ਸਾਦਿਕ (ਪਰਮਜੀਤ) : ਇਥੋਂ ਥੋੜ੍ਹੀ ਦੂਰ ਪਿੰਡ ਬੀਹਲੇਵਾਲਾ ਦੇ ਨੌਜਵਾਨ ਅਧਿਆਪਕ ਅਮੋਲਕ ਸਿੰਘ ਪੁੱਤਰ ਰੇਸ਼ਮ ਸਿੰਘ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕੱਤਰ ਕੀਤੀ ਜਾਣਕਾਰੀ ਮੁਤਾਬਕ ਅਮੋਲਕ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਕ ਵਿਖੇ ਅਧਿਆਪਕ ਵਜੋਂ ਸੇਵਾ ਨਿਭਾਅ ਰਿਹਾ ਸੀ। ਸ਼ੁੱਕਰਵਾਰ ਸਵੇਰੇ ਉਹ ਕਾਰ ਲੈ ਕੇ ਆਪਣੇ ਖੇਤ 'ਚ ਚਲਾ ਗਿਆ, ਜਿੱਥੇ ਉਸ ਨੇ ਖੁਦ ਨੂੰ ਗੋਲੀ ਮਾਰ ਲਈ। ਕਾਫੀ ਦੇਰ ਬਾਅਦ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਪੁਲਸ ਨੂੰ ਸੂਚਿਤ ਕੀਤਾ ਗਿਆ। ਘਟਨਾ ਵਾਲੀ ਥਾਂ 'ਤੇ ਅਮਰਿੰਦਰ ਸਿੰਘ ਐਸ. ਐਚ. ਓ. ਸਾਦਿਕ ਪੁਲਸ ਪਾਰਟੀ ਸਮੇਤ ਪੁੱਜੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਗਿਆ। ਫਿਲਹਾਲ ਅਜੇ ਤੱਕ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕੁਆਰ ਹੀ ਸੀ। ਉਸ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਅਤੇ ਘਰ ਵਿਚ ਇਹੀ ਕਮਾਉਣ ਵਾਲਾ ਸੀ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਘਰੇਲੂ ਕਾਰਨਾਂ ਕਰਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ, ਜਦੋਂ ਕਿ ਉਸ ਦੀ ਮਾਂ ਅਤੇ ਭੈਣਾਂ ਉਸ ਨੂੰ ਹੌਂਸਲਾ ਦਿੰਦੀਆਂ ਰਹਿੰਦੀਆਂ ਹਨ। ਇਸ ਘਟਨਾ ਨਾਲ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਕੇਸ ਦੀ ਤਫਤੀਸ਼ ਏ. ਐਸ. ਆਈ. ਕਰਮਜੀਤ ਸਿੰਘ ਕਰ ਰਹੇ ਹਨ।
ਪਟਿਆਲਾ ਪੈੱਗ ਨੂੰ ਤਰਸਣਗੇ ਸ਼ਾਹੀ ਸ਼ਹਿਰ ਪਟਿਆਲਾ ਦੇ ਲੋਕ, ਰੱਦ ਹੋਈ ਠੇਕਿਆਂ ਦੀ ਬੋਲੀ
NEXT STORY