ਜਲੰਧਰ (ਚਾਵਲਾ) - ਅੱਜ ਜਲੰਧਰ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਨੂੰ ਦੁਆਬਾ ਖੇਤਰ ਵਿਚ ਹੋਰ ਪ੍ਰਚੰਡ ਕਰਨ ਲਈ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਸ਼ਹਿਰ ਦੀਆਂ ਵੱਖ-ਵੱਖ ਗੁਰਦੁਆਰਾ ਕਮੇਟੀਆਂ, ਧਾਰਮਿਕ ਸੰਸਥਾਵਾਂ ਅਤੇ ਪੰਥਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਉਚੇਚੇ ਤੌਰ 'ਤੇ ਪਹੁੰਚੇ।ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰਬਾਣੀ ਦੀ ਵਿਚਾਰਧਾਰਾ ਅਤੇ ਸਿੱਖ ਇਤਿਹਾਸ ਦੀ ਪ੍ਰੇਰਨਾ ਹੀ ਸੁਖਾਵੇਂ ਜੀਵਨ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਸਮਾਜ ਅੰਦਰੋਂ ਵਹਿਮਾਂ-ਭਰਮਾਂ ਅਤੇ ਅਗਿਆਨਤਾ ਦਾ ਖਾਤਮਾ ਕਰਨ ਲਈ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ 'ਤੇ ਚੱਲਣਾ ਬੇਹੱਦ ਜ਼ਰੂਰੀ ਹੈ। ਗੁਰਬਾਣੀ ਸਾਨੂੰ ਬੌਧਿਕ, ਅਧਿਆਤਮਿਕ, ਸਮਾਜਿਕ, ਰਾਜਨੀਤਿਕ, ਆਰਥਿਕ, ਵਿਗਿਆਨਕ ਭਾਵ ਹਰ ਖੇਤਰ ਵਿਚ ਅਗਵਾਈ ਦਿੰਦੀ ਹੈ ਪਰ ਇਸ ਲਈ ਸਾਨੂੰ ਗੁਰਬਾਣੀ ਦੀ ਵਿਚਾਰਧਾਰਾ ਨੂੰ ਅਮਲ ਵਿਚ ਲਿਆਉਣਾ ਪਵੇਗਾ।
ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਅੱਗੇ ਆਉਣ ਤਾਂ ਜੋ ਉਹ ਆਪਣੇ ਮਹਾਨ ਵਿਰਸੇ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਲਹਿਰ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸੰਗਤਾਂ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਧਰਮ ਪ੍ਰਚਾਰ ਲਹਿਰ ਦੀ ਪ੍ਰਸ਼ੰਸਾ ਕਰਦਿਆਂ ਇਸ ਨੂੰ ਸਮੇਂ ਦੀ ਮੁੱਖ ਲੋੜ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਨਾਮਲੇਵਾ ਸੰਗਤਾਂ ਨੂੰ ਗੁਰਬਾਣੀ ਸਿਧਾਂਤਾਂ, ਇਤਿਹਾਸ ਅਤੇ ਗੁਰਮਤਿ ਰਹਿਣੀ ਨਾਲ ਜੋੜਨ ਲਈ ਇਸ ਲਹਿਰ ਦੇ ਜ਼ਰੂਰ ਹੀ ਦੂਰਦਰਸ਼ੀ ਨਤੀਜੇ ਨਿਕਲਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਕੁਲਵੰਤ ਸਿੰਘ ਮੰਨਣ ਨੇ ਜਿਥੇ ਦੁਆਬਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਨੂੰ ਸਰਗਰਮ ਕਰਨ ਲਈ ਸਾਰੀਆਂ ਗੁਰਦੁਆਰਾ ਕਮੇਟੀਆਂ ਨੂੰ ਪ੍ਰੋਗਰਾਮ ਉਲੀਕਣ ਲਈ ਅਪੀਲ ਕੀਤੀ, ਉਥੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਸਟੇਜ ਦੀ ਸੇਵਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਵੱਲੋਂ ਨਿਭਾਈ ਗਈ। ਸਮਾਗਮ ਦੌਰਾਨ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ ਨੇ ਵੀ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬਡੂੰਗਰ ਤੇ ਹੋਰ ਸ਼ਖਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੈਂਬਰ ਸ਼੍ਰੋਮਣੀ ਕਮੇਟੀ ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲਰਾ, ਪਰਮਜੀਤ ਸਿੰਘ ਰਾਏਪੁਰ, ਸੁਰਜੀਤ ਸਿੰਘ ਚੀਮਾ ਸਾਬਕਾ ਮੈਂਬਰ ਧਰਮ ਪ੍ਰਚਾਰ ਕਮੇਟੀ, ਬੀਬੀ ਹਰਜੀਤ ਕੌਰ ਤਲਵੰਡੀ, ਗੁਰਚਰਨ ਸਿੰਘ ਚੰਨੀ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਲਜੀਤ ਸਿੰਘ ਨੀਲਾਮਹਿਲ, ਕੁਲਵਿੰਦਰ ਸਿੰਘ ਰਮਦਾਸ ਮੀਤ ਸਕੱਤਰ ਸ਼੍ਰੋਮਣੀ ਕਮੇਟੀ, ਭਗਵੰਤ ਸਿੰਘ ਧੰਗੇੜਾ ਨਿੱਜੀ ਸਹਾਇਕ, ਪ੍ਰੋ. ਮਨਜੀਤ ਸਿੰਘ, ਐਡਵੋਕੇਟ ਹਰਜੀਤ ਸਿੰਘ, ਸਤਿੰਦਰਪਾਲ ਸਿੰਘ ਛਾਬੜਾ ਐਡਵੋਕੇਟ, ਦਵਿੰਦਰ ਸਿੰਘ ਰਹੇਜਾ, ਜਗਜੀਤ ਸਿੰਘ, ਇੰਦਰਪਾਲ ਸਿੰਘ, ਗਿ. ਗੁਰਮੀਤ ਸਿੰਘ, ਗੁਰਕ੍ਰਿਪਾਲ ਸਿੰਘ, ਅਮਰੀਕ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ ਬੀਰਮੀ, ਬਲਦੇਵ ਸਿੰਘ ਮੈਨੇਜਰ ਗੁਰਦੁਆਰਾ ਥੰਮ੍ਹ ਸਾਹਿਬ ਕਰਤਾਰਪੁਰ ਤੇ ਨਰਿੰਦਰ ਸਿੰਘ ਮੈਨੇਜਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਲੱਖਾਂ ਰੁਪਏ ਦੀਆਂ ਫਾਈਲਾਂ ਹੋਈਆਂ ਪਾਸ, ਗੱਡੀਆਂ ਫਿਰ ਵੀ ਕੰਡਮ, ਕਿੱਥੇ ਗਏ ਪੈਸੇ
NEXT STORY