ਤਲਵੰਡੀ ਸਾਬੋ(ਮਨੀਸ਼)— ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਭਾਗੀ ਵਾਂਦਰ ਵਿਖੇ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਤੀ ਨੇ ਹੀ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮਿਲੀ ਸੂਚਨਾ ਮੁਤਾਬਕ ਪਤੀ ਨੂੰ ਆਪਣੀ ਪਤਨੀ ਦੇ ਕਿਸੇ ਹੋਰ ਨਾਲ ਨਾਜਾਇਜ਼ ਸਬੰਧ ਹੋਣ ਦਾ ਸ਼ੱਕ ਸੀ ਅਤੇ ਅਕਸਰ ਦੋਵਾਂ ਦਾ ਝਗੜਾ ਹੁੰਦਾ ਰਹਿੰਦਾ ਸੀ। ਇਸ ਸ਼ੱਕ ਦੇ ਚਲਦੇ ਹੀ ਬੀਤੀ ਰਾਤ ਕਥਿਤ ਦੋਸ਼ੀ ਨੇ ਆਪਣੀ ਪਤਨੀ ਦੇ ਸਿਰ ਵਿਚ ਰਾਡ ਅਤੇ ਇੱਟਾਂ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿਚ ਫਰਾਰ ਹੋ ਗਿਆ।
ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਉਸ ਦਾ ਜੀਜਾ ਨਸ਼ੇ ਦਾ ਆਦੀ ਹੋਣ ਕਾਰਨ ਰੋਜ਼ਾਨਾ ਉਸ ਦੀ ਭੈਣ ਨਾਲ ਕੁੱਟਮਾਰ ਕਰਦਾ ਸੀ ਅਤੇ ਉਸ ਨੇ ਹੀ ਉਸ ਦੀ ਭੈਣ ਦਾ ਕਤਲ ਕੀਤਾ ਹੈ। ਇਸ ਲਈ ਉਸ ਨੂੰ ਸਖਤ ਤੋਂ ਸਖਤ ਸਜ਼ਾ ਹੋਣੀ ਚਾਹੀਦੀ ਹੈ। ਉਧਰ ਦੂਜੇ ਪਾਸੇ ਤਲਵੰਡੀ ਸਾਬੋ ਪੁਲਸ ਨੇ ਇਸ ਘਟਨਾ ਦਾ ਪਤਾ ਲੱਗਦੇ ਹੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਪਸਤਾਲ ਪਹੁੰਚਾਇਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮ੍ਰਿਤਕਾ ਦੇ ਭਰਾ ਦੇ ਬਿਆਨ 'ਤੇ ਪਤੀ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਥਿਤ ਦੋਸ਼ੀ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਏਗਾ।
ਕਰਜ਼ੇ ਦੀ ਬਲੀ ਚੜ੍ਹਿਆ ਇਕ ਹੋਰ ਕਿਸਾਨ
NEXT STORY