੂਰੀ ਬਿਆਨਬਾਜ਼ੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਐੱਸ. ਵਾਈ. ਐੱਲ. ਸਮੇਤ ਕਿਸੇ ਵੀ ਮੁੱਦੇ 'ਤੇ ਪੰਜਾਬ ਦੀ ਸ਼ਾਂਤੀ ਤੇ ਸਥਿਰਤਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲਾ ਸੁਪਰੀਮ ਕੋਰਟ 'ਚ ਹੈ ਅਤੇ ਕੇਂਦਰ ਸਰਕਾਰ ਵੀ ਇਸ ਮੁੱਦੇ 'ਤੇ ਗੱਲਬਾਤ ਰਾਹੀਂ ਮਾਮਲੇ ਨੂੰ ਹੱਲ ਕਰਨ 'ਚ ਲੱਗੀ ਹੋਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਵੀ ਆਪਣੇ ਸਿਆਸੀ ਹਿੱਤਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਮਾਮਲਿਆਂ ਨੂੰ ਉਛਾਲਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਕੋਲ ਇਸ ਤਰ੍ਹਾਂ ਦੀਆਂ ਸਰਗਰਮੀਆਂ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਉਨ੍ਹਾਂ ਦੀ ਗੁਪਤ ਸਮਝੌਤੇ ਕਰਨ ਦੀ ਆਦਤ ਹੈ। ਅਜਿਹਾ ਰੁਝਾਨ ਤਾਂ ਅਕਾਲੀ ਆਗੂਆਂ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਕਾਲੀ ਦਲ ਤੇ ਭਾਜਪਾ ਗਠਜੋੜ ਵਲੋਂ ਪਿਛਲੇ 10 ਸਾਲਾਂ 'ਚ ਪੰਜਾਬ ਦੀ ਕੀਤੀ ਗਈ ਤਬਾਹੀ ਤੋਂ ਬਾਅਦ ਰਾਜ ਨੂੰ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਕਰਨ ਦੀਆਂ ਕੋਸ਼ਿਸ਼ਾਂ 'ਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਐੱਸ. ਵਾਈ. ਐੱਲ. ਦਾ ਮਸਲਾ ਸ਼ਾਂਤਮਈ ਢੰਗ ਨਾਲ ਹੱਲ ਕਰਨ ਦੇ ਪੱਖ 'ਚ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਅਤੇ ਕੇਂਦਰ ਸਰਕਾਰ ਨੂੰ ਐੱਸ. ਵਾਈ. ਐੱਲ. ਦਾ ਮਸਲਾ ਪੰਜਾਬ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਹੱਲ ਕਰਨਾ ਚਾਹੀਦਾ ਹੈ। ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਵਿਰੁੱਧ ਹਰਿਆਣਾ ਦੇ ਨਾਲ ਕਿਸੇ ਸਮਝੌਤੇ 'ਤੇ ਉਹ ਦਸਤਖਤ ਨਹੀਂ ਕਰਨਗੇ। ਜੋ ਕੁਝ ਹੋਵੇਗਾ, ਉਹ ਖੁੱਲ੍ਹੇਆਮ ਹੋਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਸਰਬਪਾਰਟੀ ਬੈਠਕ ਦਾ ਅਕਾਲੀ ਸੰਸਦ ਮੈਂਬਰਾਂ ਵਲੋਂ ਬਾਈਕਾਟ ਕਰਨ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਬੈਠਕ 'ਚ ਆਉਣਾ ਜਾਂ ਨਾ ਆਉਣਾ ਸਬੰਧਤ ਸੰਸਦ ਮੈਂਬਰਾਂ ਦੇ ਅਧਿਕਾਰ ਖੇਤਰ 'ਚ ਆਉਂਦਾ ਹੈ। ਸੰਸਦ ਦੇ ਸਰਦ ਰੁੱਤ ਸੈਸ਼ਨ ਸਬੰਧੀ ਅਜਿਹੀਆਂ ਬੈਠਕਾਂ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਚੁਣੇ ਹੋਏ ਪ੍ਰਤੀਨਿਧੀਆਂ ਨੂੰ ਪੰਜਾਬ ਤੇ ਪੰਜਾਬੀਆਂ ਨਾਲ ਜੁੜੇ ਮਸਲਿਆਂ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਇਹ ਬੈਠਕ ਬੁਲਾ ਕੇ ਵਧੀਆ ਮਿਸਾਲ ਕਾਇਮ ਕੀਤੀ ਹੈ।
ਸ਼ੇਰਾ ਦੀਆਂ ਫੋਨ ਕਾਲਸ ਦਾ ਰਿਕਾਰਡ ਖੰਗਾਲਣ 'ਚ ਜੁਟੀ ਪੁਲਸ
NEXT STORY